ਧਰਮ

ਵੈਸਾਖੀ ਦਾ ਦਿਨ ਜ਼ੁਲਮ, ਬੇਇਨਸਾਫ਼ੀ, ਵਿਤਕਰੇ, ਜਬਰ, ਝੂਠ, ਪਖੰਡ, ਅਨਿਆਂ,ਵਿਰੁੱਧ ਇਕ ਸੰਘਰਸ਼ ਦਾ ਬਿਗਲ-ਗੋਬਿੰਦ ਸਿੰਘ ਲੌਂਗੋਵਾਲ

April 13, 2020 02:17 PM

1699 ਦੀ ਵੈਸਾਖੀ ਦਾ ਦਿਨ ਦਸਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਸਾਜੇ ਖ਼ਾਲਸੇ ਕਾਰਨ ਦੁਨੀਆ ਦੇ ਇਤਿਹਾਸ ਅੰਦਰ ਇਕ ਨਿਵੇਕਲਾ ਅਧਿਆਇ ਸਿਰਜ ਗਿਆ। ਗੁਰੂ ਸਾਹਿਬ ਵਲੋਂ ਖ਼ਾਲਸਾ ਸਿਰਜਣਾ ਦੇ ਅਦੁੱਤੀ ਕਾਰਨਾਮੇ ਨੇ ਸਦੀਆਂ ਤੋਂ ਲਤਾੜੇ, ਗੁਲਾਮੀ ਵਾਲਾ ਜੀਵਨ ਜੀਅ ਰਹੇ ਲੋਕਾਂ ਨੂੰ ਆਤਮ ਵਿਸ਼ਵਾਸੀ ਬਣਾ ਕੇ ਅਰਸ਼ 'ਤੇ ਪਹੁੰਚਾ ਦਿੱਤਾ। ਜੇਕਰ ਇਹ ਆਖ ਲਈਏ ਕਿ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਨ 1699 ਦੀ ਵੈਸਾਖੀ ਦਾ ਦਿਨ ਜ਼ੁਲਮ, ਬੇਇਨਸਾਫ਼ੀ, ਵਿਤਕਰੇ, ਜਬਰ, ਝੂਠ, ਪਖੰਡ, ਅਨਿਆਂ ਆਦਿ ਵਿਰੁੱਧ ਇਕ ਸੰਘਰਸ਼ ਦਾ ਬਿਗਲ ਬਣਿਆ, ਤਾਂ ਇਸ ਵਿਚ ਕੋਈ ਅਤਿਕਥਨੀ ਨਹੀਂ ਹੋਵੇਗੀ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖ਼ਾਲਸੇ ਦੀ ਸਿਰਜਨਾ ਕਰ ਕੇ ਡਰੇ ਅਤੇ ਸਹਿਮੇ ਹੋਏ ਲੋਕ ਮਨਾਂ ਅੰਦਰ ਏਕਤਾ, ਕੁਰਬਾਨੀ, ਦਲੇਰੀ ਤੇ ਜ਼ੁਲਮ ਵਿਰੁੱਧ ਡਟਣ ਦੀ ਭਾਵਨਾ ਪੈਦਾ ਕੀਤੀ। ਉਨ੍ਹਾਂ ਨੇ ਸਾਰੀਆਂ ਜਾਤਾਂ ਤੇ ਵਰਗਾਂ ਦੇ ਲੋਕਾਂ ਨੂੰ ਏਕਤਾ ਦੇ ਸੂਤਰ ਵਿਚ ਪਰੋ ਲੈਣ ਦਾ ਅਦੁੱਤੀ ਤੇ ਮਹਾਨ ਕਾਰਜ ਕੀਤਾ। ਖ਼ਾਲਸਾ ਪੰਥ ਦੀ ਸਿਰਜਣਾ ਕਰਨ ਸਮੇਂ ਉਨ੍ਹਾਂ ਨੇ ਪੰਜ ਪਿਆਰਿਆਂ ਵਿਚ ਭਿੰਨ-ਭਿੰਨ ਜਾਤਾਂ ਦੇ ਲੋਕਾਂ ਨੂੰ ਸ਼ਾਮਿਲ ਕੀਤਾ। 'ਮਾਨਸ ਕੀ ਜਾਤ ਸਬੈ ਏਕੈ ਪਹਿਚਾਨਬੋ' ਦੇ ਸਿਧਾਂਤ ਨੂੰ ਅਮਲ ਵਿਚ ਲਿਆ ਕੇ ਪੰਜਾਂ ਪਿਆਰਿਆਂ ਨੂੰ ਇਕੋ ਹੀ ਬਾਟੇ 'ਚੋਂ ਅੰਮ੍ਰਿਤ ਛਕਾਇਆ ਅਤੇ ਊਚ-ਨੀਚ ਤੇ ਇਲਾਕਿਆਂ ਦਾ ਭੇਦ-ਭਾਵ ਮਿਟਾ ਕੇ ਲਿਤਾੜੀ ਤੇ ਨਿਮਾਣੀ ਕੌਮ ਦੇ ਲੋਕਾਂ ਵਿਚ ਅਜਿਹੀ ਸ਼ਕਤੀ ਦਾ ਸੰਚਾਰ ਕੀਤਾ ਕਿ ਉਹ ਗਿੱਦੜਾਂ ਤੋਂ ਸ਼ੇਰ ਬਣ ਸਵਾ-ਸਵਾ ਲੱਖ ਅੱਤਿਆਚਾਰੀਆਂ ਨਾਲ ਟੱਕਰ ਲੈਣ ਦੇ ਸਮਰੱਥ ਬਣ ਗਏ। ਉਨ੍ਹਾਂ ਨੇ ਏਕਤਾ, ਸਮਾਨਤਾ ਤੇ ਨਿਆਂ ਦਾ ਝੰਡਾ ਬੁਲੰਦ ਰੱਖਣ ਲਈ ਸਮੇਂ ਦੀ ਵੱਡੀ ਤੋਂ ਵੱਡੀ ਤਾਕਤ ਨਾਲ ਟੱਕਰ ਵੀ ਲਈ।
ਦਸਮ ਪਾਤਸ਼ਾਹ ਨੇ 'ਭੈ ਕਾਹੂ ਕਉ ਦੇਤ ਨਹਿ, ਨਹਿ ਭੈ ਮਾਨਤ ਆਨ' ਦੇ ਮਹਾਨ ਸਿਧਾਂਤ ਨੂੰ ਸਨਮੁੱਖ ਰੱਖਦਿਆਂ ਇਹੀ ਜਜ਼ਬਾ ਪੂਰੇ ਖ਼ਾਲਸਾ ਪੰਥ ਵਿਚ ਭਰਿਆ।
ਪ੍ਰੋ: ਪਿਆਰਾ ਸਿੰਘ ਪਦਮ ਅਨੁਸਾਰ 'ਸ੍ਰੀ ਗੁਰੂ ਗੋਬਿੰਦ ਸਿੰਘ ਤਾਂ ਇਸ ਲਈ ਵਾਹ-ਵਾਹ ਦੇ ਯੋਗ ਹੋਏ ਕਿਉਂਕਿ ਉਨ੍ਹਾਂ ਨੇ ਦੱਬੇ-ਕੁਚਲੇ ਲੋਕਾਂ ਨੂੰ ਸਿੰਘਾਸਨ 'ਤੇ ਬਿਠਾਇਆ ਤੇ ਉਜਲੇ ਮੁੱਖ ਵਾਲੇ ਤੇ ਸਰਬੱਤ ਦੇ ਰਾਖੇ ਬਣਾਇਆ। ਮਨੁੱਖ ਦੀ ਬਾਹਰਲੀ ਜੋਤਿ ਨੂੰ ਜਗਾ ਕੇ ਅੰਧਕਾਰੀ ਸੰਸਾਰ ਨੂੰ ਜਗਮਗਾ ਦੇਣਾ, ਉਸ ਦੀ ਮਹਾਨ ਸ਼ਕਤੀ ਸੀ।'
ਗੁਰੂ ਸਾਹਿਬ ਜੀ ਨੇ ਖ਼ਾਲਸੇ ਦੀ ਸਿਰਜਣਾ ਕਰਕੇ ਇਸ ਦੀ ਰਹਿਣੀ ਵੀ ਦੁਨੀਆ ਨਾਲੋਂ ਨਿਰਾਲੀ ਬਖਸ਼ਿਸ਼ ਕੀਤੀ। ਖ਼ਾਲਸੇ ਦਾ ਅਰਥ ਸ਼ੁੱਧ, ਨਿਰਮਲ ਅਤੇ ਬਿਨਾਂ ਮਿਲਾਵਟ ਤੋਂ ਹੈ। ਖ਼ਾਲਸਾ ਝੂਠ, ਬੇਈਮਾਨੀ, ਵਲ਼ ਫਰੇਬ ਤੋਂ ਦੂਰ ਮਨੁੱਖਤਾ ਦਾ ਹਮਦਰਦ ਹੈ। ਖ਼ਾਲਸਾ ਇਕ ਅਕਾਲ ਪੁਰਖ ਦਾ ਪੁਜਾਰੀ ਹੈ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਆਪਣੀ ਬਾਣੀ ਵਿਚ ਖ਼ਾਲਸੇ ਦੀ ਮਹਿਮਾ ਕਰਦੇ ਹੋਏ ਫੁਰਮਾਨ ਕਰਦੇ ਹਨ:
ਜੁੱਧ ਜਿਤੇ ਇਨਹੀ ਕੇ ਪ੍ਰਸਾਦਿ ਇਨਹੀ ਕੇ ਪ੍ਰਸਾਦਿ ਸੁ ਦਾਨ ਕਰੇ॥
ਅਘ ਅਉਘ ਟਰੈ ਇਨਹੀ ਕੇ ਪ੍ਰਸਾਦਿ
ਇਨਹੀ ਕੀ ਕ੍ਰਿਪਾ ਫੁਨ ਧਾਮ ਭਰੇ॥
ਇਨਹੀ ਕੇ ਪ੍ਰਸਾਦਿ ਸੁ ਬਿਦਿਆ ਲਈ
ਇਨਹੀ ਕੀ ਕ੍ਰਿਪਾ ਸਭ ਸਤ੍ਰ ਮਰੇ॥
ਇਨਹੀ ਕੀ ਕ੍ਰਿਪਾ ਕੇ ਸਜੇ ਹਮ ਹੈਂ
ਨਹੀ ਮੋ ਸੇ ਗਰੀਬ ਕਰੋਰ ਪਰੇ॥
ਸੋ ਖ਼ਾਲਸਾ ਸਿਰਜਣਾ ਦਿਵਸ ਗੁਰੂ ਆਸ਼ੇ ਅਨੁਸਾਰੀ ਹੋ ਕੇ ਜੀਵਨ ਜਿਊਣ ਦੀ ਪ੍ਰੇਰਨਾ ਵਜੋਂ ਹੈ। ਅੰਤ ਵਿਚ ਸੰਗਤਾਂ ਨੂੰ ਮੇਰੀ ਅਪੀਲ ਹੈ ਕਿ ਇਸ ਵਾਰ ਖ਼ਾਲਸਾ ਪੰਥ ਦੀ ਸਿਰਜਣਾ ਦਾ ਦਿਹਾੜਾ ਮਨਾਉਣ ਸਮੇਂ ਸਾਨੂੰ ਕੁਝ ਸੰਕੋਚ ਕੇ ਚੱਲਣਾ ਪਵੇਗਾ। ਇਹ ਸਮੇਂ ਪੂਰਾ ਵਿਸ਼ਵ ਕੋਰੋਨਾ ਮਹਾਂਮਾਰੀ ਦਾ ਮੁਕਾਬਲਾ ਕਰ ਰਿਹਾ ਹੈ। ਇਸ ਨੂੰ ਲੈ ਕੇ ਅਸੀਂ ਸਭ ਘਰਾਂ ਅੰਦਰ ਬੈਠੇ ਹੋਏ ਹਾਂ। ਇਸ ਸਮੇਂ ਖਲਾਸਾ ਸਾਜਨਾ ਸਬੰਧੀ ਹੋਣ ਵਾਲੇ ਗੁਰਮਤਿ ਸਮਾਗਮਾਂ ਦੌਰਾਨ ਕੇਵਲ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਹੀ ਪਾਏ ਜਾਣਗੇ। ਕੁਝ ਸਮਾਂ ਗੁਰਬਾਣੀ ਕੀਰਤਨ ਹੋਵੇਗਾ ਪਰੰਤੂ ਸੰਗਤਾਂ ਦੇ ਇਕੱਠ ਨਹੀਂ ਹੋਣਗੇ। ਇਸ ਸਮੇਂ ਅਸੀਂ ਗੁਰੂ ਸਾਹਿਬ ਨੂੰ ਆਪਣੀ ਸ਼ਰਧਾ ਆਪੋ ਆਪਣੇ ਘਰਾਂ ਅੰਦਰ ਰਹਿ ਕੇ ਹੀ ਪ੍ਰਗਟਾਉਣੀ ਹੈ।

Have something to say? Post your comment

 

ਧਰਮ

ਸ੍ਰੀ ਹੇਮਕੁੰਟ ਸਾਹਿਬ ਜੀ ਦੀ ਯਾਤਰਾ ਤੇ ਜਾਣ ਵਾਲੇ ਸਰਧਾਲੂ ਇਨ੍ਹਾਂ ਸਥਾਨਾਂ ਅਤੇ ਦਰਿਆਵਾਂ ਦੀ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ : ਮਾਨ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਭਗਤ ਧੰਨਾ ਜੀ ਦਾ ਜਨਮ ਦਿਹਾੜਾ

ਬਨਵਾਰੀ ਲਾਲ ਪੁਰੋਹਿਤ ਨੇ ਰਾਮ ਨੌਮੀ ਮੌਕੇ ਲੋਕਾਂ ਨੂੰ ਦਿੱਤੀ ਵਧਾਈ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਦੇ ਸਮਾਗਮ ਪੰਥਕ ਰਵਾਇਤਾਂ ਅਨੁਸਾਰ ਸ਼ੁਰੂ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਣਾ ਦਿਵਸ ਦੀ ਦਿੱਤੀ ਵਧਾਈ

ਗੁਰੂ ਨਾਨਕ ਸਾਹਿਬ ਦੀਆਂ ਸਿੱਖਿਆਵਾਂ ਹੀ ਪੂਰੀ ਦੁਨੀਆਂ ਦਾ ਭਲਾ ਕਰ ਸਕਦੀਆਂ ਹਨ-ਮਾਸਟਰ ਰਾਜੇਸ਼

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਗੁਰਗੱਦੀ ਦਿਵਸ

ਪੰਜਾਬ ਦੇ ਰਾਜਪਾਲ ਨੇ ਗੁੱਡ ਫਰਾਈਡੇ ਮੌਕੇ ਯਿਸੂ ਮਸੀਹ ਨੂੰ ਕੀਤਾ ਯਾਦ

ਨਕਲੀ ਸ਼ਰਾਬ ਪੀਣ ਕਾਰਨ ਬਿਮਾਰ ਹੋਏ 27 ਮਰੀਜ਼ ਸਿਹਤਯਾਬ ਹੋ ਕੇ ਘਰਾਂ ਨੂੰ ਪਰਤੇ : ਡਿਪਟੀ ਕਮਿਸ਼ਨਰ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਆਰੰਭ