ਪੰਜਾਬ

ਮੁੱਖ ਸਕੱਤਰ ਵੱਲੋਂ ਸੰਭਾਵੀ ਮਾਈਨਿੰਗ ਥਾਵਾਂ ਸਬੰਧੀ ਜ਼ਿਲ੍ਹਾ ਸਰਵੇਖਣ ਰਿਪੋਰਟਾਂ ਤੁਰੰਤ ਮੁਕੰਮਲ ਕਰਨ ਦੀਆਂ ਹਦਾਇਤਾਂ

ਕੌਮੀ ਮਾਰਗ ਬਿਊਰੋ | September 23, 2022 07:12 PM

ਚੰਡੀਗੜ੍ਹ- ਪੰਜਾਬ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨੇ ਅੱਜ ਸੂਬੇ ਦੇ ਡਿਪਟੀ ਕਮਿਸ਼ਨਰਾਂ ਨੂੰ ਮਾਈਨਿੰਗ ਵਾਲੀਆਂ ਸੰਭਾਵੀ ਥਾਵਾਂ ਸਬੰਧੀ ਜ਼ਿਲ੍ਹਾ ਸਰਵੇਖਣ ਰਿਪੋਰਟਾਂ ਨੂੰ ਤੁਰੰਤ ਮੁਕੰਮਲ ਕਰਨ ਦੀ ਹਦਾਇਤ ਦਿੱਤੀ।

ਸਮੂਹ ਡਿਪਟੀ ਕਮਿਸ਼ਨਰਾਂ ਨਾਲ ਵੀਡੀਉ ਕਾਨਫ਼ਰੰਸਿੰਗ ਦੌਰਾਨ ਮੁੱਖ ਸਕੱਤਰ ਨੇ ਦੱਸਿਆ ਕਿ ਸੂਬੇ ਵਿੱਚ ਹੁਣ ਤੱਕ ਮਾਈਨਿੰਗ ਲਈ 858 ਸੰਭਾਵੀ ਥਾਵਾਂ ਦੀ ਸ਼ਨਾਖ਼ਤ ਕੀਤੀ ਗਈ ਹੈ ਅਤੇ ਇਨ੍ਹਾਂ ਥਾਵਾਂ ਨੂੰ ਪੁਖ਼ਤਾ ਕਰਨ ਲਈ ਸਬ-ਡਿਵੀਜ਼ਨਲ ਮੁਲਾਂਕਣ ਕਮੇਟੀਆਂ ਵੱਲੋਂ ਦੌਰਾ ਕਰਨਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 542 ਥਾਵਾਂ ਦਾ ਮੁਲਾਂਕਣ ਤਾਂ ਕਰ ਲਿਆ ਗਿਆ ਹੈ ਪਰ 316 ਥਾਵਾਂ ਹਾਲੇ ਵੀ ਬਾਕੀ ਹਨ। ਇਸ ਲਈ ਸਬੰਧਤ ਡਿਪਟੀ ਕਮਿਸ਼ਨਰ ਛੇਤੀ ਤੋਂ ਛੇਤੀ ਇਨ੍ਹਾਂ ਥਾਵਾਂ ਦਾ ਦੌਰਾ ਕਰਨ ਅਤੇ ਮਾਨਸੂਨ ਤੋਂ ਬਾਅਦ ਦੀ ਸਥਿਤੀ ਦਾ ਡੇਟਾ ਤਿਆਰ ਕਰਕੇ ਮੁਕੰਮਲ ਰਿਪੋਰਟ ਮਾਈਨਿੰਗ ਵਿਭਾਗ ਨੂੰ ਭੇਜਣ ਕਿਉਂ ਜੋ ਉਸ ਉਪਰੰਤ ਹੋਰ ਪਾਰਦਰਸ਼ਤਾ ਲਈ ਇਸ ਡੇਟਾ ਨੂੰ ਲੋਕਾਂ ਦੀ ਸਹੂਲਤ ਲਈ ਆਨਲਾਈਨ ਉਪਲਬਧ ਕਰਵਾਇਆ ਜਾਣਾ ਹੈ।

ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕਾਰਵਾਈ ਦੀ ਸਮੀਖਿਆ ਕਰਦਿਆਂ ਸ੍ਰੀ ਜੰਜੂਆ ਨੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਕਿ ਗ਼ੈਰ-ਕਾਨੂੰਨੀ ਮਾਈਨਿੰਗ ਸਬੰਧੀ ਦਰਜ ਮਾਮਲਿਆਂ ਵਿੱਚ ਚੋਰੀ ਅਤੇ ਮਾਈਨਿੰਗ ਐਕਟ ਦੀਆਂ ਧਾਰਾਵਾਂ ਜੋੜਨੀਆਂ ਅਤੇ ਇਨ੍ਹਾਂ ਮਾਮਲਿਆਂ 'ਤੇ ਅਗਲੇਰੀ ਕਾਰਵਾਈ ਯਕੀਨੀ ਬਣਾਉਣ ਲਈ ਇਨ੍ਹਾਂ ਨੂੰ ਅਦਾਲਤਾਂ ਤੱਕ ਪੁੱਜਦਾ ਕਰਨ ਲਈ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਉਨ੍ਹਾਂ ਦੱਸਿਆ ਕਿ 15 ਅਪ੍ਰੈਲ ਤੋਂ ਹੁਣ ਤੱਕ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ 447 ਐਫ਼.ਆਈ.ਆਰ. ਦਰਜ ਕਰਕੇ 421 ਅਨਸਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜਦਕਿ 515 ਵਾਹਨ ਜ਼ਬਤ ਕੀਤੇ ਗਏ ਹਨ।

ਉਨ੍ਹਾਂ ਕਿਹਾ ਕਿ ਗ਼ੈਰ-ਕਾਨੂੰਨੀ ਮਾਈਨਿੰਗ 'ਤੇ ਛਾਪਾਮਾਰੀ ਦੌਰਾਨ ਜ਼ਬਤ ਕੀਤੇ ਗਏ ਵਾਹਨਾਂ ਅਤੇ ਹੋਰ ਸਾਮਾਨ ਦੀ ਬੋਲੀ ਕਰਵਾਈ ਜਾਵੇ ਅਤੇ ਬਣਦੀ ਰਕਮ ਖ਼ਜ਼ਾਨੇ ਵਿੱਚ ਜਮ੍ਹਾ ਕਰਵਾਈ ਜਾਵੇ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਗ਼ੈਰ-ਕਾਨੂੰਨੀ ਮਾਈਨਿੰਗ ਦੇ ਮਾਮਲਿਆਂ ਵਿੱਚ ਨਿਸ਼ਾਨਦੇਹੀ ਵਿੱਚ ਦੇਰੀ ਨਾਲ ਰਿਕਵਰੀ ਵਿੱਚ ਦੇਰੀ ਹੁੰਦੀ ਹੈ, ਇਸ ਲਈ ਸਮਾਂਬੱਧ ਤਰੀਕੇ ਨਾਲ ਨਿਸ਼ਾਨਦੇਹੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਜ਼ਬਤ ਵਾਹਨਾਂ 'ਤੇ ਐਨ.ਜੀ.ਟੀ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜੁਰਮਾਨਾ ਲਾਇਆ ਜਾਵੇ।

ਮੁੱਖ ਸਕੱਤਰ ਨੇ ਡਿਪਟੀ ਕਮਿਸ਼ਨਰਾਂ ਨੂੰ ਜ਼ਿਲ੍ਹਾ ਪੱਧਰੀ ਮੀਟਿੰਗਾਂ ਦੌਰਾਨ ਲੈਂਡ ਰੈਵੇਨਿਊ ਦੇ ਬਕਾਏ ਦੀ ਰਿਕਵਰੀ ਬਾਰੇ ਕਾਰਵਾਈ ਅਮਲ ਵਿੱਚ ਲਿਆਉਣ ਲਈ ਆਖਦਿਆਂ ਕਿਹਾ ਕਿ ਅਜਿਹਾ ਮਾਮਲਿਆਂ ਵਿੱਚ ਸਰਕਾਰ ਵੱਲ 111 ਕਰੋੜ ਰੁਪਏ ਬਕਾਇਆ ਹਨ, ਜਿਨ੍ਹਾਂ ਦੀ ਤੁਰੰਤ ਰਿਕਵਰੀ ਯਕੀਨੀ ਬਣਾਈ ਜਾਵੇ।

ਇਸੇ ਤਰ੍ਹਾਂ ਜ਼ਿਲ੍ਹਿਆਂ ਦੇ ਜਲ ਸੰਭਾਲ ਦੇ ਪ੍ਰਾਜੈਕਟਾਂ ਦੀ ਸਮੀਖਿਆ ਦੌਰਾਨ ਮੁੱਖ ਸਕੱਤਰ ਨੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਜਲ ਸੰਭਾਲ ਦੇ ਪ੍ਰਾਜੈਕਟਾਂ ਨੂੰ ਤੁਰੰਤ ਮਨਜ਼ੂਰੀ ਦੇਣ। ਉਨ੍ਹਾਂ ਕਿਹਾ ਕਿ ਖ਼ਾਸਕਰ ਜ਼ਮੀਨ ਹੇਠਲੇ ਪਾਣੀ ਨੂੰ ਰਿਚਾਰਜ ਕਰਨ ਸਬੰਧੀ ਸਕੀਮਾਂ ਨੂੰ ਪਹਿਲ ਦੇ ਆਧਾਰ 'ਤੇ ਸ਼ੁਰੂ ਕਰਵਾਇਆ ਜਾਵੇ। ਮੁੱਖ ਸਕੱਤਰ ਨੇ ਡਰੇਨੇਜ ਪ੍ਰਾਜੈਕਟਾਂ ਸਬੰਧੀ ਡਿਪਟੀ ਕਮਿਸ਼ਨਰਾਂ ਨੂੰ ਪ੍ਰਾਜੈਕਟ ਕੇਂਦਰਤ ਰਿਪੋਰਟਾਂ ਭੇਜਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਇਨ੍ਹਾਂ ਰਿਪੋਰਟਾਂ ਪਿੱਛੋਂ ਹੀ ਸਬੰਧਤ ਠੇਕੇਦਾਰ ਨੂੰ ਅਦਾਇਗੀ ਕੀਤੀ ਜਾਵੇ। ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਦਰਿਆਵਾਂ ਤੇ ਨਹਿਰਾਂ ਵਿੱਚ ਪ੍ਰਦੂਸ਼ਣ ਦੀ ਰੋਕਥਾਮ ਯਕੀਨੀ ਬਣਾਉਣ ਲਈ ਵੀ ਸਖ਼ਤ ਨਿਰਦੇਸ਼ ਦਿੱਤੇ ਅਤੇ ਕਿਹਾ ਕਿ ਘਰੇਲੂ ਰਹਿੰਦ-ਖੂੰਹਦ, ਮਿਊਂਸੀਪਲ ਸੀਵਰੇਜ, ਡੇਅਰੀ ਵੇਸਟ, ਐਸ.ਟੀ.ਪੀ. ਦਾ ਵੇਸਟ ਪਾਣੀ ਅਤੇ ਸਨਅਤੀ ਵੇਸਟ ਆਦਿ ਦੇ ਪ੍ਰਦੂਸ਼ਣ ਨੂੰ ਦਰਿਆਵਾਂ ਅਤੇ ਨਹਿਰਾਂ ਅਤੇ ਵਿੱਚ ਨਾ ਪੈਣ ਦਿੱਤਾ ਜਾਵੇ।

ਨਹਿਰੀ ਪਾਣੀ ਦੀ ਚੋਰੀ ਸਬੰਧੀ ਮਾਮਲਿਆਂ ਦੀ ਸਮੀਖਿਆ ਦੌਰਾਨ ਮੁੱਖ ਸਕੱਤਰ ਨੇ ਅਜਿਹੇ ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ ਕਰਨ ਅਤੇ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਉਣ ਸਬੰਧੀ ਹਦਾਇਤ ਕੀਤੀ।

Have something to say? Post your comment

 

ਪੰਜਾਬ

ਸ੍ਰੀ ਦਰਬਾਰ ਸਾਹਿਬ ਸਮੂੰਹ ਵਿਚ ਲਗੀਆਂ ਛਬੀਲਾਂ ਦੇ ਐਨ ਨਾਲ ਲਗਾਏ ਸਟਾਲਾਂ ਤੇ ਵਿਕਦਾ ਪਾਣੀ ਜਲ ਛਕਾਉਣ ਦੀ ਪ੍ਰਪਰਾ ਨੂੰ ਮੂੰਹ ਚਿੜਾ ਰਿਹਾ..???

ਚੰਡੀਗੜ੍ਹ 'ਚ ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਲ

ਉਹਨਾਂ ਵਿਚੋਂ ਚੁਣੇ ਜਿਹੜੇ ਤੁਹਾਡੇ ਨਾਲ ਰਹਿੰਦੇ ਹਨ ਜਾਂ ਫਿਰ ਬਾਹਰਲੇ ਜਿਹੜੇ ਪੰਜਾਬ ਆ ਕੇ ਲੁੱਟ ਖਸੁੱਟ ਮਚਾਉਂਦੇ ਹਨ- ਸੁਖਬੀਰ ਸਿੰਘ ਬਾਦਲ

ਜਾਖੜ ਨੇ ਚੋਣ ਕਮਿਸ਼ਨ ਨੂੰ 'ਆਪ' ਦੇ ਦੋ ਵਿਧਾਇਕਾਂ ਵੱਲੋਂ 25 ਕਰੋੜ ਰੁਪਏ ਦੀ ਪੇਸ਼ਕਸ਼ ਦੇ ਦੋਸ਼ਾਂ ਦੀ ਜਾਂਚ ਕਰਨ ਦੀ ਕੀਤੀ ਅਪੀਲ

ਚੋਣਾਂ ਵਿੱਚ ਧੋਖੇਬਾਜਾਂ ਨੂੰ ਲੋਕ ਦੇਣਗੇ ਮੋੜਵਾਂ ਜਵਾਬ - ਬਰਸਟ

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਹਾਸਲ ਕੀਤੇ

ਉਘੇ ਲੇਖਕ ਤੇ ਐਸ.ਡੀ.ਓ.ਭੁਪਿੰਦਰ ਸੰਧੂ ਦਾ ਸੇਵਾ ਮੁਕਤੀ ਮੌਕੇ ਸਨਮਾਨ

ਜ਼ਿਲ੍ਹਾ ਸੰਗਰੂਰ ਵਿਚ ਕਣਕ ਦੀ ਖਰੀਦ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੱਖ-ਵੱਖ ਸੈਕਟਰ ਅਫ਼ਸਰ ਤਾਇਨਾਤ 

ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਬੱਚੀ ਨੇ ਜਨਮ ਲਿਆ

ਅਮਰੂਦ ਦੇ ਬਾਗਾਂ ਦੇ ਮੁਆਵਜ਼ੇ ਘੁਟਾਲੇ ਦੇ ਮਾਮਲੇ 'ਚ ਈਡੀ ਦੀ ਪੰਜਾਬ 'ਚ ਤਲਾਸ਼ੀ