ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਕਮੇਟੀ ਵੱਲੋਂ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦੇ ਅਧਿਆਪਕਾਂ ਦੇ ਹਿੱਤਾਂ ਪੂਰਨ ਦਾ ਫੈਸਲਾ ਲਿਆ ਗਿਆ ਹੈ ਤੇ ਇਸ ਮਾਮਲੇ ਵਿਚ ਅਦਾਲਤ ਵਿਚ ਦਾਇਰ ਅਰਜ਼ੀ ’ਤੇ ਅਧਿਆਪਕਾਂ ਦੇ ਹੱਕ ਵਿਚ ਹਲਫੀਆ ਬਿਆਨ ਦਾਇਰ ਕਰੇਗੀ।
ਅੱਜ ਇਥੇ ਕਮੇਟੀ ਦੀ ਕਾਰਜਕਾਰਨੀ ਦੀ ਮੀਟਿੰਗ ਮਗਰੋਂ ਜਾਰੀ ਬਿਆਨ ਵਿਚ ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਕਿਹਾ ਕਿ ਮੀਟਿੰਗ ਵਿਚ ਕਮੇਟੀ ਦੇ ਪਿਛਲੇ ਖਰਚੇ ’ਤੇ ਮੋਹਰ ਲਗਾਈ ਗਈ। ਉਹਨਾਂ ਕਿਹਾ ਕਿ ਇਸਦੇ ਨਾਲ ਹੀ ਅਗਲੇ ਖਰਚੇ ਲਈ ਪ੍ਰਵਾਨਗੀ ਦਿੱਤੀ ਗਈ।
ਉਹਨਾਂ ਦੱਸਿਆ ਕਿ ਇਸ ਮੀਟਿੰਗ ਵਿਚ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਅਤੇ ਉਹਨਾਂ ਦੇ ਸਟਾਫ ਦੇ ਆਰਥਿਕ ਹਾਲਾਤ ਤੇ ਉਹਨਾਂ ਦੇ ਅਧਿਕਾਰਾਂ ’ਤੇ ਵਿਸਥਾਰ ਵਿਚ ਚਰਚਾ ਕੀਤੀ ਗਈ। ਇਹ ਫੈਸਲਾ ਲਿਆ ਗਿਆ ਕਿ ਅਧਿਆਪਕਾਂ ਦੀਆਂ ਤਨਖਾਹਾਂ ਜਾਂ ਬਕਾਏ ਦੇ ਮਾਮਲੇ ਵਿਚ ਅਦਾਲਤ ਵਿਚ ਅਧਿਆਪਕਾਂ ਦੇ ਹੱਕ ਵਿਚ ਹਲਫੀਆ ਬਿਆਨ ਦਾਇਰ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਨੂੰ ਪੈਰਾ ਸਿਰ ਕਰਨ ਵਾਸਤੇ ਲੋੜੀਂਦੇ ਸਾਰੇ ਕਦਮ ਚੁੱਕੇ ਜਾਣਗੇ। ਉਹਨਾਂ ਕਿਹਾ ਕਿ ਇਹ ਸਕੂਲ ਕੌਮ ਦੇ ਅਹਿਮ ਅਦਾਰੇ ਹਨ ਜਿਹਨਾਂ ਦੀ ਮਜ਼ਬੂਤੀ ਨਾਲ ਹੀ ਸਿੱਖ ਬੱਚਿਆਂ ਨੂੰ ਗੁਰਸਿੱਖੀ ਜੀਵਨ ਜਾਚ ਨਾਲ ਜੋੜਿਆ ਜਾ ਸਕਦਾ ਹੈ।
ਮੀਟਿੰਗ ਵਿਚ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਹਰਵਿੰਦਰ ਸਿੰਘ ਕੇ ਪੀ, ਮੀਤ ਪ੍ਰਧਾਨ ਆਤਮਾ ਸਿੰਘ ਲੁਬਾਣਾ, ਭੁਪਿੰਦਰ ਸਿੰਘ ਭੁੱਲਰ, ਗੁਰਮੀਤ ਸਿੰਘ ਭਾਟੀਆ, ਅਮਰਜੀਤ ਸਿੰਘ ਪੱਪੂ, ਬੀਬੀ ਰਣਜੀਤ ਕੌਰ, ਸਰਬਜੀਤ ਸਿੰਘ ਵਿਰਕ, ਸੁਰਜੀਤ ਸਿੰਘ ਜੀਤੀ, ਬਲਬੀਰ ਸਿੰਘ ਵਿਵੇਕ ਵਿਹਾਰ, ਅਮਰਜੀਤ ਸਿੰਘ ਪਿੰਕੀ ਸਮੇਤ ਹੋਰ ਪਤਵੰਤੇ ਹਾਜ਼ਰ ਸਨ।