ਜਿਨਸੀ ਸੋਸ਼ਣ ਦੇ ਦੋਸ਼ੀ ਬੀਜੇਪੀ ਆਗੂ ਬ੍ਰਿਜ ਭੂਸ਼ਨ ਦੀ ਗ੍ਰਿਫ਼ਤਾਰੀ ਦੀ ਮੰਗ ਲਈ ਦਿੱਲੀ ਵਿੱਚ ਪ੍ਰਦਰਸ਼ਨ ਕਰ ਰਹੀਆਂ ਮਹਿਲਾ ਪਹਿਲਵਾਨਾਂ ਤੇ ਦਿੱਲੀ ਪੁਲਿਸ ਵੱਲੋਂ ਤਸ਼ੱਦਦ ਕਰਨ ਦੇ ਰੋਸ਼ ਵਜੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਸੰਗਰੂਰ ਦਾਣਾ ਮੰਡੀ ਵਿਖੇ ਇਕੱਠੇ ਹੋਕੇ ਕਿਸਾਨ ਜਥੇਬੰਦੀਆਂ ਨੇ ਡੀਸੀ ਦਫ਼ਤਰ ਤਕ ਰੋਸ ਮੁਜ਼ਾਹਰਾ ਕਰਦੇ ਹੋਏ ਬ੍ਰਿਜ ਭੂਸ਼ਨ ਦਾ ਪੁਤਲਾ ਫੂਕ ਕੇ ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਪਹਿਲਵਾਨਾਂ ਤੇ ਪਾਏ ਝੂਠੇ ਪਰਚੇ ਰੱਦ ਕਰਨ ਦੀ ਮੰਗ ਕੀਤੀ। ਅੱਜ ਦੇ ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਯੂਨੀਅਨ ਦੇ ਸੂਬਾ ਆਗੂ ਭੁਪਿੰਦਰ ਸਿੰਘ ਲੌਂਗੋਵਾਲ, ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਆਗੂ ਉਧਮ ਸਿੰਘ ਸੰਤੋਖਪੁਰਾ, ਪੰਜਾਬ ਕਿਸਾਨ ਯੂਨੀਅਨ ਦੇ ਜਿਲ੍ਹਾ ਸਕੱਤਰ ਸਵਰਨ ਸਿੰਘ, ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਜ਼ਿਲਾ ਆਗੂ ਅਮਰੀਕ ਸਿੰਘ ਕਾਂਝਲਾ, ਬੀਕੇਯੂ ਡਕੌਂਦਾ ਦੇ ਆਗੂ ਮੇਵਾ ਸਿੰਘ ਦੁੱਗਾਂ, ਕੁੱਲ ਹਿੰਦ ਕਿਸਾਨ ਸਭਾ ਅਜੇ ਭਵਨ ਦੇ ਮੁਹੰਮਦ ਖਲੀਲ, ਜਮਹੂਰੀ ਅਧਿਕਾਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਸਵਰਨਜੀਤ ਸਿੰਘ, ਪੰਜਾਬ ਜਮੂਹਰੀ ਮੋਰਚੇ ਦੇ ਆਗੂ ਬਹਾਲ ਸਿੰਘ ਬੇਨੜਾ, ਡੈਮੋਕਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ ਨੇ ਕਿਹਾ ਕਿ ਬੀਜੇਪੀ ਹਕੂਮਤ ਲਗਾਤਾਰ ਆਪਣੇ ਫਾਸੀਵਾਦੀ ਅਜੰਡੇ ਨੂੰ ਲਾਗੂ ਕਰਦਿਆਂ ਘੱਟ ਗਿਣਤੀਆਂ, ਔਰਤਾਂ ਤੇ ਜੁਲਮ ਕਰ ਰਹੀ ਹੈ, ਇਸਦੇ ਸੰਸਦ ਮੈਂਬਰ ਬ੍ਰਿਜ ਭੂਸ਼ਨ ਤੇ ਜਿਣਸੀ ਸੋਸ਼ਣ ਦੇ ਦੋਸ਼ ਲੱਗੇ ਹੋਣ ਦੇ ਬਾਵਜੂਦ ਉਸ ਨੂੰ ਅਹੁਦਿਆਂ ਨਾਲ ਨਿਵਾਜਿਆ ਜਾ ਰਿਹਾ ਹੈ ਤੇ ਪੀੜਤ ਮਹਿਲਾਵਾਂ ਤੇ ਅਤਿਆਚਾਰ ਕੀਤਾ ਜਾ ਰਿਹਾ ਹੈ। ਦੇਸ਼ ਦੇ ਲੋਕ ਧਰਮ ਨਿਰਪੱਖ ਅਤੇ ਬਰਾਬਰਤਾ ਵਾਲਾ ਸਮਾਜ ਚਾਹੁੰਦੇ ਹਨ, ਇਸ ਤਰਾਂ ਦੀ ਗੁੰਡਾਗਰਦੀ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਤਿੱਖਾ ਕੀਤਾ ਜਾਵੇਗਾ। ਆਗੂਆਂ ਨੇ ਆਉਣ ਵਾਲੀ 5 ਜੂਨ ਨੂੰ ਪਿੰਡ-ਪਿੰਡ ਬ੍ਰਿਜ ਭੂਸ਼ਨ ਦੇ ਪੁਤਲੇ ਫੂਕਣ ਦਾ ਸੱਦਾ ਦਿੱਤਾ।
ਅੱਜ ਦੇ ਰੋਸ ਧਰਨੇ ਨੂੰ ਕਿਰਤੀ ਕਿਸਾਨ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਜਰਨੈਲ ਸਿੰਘ ਜਹਾਂਗੀਰ, ਕੁਲਦੀਪ ਸਿੰਘ, ਦਰਸ਼ਨ ਸਿੰਘ ਕੁੰਨਰਾਂ, ਤਰਕਸ਼ੀਲ ਸੁਸਾਇਟੀ ਦੇ ਆਗੂ ਮਾਸਟਰ ਪਰਮ ਵੇਦ, ਸੀਤਾ ਰਾਮ ਆਦਿ ਜੀ ਨੇ ਵੀ ਸੰਬੋਧਨ ਕੀਤਾ।