ਦਿੱਲੀ- ਗੈਂਗਸਟਰ ਗੋਲਡੀ ਬਰਾੜ ਵੱਲੋਂ ਕਥਿਤ ਤੌਰ 'ਤੇ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਤੋਂ ਬਾਅਦ ਗਾਇਕ ਅਤੇ ਰੈਪਰ ਯੋ ਯੋ ਹਨੀ ਸਿੰਘ ਨੇ ਦਿੱਲੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ।
ਗਾਇਕ ਨੇ ਬੁੱਧਵਾਰ ਨੂੰ ਦਿੱਲੀ ਪੁਲਿਸ ਕਮਿਸ਼ਨਰ ਸੰਜੇ ਅਰੋੜਾ ਨਾਲ ਵੀ ਮੁਲਾਕਾਤ ਕੀਤੀ ਅਤੇ ਸੁਰੱਖਿਆ ਦੀ ਮੰਗ ਕੀਤੀ। ਪਤਾ ਲੱਗਾ ਹੈ ਕਿ ਰੈਪਰ ਨੂੰ ਫੋਨ ਕਾਲਾਂ ਅਤੇ ਵੌਇਸ ਨੋਟਸ 'ਤੇ ਧਮਕੀਆਂ ਮਿਲੀਆਂ ਸਨ।
ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ, "ਮੈਨੂੰ ਗੋਲਡੀ ਬਰਾੜ ਅਤੇ ਉਸ ਦੇ ਗੈਂਗ ਦੇ ਮੈਂਬਰ ਹੋਣ ਦਾ ਦਾਅਵਾ ਕਰਨ ਵਾਲੇ ਵਿਅਕਤੀਆਂ ਦੀਆਂ ਫ਼ੋਨ ਕਾਲਾਂ ਆਈਆਂ ਹਨ। ਇਹ ਕਾਲਾਂ ਮੇਰੇ ਸਟਾਫ਼ ਵੱਲੋਂ ਵੀ ਪ੍ਰਾਪਤ ਕੀਤੀਆਂ ਗਈਆਂ ਸਨ। ਮੈਂ ਕਮਿਸ਼ਨਰ ਸਾਬ ਨੂੰ ਬੇਨਤੀ ਕੀਤੀ ਹੈ ਕਿ ਉਹ ਮੈਨੂੰ ਸੁਰੱਖਿਆ ਪ੍ਰਦਾਨ ਕਰਨ ਅਤੇ ਮਾਮਲੇ ਦੀ ਜਾਂਚ ਕਰਨ।"
ਉਨ੍ਹਾਂ ਕਿਹਾ ਕਿ ਕਾਲਾਂ ਅਤੇ ਧਮਕੀਆਂ ਸਬੰਧੀ ਸਾਰੇ ਸਬੂਤ ਅਤੇ ਰਿਕਾਰਡ ਪੁਲਿਸ ਨੂੰ ਸੌਂਪ ਦਿੱਤੇ ਗਏ ਹਨ।
ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਕਥਿਤ ਮਾਸਟਰਮਾਈਂਡ ਅਤੇ ਲਾਰੈਂਸ ਬਿਸ਼ਨੋਈ ਦੇ ਗਿਰੋਹ ਨਾਲ ਸਬੰਧਤ ਗੋਲਡੀ ਬਰਾੜ ਦੇ ਨਾਂ ਨਾਲ ਜਾਣੇ ਜਾਂਦੇ ਪੰਜਾਬ ਮੂਲ ਦੇ ਸਤਿੰਦਰਜੀਤ ਸਿੰਘ ਬਰਾੜ ਨੂੰ ਕੈਨੇਡਾ ਦੇ 25 ਮੋਸਟ ਵਾਂਟੇਡ ਭਗੌੜਿਆਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ।