ਕੇਂਦਰੀ ਗ੍ਰਹਿ ਸਕੱਤਰ ਸ੍ਰੀ ਅਜੇ ਕੁਮਾਰ ਭੱਲਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ। ਇਸ ਮੌਕੇ ਨਤਮਸਤਕ ਹੋਣ ਉਪਰੰਤ, ਸੂਚਨਾ ਕੇਂਦਰ ਵਿਖੇ ਉਨ੍ਹਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਅਤੇ ਵਿਸ਼ੇਸ਼ ਪੁਸਤਕ ਨਾਲ ਸਨਮਾਨਿਤ ਕੀਤਾ ਗਿਆ। ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਅਤੇ ਸਕੱਤਰ ਸ. ਪ੍ਰਤਾਪ ਸਿੰਘ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਦੇ ਨਾਮ ਉਤੇ ਇਕ ਮੰਗ ਪੱਤਰ ਵੀ ਸੌਂਪਿਆ। ਮੰਗ ਪੱਤਰ ਵਿੱਚ ਕਿਹਾ ਗਿਆ ਕਿ ਭਾਰਤ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਮੌਕੇ ਜਾਰੀ ਕੀਤੀ ਗਈ ਨੋਟੀਫਿਕੇਸ਼ਨ ਮੁਤਾਬਕ ਬੰਦੀ ਸਿੰਘ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੇ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਰਿਹਾਅ ਕੀਤਾ ਜਾਵੇ। ਕੇਂਦਰੀ ਗ੍ਰਹਿ ਸਕੱਤਰ ਸ੍ਰੀ ਅਜੇ ਕੁਮਾਰ ਭੱਲਾ ਨੇ ਇਸ ਮਾਮਲੇ ਨੂੰ ਗੌਰ ਨਾਲ ਸੁਣਿਆ ਅਤੇ ਲੋੜੀਂਦੀ ਕਾਰਵਾਈ ਦਾ ਯਕੀਨ ਦਿਵਾਇਆ।