ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿਚ ਬੁੱਧਵਾਰ ਪਾਰਟੀ ਦੇ ਪ੍ਰਮੁੱਖ ਆਗੂਆਂ ਦੀ ਇਕ ਅਹਿਮ ਮੀਟਿੰਗ ਹੋਈ। ਜਿਸ ਵਿਚ ਕੈਨੇਡਾ ਨਾਲ ਭਾਰਤ ਦੇ ਪੈਦਾ ਹੋਏ ਸਿਆਸੀ ਵਿਵਾਦ `ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਇਕ ਮਤਾ ਪਾਸ ਕਰਕੇ ਦੋਵੇਂ ਸਰਕਾਰਾਂ ਨੂੰ ਮਸਲੇ ਦਾ ਜਲਦ ਤੋਂ ਜਲਦ ਹੱਲ ਕੱਢਣ ਲਈ ਪੁਖਤਾ ਕਦਮ ਚੁੱਕਣ ਦੀ ਮੰਗ ਕੀਤੀ ਗਈ। ਕੈਨੇਡਾ ਵਿਚ ਵੱਸਦੇ ਪੰਜਾਬੀਆਂ ਨੂੰ ਭਰੋਸਾ ਦਿੰਦਿਆਂ ਪਾਰਟੀ ਦੇ ਸਮੂਹ ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਹਰ ਮੁਸ਼ਕਲ ਵਿਚ ਉਨ੍ਹਾਂ ਦੇ ਨਾਲ ਖੜ੍ਹਾ ਹੈ ਅਤੇ ਪਾਰਟੀ ਵੱਲੋਂ ਇਸ ਮੁੱਦੇ ਦੇ ਹੱਲ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।
ਇਕ ਸਾਂਝੇ ਬਿਆਨ ਰਾਹੀਂ ਮੀਟਿੰਗ ਵਿਚ ਮੌਜੂਦ ਸਮੂਹ ਆਗੂਆਂ ਨੇ ਕਿਹਾ ਕਿ ਗੱਲਬਾਤ ਰਹੀਂ ਹਰ ਕੂਟਨੀਤਕ ਸਮੱਸਿਆ ਦਾ ਹੱਲ ਕੱਢਿਆ ਜਾ ਸਕਦਾ ਹੈ। ਇਸ ਲਈ ਦੋਵੇਂ ਸਰਕਾਰਾਂ ਨੂੰ ਆਪਣੇ ਸਬੰਧ ਹੋਰ ਖਰਾਬ ਕਰਨ ਦੇ ਬਜਾਏ ਗੱਲਬਾਤ ਦਾ ਰਾਹ ਖੋਲ੍ਹਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭਾਰਤ ਅਤੇ ਕੈਨੇਡਾ ਦੇ ਸਬੰਧ ਇਤਿਹਾਸਕ ਹਨ। ਉਨ੍ਹਾਂ ਅੱਗੇ ਕਿਹਾ ਕਿ ਕੈਨੇਡਾ ਵਿਚ ਵੱਡੀ ਗਿਣਤੀ ਵਿਚ ਪੰਜਾਬੀ ਕੈਨੇਡੀਅਨ ਵੱਸਦੇ ਹਨ ਅਤੇ ਉਨ੍ਹਾਂ ਨੂੰ ਲਗਾਤਾਰ ਆਪਣੇ ਨਿੱਜੀ ਕੰਮਾਂ ਅਤੇ ਪਰਿਵਾਰਕ ਪ੍ਰੋਗਰਾਮਾਂ ਕਰਕੇ ਭਾਰਤ ਆਉਣਾ ਪੈਂਦਾ ਹੈ। ਹਾਲ ਹੀ ਵਿਚ ਦੋਵਾਂ ਦੇਸ਼ਾਂ ਵਿਚਕਾਰ ਵਿਗੜੇ ਰਿਸ਼ਤਿਆਂ ਕਾਰਨ ਕੈਨੇਡਾ ਤੋਂ ਪੰਜਾਬ ਆਉਣ ਵਾਲੇ ਲੋਕਾਂ `ਤੇ ਬਹੁਤ ਮਾੜਾ ਪ੍ਰਭਾਵ ਪਿਆ ਹੈ। ਆਗੂਆਂ ਨੇ ਭਾਰਤ ਸਰਕਾਰ ਨੂੰ ਵੀਜਾ ਪ੍ਰਕਿਰਿਆ ਦਾ ਕੰਮ ਜਲਦ ਤੋਂ ਜਲਦ ਸ਼ੁਰੂ ਕਰਨ ਤੋਂ ਇਲਾਵਾ ਇਸ ਮੁੱਦੇ ਦੇ ਸ਼ਾਂਤੀਪੂਰਨ ਹੱਲ ਲਈ ਕੈਨੇਡਾ ਸਰਕਾਰ ਨਾਲ ਗੱਲਬਾਤ ਕਰਨ ਦੀ ਅਪੀਲ ਕੀਤੀ ਹੈ। ਇਸ ਦੌਰਾਨ ਲੀਡਰਾਂ ਨੇ ਕਿਹਾ ਕਿ ਸਿੱਖਾਂ ਨੂੰ ਆਪਣੀ ਦੇਸ਼ ਭਗਤੀ ਅਤੇ ਭਾਰਤ ਪ੍ਰਤੀ ਵਚਨਬੱਧਤਾ ਦਾ ਕੋਈ ਸਬੂਤ ਦੇਣ ਦੀ ਲੋੜ ਨਹੀ ਹੈ। ਇਤਿਹਾਸ ਸਿੱਖ ਕੌਮ ਵੱਲੋਂ ਆਜ਼ਾਦੀ ਦੇ ਸੰਘਰਸ਼ ਅਤੇ ਰਾਸ਼ਟਰ ਨਿਰਮਾਣ ਲਈ ਸਭ ਤੋਂ ਵੱਡੀਆਂ ਕੁਰਬਾਨੀਆਂ ਦੇ ਬੇਮਿਸਾਲ ਯੋਗਦਾਨ ਦਾ ਗਵਾਹ ਹੈ। ਮੀਟਿੰਗ ਵਿਚ ਜਸਟਿਸ ਨਿਰਮਲ ਸਿੰਘ (ਸੇਵਾਮੁਕਤ), ਸਰਵਣ ਸਿੰਘ ਫਿਲੌਰ, ਪਰਮਿੰਦਰ ਸਿੰਘ ਢੀਂਡਸਾ, ਬੀਬੀ ਪਰਮਜੀਤ ਕੌਰ ਗੁਲਸ਼ਨ, ਪ੍ਰਕਾਸ਼ ਚੰਦ ਗਰਗ, ਸੁਖਵਿੰਦਰ ਸਿੰਘ ਔਲਖ, ਅਰਜਨ ਸਿੰਘ ਸ਼ੇਰਗਿੱਲ, ਸੁਖਵੰਤ ਸਿੰਘ ਸਰਾਓ, ਮਨਜੀਤ ਸਿੰਘ ਬੱਪੀਆਣਾ, ਮਨਜੀਤ ਸਿੰਘ ਦਸੂਹਾ, ਤੇਜਿੰਦਰਪਾਲ ਸਿੰਘ ਸੰਧੂ, ਰਣਧੀਰ ਸਿੰਘ ਰੱਖੜਾ ਅਤੇ ਸਤਵਿੰਦਰਪਾਲ ਸਿੰਘ ਢੱਟ ਮੌਜੂਦ ਸਨ।