ਅੰਮ੍ਰਿਤਸਰ- ਕਤਲ ਤੇ ਬਲਾਤਕਾਰ ਵਰਗੇ ਸੰਗੀਨ ਦੋਸ਼ਾਂ ਤਹਿਤ ਜੇਲ੍ਹ ’ਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ (ਸੋਧਾ ਸਾਧ) ਨੂੰ 8ਵੀਂ ਵਾਰ ਮੁੜ ਪੈਰੋਲ ਮਿਲਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਦੀ ਇਹ ਦੋਹਰੀ ਨੀਤੀ ਸਿੱਖਾਂ ਅੰਦਰ ਬੇਵਿਸ਼ਵਾਸੀ ਦਾ ਮਾਹੌਲ ਸਿਰਜ ਰਹੀ ਹੈ। ਉਨ੍ਹਾਂ ਕਿਹਾ ਕਿ ਕਾਤਲ ਅਤੇ ਬਲਾਤਕਾਰ ਦੇ ਸੰਗੀਨ ਜੁਲਮਾਂ ਦੇ ਦੋਸ਼ੀ ਸੌਦਾ ਸਾਧ ਗੁਰਮੀਤ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦਿੱਤੀ ਜਾ ਰਹੀ ਹੈ, ਪਰੰਤੂ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਸੇ ਤੋਂ ਸਿੱਖ ਕੌਮ ਵੱਲੋਂ ਉਠਾਈ ਜਾ ਰਹੀ ਅਵਾਜ਼ ਸਰਕਾਰਾਂ ਨੂੰ ਸੁਣ ਨਹੀਂ ਰਹੀ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਆਪਣੇ ਸਿਆਸੀ ਹਿੱਤਾਂ ਲਈ ਸਰਕਾਰਾਂ ਵੱਲੋਂ ਗੁਰਮੀਤ ਰਾਮ ਰਹੀਮ ਦੇ ਘਿਨੌਣੇ ਅਪਰਾਧਾਂ ਨੂੰ ਅੱਖੋਂ-ਓਹਲੇ ਕਰਕੇ ਉਸ ਨੂੰ ਬਾਰ-ਬਾਰ ਛੱਡਿਆ ਜਾਣਾ ਸਿੱਖਾਂ ਨੂੰ ਬੇਗਾਨਗੀ ਦਾ ਅਹਿਸਾਸ ਕਰਵਾਉਣ ਵਾਲਾ ਹੈ, ਜੋ ਦੇਸ਼ ਲਈ ਠੀਕ ਨਹੀਂ ਹੈ।