ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ( ਸੰਯੁਕਤ) ਦੇ ਸਕੱਤਰ ਜਨਰਲ ਅਤੇ ਸ਼੍ਰੋਮਣੀ ਕਮੇਟੀ ਦਾ ਸਾਬਕਾ ਪ੍ਰਧਾਨ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੇ ਸਪੁੱਤਰ ਜਥੇਦਾਰ ਰਣਜੀਤ ਸਿੰਘ ਤਲਵੰਡੀ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਤੇ ਸਾਬਕਾ ਕੇਂਦਰੀ ਮੰਤਰੀ ਸ. ਸੁਖਦੇਵ ਸਿੰਘ ਢੀਂਡਸਾ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ ਢੀਂਡਸਾ ਨੇ ਕਿਹਾ ਕਿ ਜਥੇਦਾਰ ਰਣਜੀਤ ਸਿੰਘ ਤਲਵੰਡੀ ਪੰਥ ਨੂੰ ਸਮਰਪਿਤ ਸਖਸ਼ੀਅਤ ਸਨ। ਜਿਨ੍ਹਾਂ ਨੇ ਹਮੇਸ਼ਾ ਹੀ ਪੰਥਕ ਸਰੋਕਾਰਾਂ ਦੀ ਗੱਲ ਕੀਤੀ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਕਾਰਜਾਂ ਵਿਚ ਵੀ ਅਹਿਮ ਭੂਮਿਕਾ ਨਿਭਾਈ ਅਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਹਮੇਸ਼ਾ ਕਾਰਜਸ਼ੀਲ ਰਹੇ। ਸ ਢੀਂਡਸਾ ਨੇ ਜਥੇਦਾਰ ਤਲਵੰਡੀ ਦੀਆਂ ਪੰਥਕ ਅਤੇ ਪਾਰਟੀ ਪ੍ਰਤੀ ਸੇਵਾਵਾਂ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਚਲਾਣੇ ਨੂੰ ਵੱਡਾ ਘਾਟਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਜਥੇਦਾਰ ਰਣਜੀਤ ਸਿੰਘ ਤਲਵੰਡੀ ਤਿਆਗੀ ਸੁਭਾਅ ਰੱਖਣ ਵਾਲੇ ਨੇਕ ਦਿਲ ਇਨਸਾਨ ਸਨ, ਜਿਨ੍ਹਾਂ ਦੇ ਅਕਾਲ ਚਲਾਣੇ ਨਾਲ ਪਾਰਟੀ ਅਤੇ ਪਰਿਵਾਰ ਨੂੰ ਵੱਡਾ ਘਾਟਾ ਪਿਆ ਹੈ। ਸ. ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਜਥੇਦਾਰ ਰਣਜੀਤ ਸਿੰਘ ਤਲਵੰਡੀ ਵਲੋ ਪੂਰੀ ਤਨਦੇਹੀ ਨਾਲ ਨਿਭਾਈਆਂ ਸੇਵਾਵਾਂ ਨੂੰ ਸਦਾ ਯਾਦ ਰੱਖਿਆ ਜਾਵੇਗਾ। ਜਥੇਦਾਰ ਰਣਜੀਤ ਸਿੰਘ ਤਲਵੰਡੀ ਦਾ ਅੰਤਿਮ ਸਸਕਾਰ ਦਿਨ ਬੁੱਧਵਾਰ ਮਿਤੀ 6 ਦਸੰਬਰ, ਸਮਾਂ 3:00 ਵਜੇ ਉਨ੍ਹਾਂ ਦੇ ਜੱਦੀ ਪਿੰਡ ਤਲਵੰਡੀ, ਰਾਏਕੋਟ, ਜ਼ਿਲਾ ਲੁਧਿਆਣਾ ਵਿਖੇ ਕੀਤਾ ਜਾਵੇਗਾ। ਸ. ਸੁਖਦੇਵ ਸਿੰਘ ਢੀਂਡਸਾ ਨੇ ਦੁੱਖ ਦੀ ਇਸ ਘੜੀ ਵਿੱਚ ਆਪਣੀ ਪਾਰਟੀ ਦੇ ਸਮੂਹ ਆਗੂ ਸਹਿਬਾਨ ਅਤੇ ਵਰਕਰਾਂ ਨੂੰ ਇਸ ਮੌਕੇ ਪਹੁੰਚਣ ਦੀ ਅਪੀਲ ਕੀਤੀ ਹੈ।