ਧਰਮ

ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਹੋਈਆਂ ਨਤਮਸਤਕ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | September 04, 2024 07:14 PM


ਅੰਮ੍ਰਿਤਸਰ-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਅੱਜ ਵੱਡੀ ਗਿਣਤੀ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਸ਼੍ਰੋਮਣੀ ਕਮੇਟੀ ਵੱਲੋਂ ਕਰਵਾਏ ਗਏ ਸਮਾਗਮਾਂ ਸਮੇਂ ਸੰਗਤਾਂ ਨੇ ਹਾਜ਼ਰੀਆਂ ਭਰੀਆਂ ਅਤੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ। ਇਸ ਸਬੰਧ ਵਿਚ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਸਿੱਖ ਪਰੰਪਰਾ ਅਨੁਸਾਰ ਨਗਰ ਕੀਰਤਨ ਸਜਾਇਆ ਗਿਆ।

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਗਏ ਇਸ ਨਗਰ ਕੀਰਤਨ ਦੀ ਰਵਾਨਗੀ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਜਨਰਲ ਸਕੱਤਰ ਭਾਈ ਰਜਿੰਦਰ ਸਿੰਘ ਮਹਿਤਾ ਨੇ ਪੰਜ ਪਿਆਰੇ, ਨਿਸ਼ਾਨਚੀ ਤੇ ਨਗਾਰਚੀ ਸਿੰਘਾਂ ਨੂੰ ਸਿਰੋਪਾਓ ਦੇ ਕੇ ਸਤਿਕਾਰ ਦਿੱਤਾ। ਇਸ ਮੌਕੇ ਵੱਡੀ ਗਿਣਤੀ ਵਿਚ ਪੰਥਕ ਸ਼ਖ਼ਸੀਅਤਾਂ ਅਤੇ ਸੰਗਤਾਂ ਪੁੱਜੀਆਂ ਹੋਈਆਂ ਸਨ।
ਇਸ ਮੌਕੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸੰਗਤਾਂ ਨੂੰ ਪਹਿਲੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਇਸ਼ਟ ਹਨ ਅਤੇ ਹਰ ਸਿੱਖ ਦਾ ਫ਼ਰਜ਼ ਹੈ ਕਿ ਉਹ ਪਾਵਨ ਗੁਰਬਾਣੀ ਵੱਲੋਂ ਦਰਸਾਏ ਮਾਰਗ ’ਤੇ ਚੱਲ ਕੇ ਜੀਵਨ ਬਤੀਤ ਕਰੇ। ਉਨ੍ਹਾਂ ਕਿਹਾ ਕਿ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਆਪਣੇ ਹੱਥੀਂ ਸੰਨ 1604 ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰ ਕੇ ਪਹਿਲਾ ਪ੍ਰਕਾਸ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤਾ। ਪੰਜਵੇਂ ਪਾਤਸ਼ਾਹ ਜੀ ਨੇ ਬਾਬਾ ਬੁੱਢਾ ਜੀ ਨੂੰ ਸੇਵਾ ਸੰਭਾਲ ਲਈ ਪਹਿਲੇ ਗ੍ਰੰਥੀ ਥਾਪਿਆ, ਜਿਸ ਨਾਲ ਗ੍ਰੰਥੀ ਪ੍ਰੰਪਰਾ ਦੀ ਆਰੰਭਤਾ ਹੋਈ। ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਗੁਰੂ ਕਾਲ ਤੋਂ ਲੈ ਕੇ ਅੱਜ ਤੱਕ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਵੱਡੀ ਗਿਣਤੀ ਸੰਗਤਾਂ ਇਕੱਤਰ ਹੁੰਦੀਆਂ ਹਨ ਅਤੇ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਦੀਆਂ ਹਨ। ਉਨ੍ਹਾਂ ਸੰਗਤਾਂ ਨੂੰ ਪ੍ਰੇਰਣਾ ਕੀਤੀ ਕਿ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਗੁਰਬਾਣੀ ਨੂੰ ਆਪਣੇ ਜੀਵਨ ਵਿਚ ਢਾਲ ਕੇ ਗੁਰਮਤਿ ਰਹਿਣੀ ਅਨੁਸਾਰ ਜੀਵਨ ਬਤੀਤ ਕਰਨ।
ਨਗਰ ਕੀਰਤਨ ਸਮੇਂ ਸਿੱਖ ਨੌਜੁਆਨਾਂ ਵੱਲੋਂ ਗਤਕਾ ਪ੍ਰਦਰਸ਼ਨ ਦੇ ਨਾਲ-ਨਾਲ ਸ਼ਬਦੀ ਜਥਿਆਂ ਨੇ ਸ਼ਬਦ ਗਾਇਨ ਕਰਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸੇ ਦੌਰਾਨ ਰਸਤੇ ਵਿਚ ਸ਼ਰਧਾਲੂਆਂ ਵੱਲੋਂ ਵੱਖ-ਵੱਖ ਪਕਵਾਨਾਂ ਦੇ ਲੰਗਰ ਵੀ ਲਗਾਏ ਗਏ।
ਨਗਰ ਕੀਰਤਨ ਦੌਰਾਨ ਸ਼੍ਰੋਮਣੀ ਕਮੇਟੀ ਦੇ ਜਰਨਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਮੈਂਬਰ ਸ. ਸੁਰਜੀਤ ਸਿੰਘ ਭਿੱਟੇਵੱਡ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਭਾਈ ਅਜਾਇਬ ਸਿੰਘ ਅਭਿਆਸੀ, ਭਾਈ ਮਨਜੀਤ ਸਿੰਘ, ਫੈਡਰੇਸ਼ਨ ਆਗੂ ਸ. ਅਮਰਬੀਰ ਸਿੰਘ ਢੋਟ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਪ੍ਰਤਾਪ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਤੇਜਿੰਦਰ ਸਿੰਘ ਪੱਡਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ, ਸ. ਸ਼ਾਹਬਾਜ਼ ਸਿੰਘ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਹਰਭਜਨ ਸਿੰਘ ਵਕਤਾ, ਸ. ਮਨਜੀਤ ਸਿੰਘ ਤਲਵੰਡੀ, ਮੈਨੇਜਰ ਸ. ਹਰਪ੍ਰੀਤ ਸਿੰਘ, ਸ. ਨਰਿੰਦਰ ਸਿੰਘ, ਵਧੀਕ ਮੈਨੇਜਰ ਸ. ਜਸਪਾਲ ਸਿੰਘ ਢੱਡੇ, ਮੀਤ ਮੈਨੇਜਰ ਸ. ਗੁਰਤਿੰਦਰਪਾਲ ਸਿੰਘ, ਸ. ਜਸਬੀਰ ਸਿੰਘ ਸਮੇਤ ਵੱਖ-ਵੱਖ ਸਭਾ ਸੁਸਾਇਟੀਆਂ ਦੇ ਨੁਮਾਇੰਦੇ ਅਤੇ ਸੰਗਤਾਂ ਨੇ ਹਾਜ਼ਰੀ ਭਰੀ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜੇ ਜਲੌ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਬਾਬਾ ਅਟੱਲ ਰਾਇ ਸਾਹਿਬ ਵਿਖੇ ਅਲੌਕਿਕ ਜਲੌ ਸਜਾਏ ਗਏ। ਇਸ ਦੇ ਨਾਲ ਹੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੰਗ-ਬਿਰੰਗੇ ਫੁੱਲਾਂ ਦੀ ਸਜਾਵਟ ਵੀ ਖਿੱਚ ਦਾ ਕੇਂਦਰ ਰਹੀ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਸਮੇਤ ਵੱਖ-ਵੱਖ ਧਾਰਮਿਕ ਅਸਥਾਨਾਂ ਨੂੰ ਦੀਪਮਾਲਾ ਨਾਲ ਸਜਾਇਆ ਗਿਆ। ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਜਾਏ ਗੁਰਮਤਿ ਸਮਾਗਮ ਅੰਦਰ ਰਾਗੀ, ਢਾਡੀ ਅਤੇ ਕਵੀਸ਼ਰ ਜਥਿਆਂ ਨੇ ਸੰਗਤ ਨੂੰ ਗੁਰੂ ਜਸ ਨਾਲ ਜੋੜਿਆ।
ਪਹਿਲੇ ਪ੍ਰਕਾਸ਼ ਪੁਰਬ ਸਮਾਗਮਾਂ ਮੌਕੇ ਪੁੱਜੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤ ਨੂੰ ਇਸ ਪਾਵਨ ਦਿਹਾੜੇ ਦੀ ਵਧਾਈ ਦਿੰਦਿਆਂ ਗੁਰਮਤਿ ਰਹਿਣੀ ਨੂੰ ਜੀਵਨ ਦਾ ਹਿੱਸਾ ਬਣਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਗੁਰਬਾਣੀ ਮਨੁੱਖ ਨੂੰ ਜੀਵਨ ਦਾ ਰਾਹ ਦਰਸਾਉਂਦੀ ਹੈ ਅਤੇ ਹਰ ਪ੍ਰਾਣੀ ਮਾਤਰ ਦੇ ਜੀਵਨ ਨੂੰ ਸੁਖਦਾਈ ਬਣਾਉਣ ਲਈ ਇਕ ਅਹਿਮ ਮਾਰਗ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਗੁਰਬਾਣੀ ਦੀਆਂ ਮੁੱਲਵਾਨ ਕਦਰਾਂ-ਕੀਮਤਾਂ ’ਤੇ ਪਹਿਰਾ ਦੇਣ ਦੀ ਪ੍ਰੇਰਣਾ ਕੀਤੀ।

Have something to say? Post your comment

 

ਧਰਮ

ਪੰਜਾਬ ਸਰਕਾਰ ਵੱਲੋਂ " ਪਹਿਲਾ ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ" ਦੇ ਸ਼ੁਭ ਅਵਸਰ ‘ਤੇ  ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਤੇ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਗੁਰਪੁਰਬ ਸਮਾਗਮਾਂ ਸਬੰਧੀ ਸਭਾ-ਸੁਸਾਇਟੀਆਂ ਨਾਲ ਇੱਕਤਰਤਾ

ਪੰਜਾਬ ਦੇ ਰਾਜਪਾਲ ਨੇ ਲੋਕਾਂ ਨੂੰ ਜਨਮ ਅਸ਼ਟਮੀ ਦੀ ਦਿੱਤੀ ਵਧਾਈ

ਤੀਜੇ ਅਤੇ ਚੌਥੇ ਪਾਤਸ਼ਾਹ ਜੀ ਨਾਲ ਸਬੰਧਤ ਸ਼ਤਾਬਦੀ ਦਿਹਾੜੇ ਕੌਮੀ ਜਾਹੋ ਜਲਾਲ ਨਾਲ ਮਨਾਏ ਜਾਣਗੇ- ਭਾਈ ਮਹਿਤਾ

ਸ਼੍ਰੋਮਣੀ ਕਮੇਟੀ ਨੇ ਰਾਏ ਬੁਲਾਰ ਜੀ ਦੇ ਵੰਸ਼ਜਾਂ ਨੂੰ ਭਾਰਤ ਆਉਣ ਦਾ ਸੱਦਾ ਭੇਜਿਆ

ਤੀਜੇ ਅਤੇ ਚੌਥੇ ਪਾਤਸ਼ਾਹ ਜੀ ਨਾਲ ਸਬੰਧਤ ਸ਼ਤਾਬਦੀ ਦੇ ਸਮਾਗਮ ਯਾਦਗਾਰੀ ਹੋਣਗੇ-ਐਡਵੋਕੇਟ ਧਾਮੀ

ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਕਬੀਰ ਜੀ ਦੇ ਜਨਮ ਦਿਹਾੜੇ ਸਬੰਧੀ ਸਮਾਗਮ

ਪੰਜਾਬ ਦੇ ਰਾਜਪਾਲ ਵੱਲੋਂ ਕਬੀਰ ਜਯੰਤੀ ਮੌਕੇ ਲੋਕਾਂ ਨੂੰ ਵਧਾਈ

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ’ਤੇ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ ਤਹਿਤ ਜਨਤਕ ਛੁੱਟੀ ਦਾ ਐਲਾਨ

ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਿਆਈ ਦਿਵਸ ਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਹਾੜੇ ਦੀ 450ਵੀਂ ਸ਼ਤਾਬਦੀ ਸਬੰਧੀ 13 ਤੋਂ 18 ਸਤੰਬਰ ਤੱਕ