ਨਵੀਂ ਦਿੱਲੀ-ਸੰਸਦ ਦੇ ਸ਼ਰਦ ਰੁੱਤ ਇਜਲਾਸ ਦੌਰਾਨ ਸ਼ੁੱਕਰਵਾਰ ਨੂੰ ਰਾਜ ਸਭਾ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਰਾਘਵ ਚੱਢਾ ਨੇ ਬੰਗਲਾਦੇਸ਼ ਵਿੱਚ ਹਿੰਦੂ ਘੱਟ ਗਿਣਤੀਆਂ ਵਿਰੁੱਧ ਹੋ ਰਹੇ ਅੱਤਿਆਚਾਰਾਂ 'ਤੇ ਚਿੰਤਾ ਜ਼ਾਹਰ ਕਰਦਿਆਂ ਸਦਨ ਦੀ ਕਾਰਵਾਈ ਮੁਲਤਵੀ ਕਰਨ ਦਾ ਨੋਟਿਸ ਦਿੱਤਾ ਅਤੇ ਇਸਕਾਨ ਦੇ ਸੰਤ ਚਿਨਮਯ ਦਾਸ ਦੀ ਗ੍ਰਿਫਤਾਰੀ ਦਾ ਮੁੱਦਾ ਉਠਾਇਆ। ਉਨ੍ਹਾਂ ਸਰਕਾਰ ਤੋਂ ਇਸ ਗੰਭੀਰ ਮੁੱਦੇ ’ਤੇ ਚਰਚਾ ਕਰਨ ਦੀ ਮੰਗ ਕਰਦਿਆਂ ਬੰਗਲਾਦੇਸ਼ ਸਰਕਾਰ ਨੂੰ ਇਸ ਮਾਮਲੇ ’ਤੇ ਸਖ਼ਤ ਕਾਰਵਾਈ ਕਰਨ ਦੀ ਅਪੀਲ ਕੀਤੀ।
ਸੰਸਦ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ਬੰਗਲਾਦੇਸ਼ 'ਚ ਹਿੰਦੂ ਘੱਟ ਗਿਣਤੀ 'ਤੇ ਹਮਲੇ ਅਤੇ ਅੱਤਿਆਚਾਰ ਦੀਆਂ ਘਟਨਾਵਾਂ ਲਗਾਤਾਰ ਹੋ ਰਹੀਆਂ ਹਨ। ਇਹ ਘਟਨਾਵਾਂ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੀ ਨਹੀਂ ਸਗੋਂ ਧਾਰਮਿਕ ਆਜ਼ਾਦੀ 'ਤੇ ਵੀ ਸਿੱਧਾ ਹਮਲਾ ਹੈ। ਉਨ੍ਹਾਂ ਸਰਕਾਰ ਤੋਂ ਸਵਾਲ ਕੀਤਾ ਕਿ ਇਨ੍ਹਾਂ ਘਟਨਾਵਾਂ 'ਤੇ ਕੀ ਕਦਮ ਚੁੱਕੇ ਜਾ ਰਹੇ ਹਨ।ਸੰਸਦ ਮੈਂਬਰ ਚੱਢਾ ਨੇ ਇਸਕਾਨ ਦੇ ਸੰਤ ਚਿਨਮਯ ਦਾਸ ਜੀ ਦੀ ਗੈਰ-ਕਾਨੂੰਨੀ ਗ੍ਰਿਫਤਾਰੀ ਨੂੰ ਨਿੰਦਣਯੋਗ ਕਰਾਰ ਦਿੰਦਿਆਂ ਇਸ ਨੂੰ ਧਾਰਮਿਕ ਆਜ਼ਾਦੀ ਦੇ ਵਿਰੁੱਧ ਕਰਾਰ ਦਿੱਤਾ। ਉਨ੍ਹਾਂ ਸਮੁੱਚੇ ਸਦਨ ਨੂੰ ਅਪੀਲ ਕੀਤੀ ਕਿ ਸਾਰੇ ਸੰਸਦ ਮੈਂਬਰ ਸਰਬਸੰਮਤੀ ਨਾਲ ਇਸ ਗ੍ਰਿਫ਼ਤਾਰੀ ਦੀ ਨਿਖੇਧੀ ਕਰਨ ਅਤੇ ਬੰਗਲਾਦੇਸ਼ ਸਰਕਾਰ ’ਤੇ ਦਬਾਅ ਪਾਉਣ ਕਿ ਉਨ੍ਹਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ।
ਰਾਘਵ ਚੱਢਾ ਨੇ ਇਹ ਜਾਣਨ ਦੀ ਮੰਗ ਕੀਤੀ ਕਿ ਤਖਤਾ ਪਲਟ ਤੋਂ ਬਾਅਦ ਬੰਗਲਾਦੇਸ਼ ਵਿੱਚ ਹਿੰਦੂਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਭਾਰਤ ਸਰਕਾਰ ਨੇ ਕੀ ਕਦਮ ਚੁੱਕੇ ਹਨ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਸਦਨ ਨੂੰ ਦੱਸਿਆ ਜਾਵੇ ਕਿ ਇਸ ਮਾਮਲੇ 'ਤੇ ਬੰਗਲਾਦੇਸ਼ ਸਰਕਾਰ ਨਾਲ ਕੀ ਵਿਚਾਰ-ਵਟਾਂਦਰਾ ਹੋ ਰਿਹਾ ਹੈ। ਚੱਢਾ ਨੇ ਕਿਹਾ, "ਬੰਗਲਾਦੇਸ਼ ਵਿੱਚ ਹਿੰਦੂ ਭਾਈਚਾਰੇ 'ਤੇ ਹਮਲਿਆਂ ਅਤੇ ਅੱਤਿਆਚਾਰਾਂ ਦੀਆਂ ਘਟਨਾਵਾਂ ਬੇਹੱਦ ਚਿੰਤਾਜਨਕ ਹਨ। ਇਹ ਸਿਰਫ਼ ਇੱਕ ਭਾਈਚਾਰੇ ਦਾ ਮੁੱਦਾ ਨਹੀਂ ਹੈ, ਸਗੋਂ ਮਨੁੱਖੀ ਅਧਿਕਾਰਾਂ ਅਤੇ ਧਾਰਮਿਕ ਆਜ਼ਾਦੀ ਦਾ ਸਵਾਲ ਹੈ। ਸਦਨ ਨੂੰ ਇੱਕਜੁੱਟ ਹੋ ਕੇ ਇਨ੍ਹਾਂ ਘਟਨਾਵਾਂ ਦੀ ਨਿੰਦਾ ਕਰਨੀ ਚਾਹੀਦੀ ਹੈ ਅਤੇ ਚਿਨਮਯ ਦਾਸ ਜੀ ਦੀ ਗ੍ਰਿਫਤਾਰੀ ਵਿਰੁੱਧ ਮਤਾ ਪਾਸ ਕੀਤਾ ਜਾਵੇ।ਚੱਢਾ ਨੇ ਸਵਾਲ ਉਠਾਇਆ ਕਿ ਭਾਰਤ ਸਰਕਾਰ ਨੇ ਬੰਗਲਾਦੇਸ਼ ਵਿੱਚ ਹਿੰਦੂ ਭਾਈਚਾਰੇ ਦੀ ਸੁਰੱਖਿਆ ਲਈ ਹੁਣ ਤੱਕ ਕੀ ਠੋਸ ਕਦਮ ਚੁੱਕੇ ਹਨ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਇਸ ਵਿਸ਼ੇ 'ਤੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾਵੇ ਅਤੇ ਸਦਨ ਨੂੰ ਭਰੋਸਾ ਦਿਵਾਇਆ ਜਾਵੇ ਕਿ ਇਨ੍ਹਾਂ ਘਟਨਾਵਾਂ ਨੂੰ ਰੋਕਣ ਲਈ ਠੋਸ ਕਦਮ ਚੁੱਕੇ ਜਾਣਗੇ।
ਰਾਘਵ ਚੱਢਾ ਨੇ ਸਾਰੀਆਂ ਪਾਰਟੀਆਂ ਦੇ ਸੰਸਦ ਮੈਂਬਰਾਂ ਨੂੰ ਰਾਜਨੀਤੀ ਤੋਂ ਉੱਪਰ ਉੱਠ ਕੇ ਇਸ ਮੁੱਦੇ 'ਤੇ ਇਕਜੁੱਟ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਦਨ ਨੂੰ ਨਾ ਸਿਰਫ਼ ਇਸ ਮੁੱਦੇ 'ਤੇ ਚਰਚਾ ਕਰਨੀ ਚਾਹੀਦੀ ਹੈ ਸਗੋਂ ਬੰਗਲਾਦੇਸ਼ ਸਰਕਾਰ 'ਤੇ ਦਬਾਅ ਬਣਾਉਣ ਲਈ ਸਖ਼ਤ ਸੰਦੇਸ਼ ਵੀ ਦੇਣਾ ਚਾਹੀਦਾ ਹੈ।