ਨਵੀਂ ਦਿੱਲੀ -ਜੰਮੂ-ਕਸ਼ਮੀਰ ਦੇ ਪੁੰਛ ਸੈਕਟਰ ਵਿਖੇ ਐਲ ਓ ਸੀ ਨੇੜੇ ਸਥਿਤ ਗੁਰਦੁਆਰਾ ਸਾਹਿਬ 'ਤੇ ਪਾਕਿਸਤਾਨ ਵੱਲੋਂ ਬੰਬ ਨਾਲ ਹਮਲਾ ਕੀਤੇ ਜਾਣ ਦੀ ਖ਼ਬਰ ਮਿਲੀ। ਜਿਸ ਵਿੱਚ ਇੱਕ ਰਾਗੀ ਸਿੰਘ ਭਾਈ ਅਮਰੀਕ ਸਿੰਘ, ਅਮਰਜੀਤ ਸਿੰਘ, ਰਣਜੀਤ ਸਿੰਘ ਅਤੇ ਰੂਬੀ ਕੌਰ ਮਾਰੇ ਗਏ ਹਨ। ਗੁਰਦੁਆਰਾ ਬਾਬਾ ਜੋਰਾਵਰ ਸਿੰਘ ਬਾਬਾ ਫਤਹਿ ਸਿੰਘ ਫ਼ਤਹਿ ਨਗਰ ਦੇ ਮੁੱਖ ਗ੍ਰੰਥੀ ਗਿਆਨੀ ਪ੍ਰੀਤਮ ਸਿੰਘ ਚੱਕਪਖੀ ਨੇ ਕਿਹਾ ਕਿ ਜਿੱਥੇ ਸਰਬੱਤ ਦਾ ਭਲੇ ਦੀ ਅਰਦਾਸ ਕੀਤੀ ਜਾਂਦੀ ਹੈ, ਉੱਥੇ ਇਸ ਤਰ੍ਹਾਂ ਦਾ ਹਮਲਾ ਕਰਨਾ ਬੇਹੱਦ ਨਿੰਦਣਯੋਗ ਹੈ। ਆਮ ਲੋਕਾਂ ਨੂੰ ਨਿਸ਼ਾਨਾ ਬਣਾਉਣ ਗਲਤ ਹੈ। ਉਨ੍ਹਾਂ ਕਿਹਾ ਕਿ ਅਸੀਂ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਦਿਲੋਂ ਹਮਦਰਦੀ ਪ੍ਰਗਟ ਕਰਦੇ ਹਾਂ, ਗੁਰੂ ਸਾਹਿਬ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ। ਉਨ੍ਹਾਂ ਕਿਹਾ ਕਿ ਜੰਗ ਨਾਲ ਸਿਰਫ ਬਰਬਾਦੀ ਹੁੰਦੀ ਹੈ ਨਾ ਕਿ ਕਿਸੇ ਮਸਲੇ ਦਾ ਹੱਲ ਨਿੱਕਲਦਾ ਹੈ । ਮਸਲਿਆਂ ਦਾ ਹੱਲ ਮਿਲ ਬੈਠ ਕੇ ਗੱਲਬਾਤ ਰਾਹੀਂ ਨਿੱਕਲਦਾ ਹੈ ਤੇ ਦੋਨਾਂ ਦੇਸ਼ਾਂ ਨੂੰ ਜੰਗ ਛੱਡ ਕੇ ਆਪਸੀ ਗੱਲਬਾਤ ਰਾਹੀਂ ਹੱਲ ਕਢਣ ਨੂੰ ਤਰਜੀਹ ਦੇਣੀ ਚਾਹੀਦੀ ਹੈ ।