ਚੰਡੀਗੜ੍ਹ- ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ (ਆਪ), ਪੰਜਾਬ ਦੇ ਸੂਬਾ ਜਨਰਲ ਸਕੱਤਰ ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਸਾਰੇ ਭਾਰਤ ਵਾਸੀਆਂ ਨੂੰ ਸੁਚੇਤ ਰਹਿਣ ਦੀ ਲੋੜ ਹੈ। ਕਿਉਂਕਿ ਜੋ ਸਾਡੇ ਗੁਆਂਢੀ ਮੁਲਕ ਪਾਕਿਸਤਾਨ ਨਾਲ ਤਣਾਅ ਵਾਲੇ ਹਾਲਾਤ ਬਣੇ ਹੋਏ ਹਨ, ਉਨ੍ਹਾਂ ਨੂੰ ਮੁੱਖ ਰੱਖ ਕੇ ਹਰ ਨਾਗਰਿਕ ਦਾ ਫਰਜ਼ ਬਣਦਾ ਹੈ ਕਿ ਉਹ ਪੂਰੀ ਤਰ੍ਹਾਂ ਸੁਚੇਤ ਰਹੇ ਅਤੇ ਆਪਣੇ ਪਰਿਵਾਰ ਤੇ ਆਸ-ਪਾਸ ਵਾਲਿਆਂ ਦਾ ਵੀ ਧਿਆਨ ਰੱਖੇ।
ਉਨ੍ਹਾਂ ਕਿਹਾ ਕਿ ਮੌਜੂਦਾ ਸਥਿਤੀਆਂ ਵਿੱਚ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਸਰਕਾਰ ਅਤੇ ਪ੍ਰਸ਼ਾਸਨ ਹਰ ਸਥਿਤੀ ਨਾਲ ਨਜਿੱਠਣ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ, ਜੋ ਬਹੁਤ ਹੀ ਸ਼ਲਾਘਾਯੋਗ ਕਦਮ ਹੈ। ਜੇ ਕਿਸੇ ਨੂੰ ਕੋਈ ਦਿੱਕਤ ਪੇਸ਼ ਆਉਂਦੀ ਹੈ ਤਾਂ ਉਹ ਤੁਰੰਤ ਕੰਟਰੂਮ ਰੂਮ ਤੇ ਸੰਪਰਕ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਲੋਕ ਸੁਚੇਤ ਰਹਿੰਦਿਆਂ ਹੋਇਆ ਆਪਣੇ ਆਲੇ-ਦੁਆਲੇ ਧਿਆਨ ਰੱਖਣ ਅਤੇ ਜੇਕਰ ਕੋਈ ਸ਼ਕੀ ਵਿਅਕਤੀ ਜਾ ਸ਼ਕੀ ਵਸਤੂ ਨਜ਼ਰ ਆਉਂਦੀ ਹੈ ਤਾਂ ਉਸ ਬਾਰੇ ਤੁਰੰਤ ਪ੍ਰਸ਼ਾਸਨ ਨੂੰ ਜਾਣਕਾਰੀ ਦਿੱਤੀ ਜਾਵੇ।
ਉਨ੍ਹਾਂ ਕਿਹਾ ਕਿ ਸਰਕਾਰ ਪੂਰੀ ਤਰ੍ਹਾਂ ਸੁਚੇਤ ਹੈ ਅਤੇ ਨਾਗਰਿਕਾਂ ਦੀ ਸੁਰੱਖਿਆਂ ਅਤੇ ਭਲਾਈ ਨੂੰ ਯਕੀਨੀ ਬਣਾਉਣ ਲਈ ਸਾਰੇ ਜਰੂਰੀ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਫਵਾਹਾਂ ਵੱਲ ਧਿਆਨ ਨਾ ਦੇਣ ਅਤੇ ਜੇਕਰ ਕਿਸੇ ਵੀ ਤਰ੍ਹਾਂ ਦੀ ਕੋਈ ਸ਼ੰਕਾ ਹੋਵੇ ਤਾਂ ਤੁਰੰਤ ਪ੍ਰਸ਼ਾਸਨ ਨਾਲ ਸੰਪਕਤ ਕੀਤਾ ਜਾਵੇ। ਉਨ੍ਹਾਂ ਸਾਰੇ ਲੋਕਾਂ ਨੂੰ ਸ਼ਾਂਤ ਰਹਿਣ, ਅਫਵਾਹਾਂ ਅਤੇ ਪ੍ਰਤੀਕਿਰਿਆ ਕਰਨ ਤੋਂ ਬਚਣ ਲਈ ਉਤਸਾਹਿਤ ਕੀਤਾ ਅਤੇ ਸਾਰੇ ਲੋਕਾਂ ਨੂੰ ਫੌਜ ਅਤੇ ਸਰਕਾਰ ਦਾ ਪੂਰਾ ਸਾਥ ਦੇਣ ਦੀ ਅਪੀਲ ਵੀ ਕੀਤੀ।
ਸ. ਬਰਸਟ ਨੇ ਕਿਹਾ ਕਿ ਇੱਕਜੁਟਤਾ ਵਿੱਚ ਬਹੁਤ ਤਾਕਤ ਹੁੰਦੀ ਹੈ ਅਤੇ ਸਾਡੀ ਭਾਰਤੀਆਂ ਦੀ ਇੱਕਜੁਟਤਾ ਹੀ ਸਾਡੀ ਸਭ ਵੱਡੀ ਤਾਕਤ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਜੋ ਵੀ ਗਾਇਡ ਲਾਇਨ ਜਾਰੀ ਕੀਤੀਆਂ ਜਾ ਰਹੀਆਂ ਹਨ, ਉਨ੍ਹਾਂ ਦੀ ਪੂਰੀ ਤਰ੍ਹਾਂ ਨਾਲ ਪਾਲਣਾ ਕੀਤੀ ਜਾਵੇ ਅਤੇ ਆਪਣੇ ਆਲੇ-ਦੁਆਲੇ ਵਾਲਿਆਂ ਨੂੰ ਵੀ ਇਸ ਸਬੰਧੀ ਜਾਗਰੂਕ ਕੀਤਾ ਜਾਵੇ।