ਨਵੀਂ ਦਿੱਲੀ-ਮੁੱਖ ਵਿਰੋਧੀ ਪਾਰਟੀ ਆਮ ਆਦਮੀ ਪਾਰਟੀ ਨੇ ਦਿੱਲੀ ਵਿੱਚ ਸੱਤਾਧਾਰੀ ਭਾਜਪਾ 'ਤੇ ਗੰਭੀਰ ਦੋਸ਼ ਲਗਾਉਂਦੇ ਹੋਏ ਕਿਹਾ ਕਿ ਸਰਕਾਰ ਨਾ ਸਿਰਫ਼ ਰੁਜ਼ਗਾਰ ਮੁਹੱਈਆ ਕਰਵਾਉਣ ਵਿੱਚ ਅਸਫਲ ਰਹੀ ਹੈ ਬਲਕਿ ਹਜ਼ਾਰਾਂ ਲੋਕਾਂ ਨੂੰ ਬੇਰੁਜ਼ਗਾਰ ਵੀ ਕਰ ਰਹੀ ਹੈ।
ਦਿੱਲੀ ਦੇ ਹਸਪਤਾਲਾਂ ਵਿੱਚ ਕੰਮ ਕਰਨ ਵਾਲੇ ਸੈਂਕੜੇ ਡਾਕਟਰ, ਫਾਰਮਾਸਿਸਟ, ਨਰਸਾਂ ਅਤੇ ਟੈਕਨੀਸ਼ੀਅਨ ਮੁੱਖ ਮੰਤਰੀ ਰੇਖਾ ਗੁਪਤਾ ਦੇ 'ਜਨਤਾ ਦਰਬਾਰ' ਵਿੱਚ ਪਹੁੰਚੇ, ਜਿੱਥੇ ਉਨ੍ਹਾਂ ਨੇ ਆਪਣੀਆਂ ਨੌਕਰੀਆਂ ਤੋਂ ਹਟਾਏ ਜਾਣ 'ਤੇ ਆਪਣਾ ਗੁੱਸਾ ਜ਼ਾਹਰ ਕੀਤਾ ਅਤੇ ਇਸਦਾ ਕਾਰਨ ਜਾਣਨਾ ਚਾਹਿਆ।
'ਆਪ' ਆਗੂ ਸੌਰਭ ਭਾਰਦਵਾਜ ਨੇ ਕਿਹਾ ਕਿ ਪਹਿਲਾਂ 10, 000 ਬੱਸ ਮਾਰਸ਼ਲਾਂ ਦੀਆਂ ਨੌਕਰੀਆਂ ਖੋਹ ਲਈਆਂ ਗਈਆਂ ਅਤੇ ਹੁਣ ਮੁਹੱਲਾ ਕਲੀਨਿਕਾਂ ਵਿੱਚ ਕੰਮ ਕਰਨ ਵਾਲੇ ਸਿਹਤ ਕਰਮਚਾਰੀਆਂ ਨੂੰ ਬੇਰੁਜ਼ਗਾਰ ਕਰ ਦਿੱਤਾ ਗਿਆ ਹੈ। ਇਹ ਸਾਰੇ ਕਰਮਚਾਰੀ 2017 ਤੋਂ 2025 ਤੱਕ ਨਿਯਮਤ ਸੇਵਾਵਾਂ ਦੇ ਰਹੇ ਸਨ ਅਤੇ ਉਨ੍ਹਾਂ ਦੇ ਘਰੇਲੂ ਖਰਚੇ ਇਸ ਨੌਕਰੀ ਤੋਂ ਪੂਰੇ ਹੁੰਦੇ ਸਨ।
'ਆਪ' ਨੇਤਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਪ੍ਰਧਾਨ ਜੇ.ਪੀ. ਨੱਡਾ ਨੇ ਭਰੋਸਾ ਦਿੱਤਾ ਸੀ ਕਿ ਕੇਜਰੀਵਾਲ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਨੂੰ ਰੋਕਿਆ ਨਹੀਂ ਜਾਵੇਗਾ। ਇਸ ਦੇ ਬਾਵਜੂਦ, ਹੁਣ ਮੁਹੱਲਾ ਕਲੀਨਿਕਾਂ ਨੂੰ ਬੰਦ ਕੀਤਾ ਜਾ ਰਿਹਾ ਹੈ ਅਤੇ ਉੱਥੇ ਕੰਮ ਕਰਨ ਵਾਲੇ ਡਾਕਟਰਾਂ, ਫਾਰਮਾਸਿਸਟਾਂ ਅਤੇ ਹੋਰ ਸਟਾਫ ਨੂੰ ਹਟਾਇਆ ਜਾ ਰਿਹਾ ਹੈ।
ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਭਾਜਪਾ ਇਹ ਸਭ ਰਾਜਨੀਤਿਕ ਦੁਰਭਾਵਨਾ ਤੋਂ ਕਰ ਰਹੀ ਹੈ। ਪਹਿਲਾਂ ਵੀ ਯੋਗਾ ਅਧਿਆਪਕਾਂ, ਡੇਟਾ ਐਂਟਰੀ ਆਪਰੇਟਰਾਂ ਅਤੇ ਹੋਰ ਅਸਥਾਈ ਕਰਮਚਾਰੀਆਂ ਨੂੰ ਬਾਹਰ ਕੱਢ ਦਿੱਤਾ ਤੇ ਹੁਣ ਇਹ ਰੁਝਾਨ ਸਿਹਤ ਵਿਭਾਗ ਦੇ ਕਰਮਚਾਰੀਆਂ ਤੱਕ ਵੀ ਪਹੁੰਚ ਗਿਆ ਹੈ।
ਸੌਰਭ ਭਾਰਦਵਾਜ ਨੇ ਉਪ ਰਾਜਪਾਲ ਦੇ ਕਰੀਬੀ ਅਧਿਕਾਰੀਆਂ ਦੇ ਤਬਾਦਲਿਆਂ 'ਤੇ ਵੀ ਟਿੱਪਣੀ ਕੀਤੀ। ਉਨ੍ਹਾਂ ਕਿਹਾ ਕਿ ਏ.ਸੀ. ਵਰਮਾ ਨੇ ਦਿੱਲੀ ਜਲ ਬੋਰਡ ਦੇ ਹਜ਼ਾਰਾਂ ਕਰੋੜ ਰੁਪਏ ਦੇ ਪ੍ਰੋਜੈਕਟਾਂ ਨੂੰ ਰੋਕ ਦਿੱਤਾ, ਪੈਨਸ਼ਨ ਅਤੇ ਤਨਖਾਹ ਵੰਡ ਵਿੱਚ ਰੁਕਾਵਟ ਪਾਈ ਅਤੇ ਕਈ ਯੋਜਨਾਵਾਂ ਵਿੱਚ ਰੁਕਾਵਟਾਂ ਪੈਦਾ ਕੀਤੀਆਂ। ਹੁਣ ਜਦੋਂ ਭਾਜਪਾ ਦੀ ਸਰਕਾਰ ਹੈ, ਤਾਂ ਉਹ ਡਰਦੇ ਹਨ ਕਿ ਜੇ ਉਹ ਇਨ੍ਹਾਂ ਫਾਈਲਾਂ ਨੂੰ ਇਜਾਜ਼ਤ ਦੇ ਦਿੰਦੇ ਹਨ, ਤਾਂ ਉਹ ਜੇਲ੍ਹ ਜਾ ਸਕਦੇ ਹਨ। ਇਹੀ ਕਾਰਨ ਹੈ ਕਿ ਅਜਿਹੇ ਅਧਿਕਾਰੀਆਂ ਨੂੰ ਦਿੱਲੀ ਤੋਂ ਬਾਹਰ ਭੇਜਿਆ ਜਾ ਰਿਹਾ ਹੈ।
ਭਾਜਪਾ ਸਰਕਾਰ ਨਾ ਸਿਰਫ਼ ਲੋਕਾਂ ਨਾਲ ਬੇਇਨਸਾਫ਼ੀ ਕਰ ਰਹੀ ਹੈ, ਸਗੋਂ ਹਜ਼ਾਰਾਂ ਪਰਿਵਾਰਾਂ ਨੂੰ ਬੇਰੁਜ਼ਗਾਰੀ ਵੱਲ ਵੀ ਧੱਕ ਰਹੀ ਹੈ। ਪਾਰਟੀ ਨੇ ਮੰਗ ਕੀਤੀ ਹੈ ਕਿ ਹਟਾਏ ਗਏ ਸਾਰੇ ਕਰਮਚਾਰੀਆਂ ਨੂੰ ਬਹਾਲ ਕੀਤਾ ਜਾਵੇ ਅਤੇ ਲੋਕ ਭਲਾਈ ਸਕੀਮਾਂ ਨੂੰ ਬਿਨਾਂ ਕਿਸੇ ਭੇਦਭਾਵ ਦੇ ਜਾਰੀ ਰੱਖਿਆ ਜਾਵੇ।