ਦਿੜ੍ਹਬਾ-ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਚਲਾਈ ਜਾ ਰਹੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਨੂੰ ਲੋਕਾਂ ਦਾ ਭਰਵਾਂ ਸਹਿਯੋਗ ਮਿਲ ਰਿਹਾ ਹੈ ਅਤੇ ਨਸ਼ਿਆਂ ਦੇ ਖਾਤਮੇ ਦੇ ਰੂਪ ਵਿੱਚ ਨਸ਼ਾ ਮੁਕਤੀ ਯਾਤਰਾ ਇਕ ਇਤਿਹਾਸ ਸਿਰਜ ਰਹੀ ਹੈ, ਜਿਸ ਉੱਤੇ ਆਉਣ ਵਾਲੀਆਂ ਪੀੜ੍ਹੀਆਂ ਮਾਣ ਕਰਨਗੀਆਂ। ਇਸ ਯਾਤਰਾ ਤਹਿਤ ਨਸ਼ਿਆਂ ਦੇ ਖਾਤਮੇ ਹਿਤ ਲੋਕ ਨਸ਼ਿਆਂ ਦੇ ਕਾਰੋਬਾਰੀਆਂ ਬਾਰੇ ਖੁੱਲ੍ਹ ਕੇ ਪੁਲਿਸ ਨੂੰ ਜਾਣਕਾਰੀ ਦੇ ਰਹੇ ਹਨ।
ਇਹ ਪ੍ਰਗਟਾਵਾ ਚੇਅਰਮੈਨ ਇੰਪਰੂਵਮੈਂਟ ਟਰਸਟ, ਸੰਗਰੂਰ ਪ੍ਰੀਤਮ ਸਿੰਘ ਪੀਤੂ ਅਤੇ ਕੈਬਨਿਟ ਮੰਤਰੀ ਸ. ਹਰਪਾਲ ਸਿੰਘ ਚੀਮਾ ਦੇ ਓ.ਐੱਸ.ਡੀ. ਤਪਿੰਦਰ ਸੋਹੀ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਮੁਕਤੀ ਯਾਤਰਾ ਅਧੀਨ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਰਹਿਨੁਮਾਈ ਵਿੱਚ ਕਦਰਨਗਰ (ਮੁਨਸ਼ੀਵਾਲਾ), ਸਿਹਾਲ ਅਤੇ ਸਮੂਰਾਂ ਵਿਖੇ ਡਿਫੈਂਸ ਕਮੇਟੀਆਂ ਨਾਲ ਕੀਤੀਆਂ ਗਈਆਂ ਮੀਟਿੰਗਾਂ ਦੌਰਾਨ ਕੀਤਾ।
ਉਹਨਾਂ ਕਿਹਾ ਕਿ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਕੀਤੇ ਜਾ ਰਹੇ ਸਖਤ ਫੈਸਲਿਆਂ ਸਦਕਾ ਹੁਣ ਪੰਜਾਬ ਦੀ ਧਰਤੀ ਨੂੰ ਨਸ਼ਿਆਂ ਦੇ ਬਹੁਤੇ ਵਪਾਰੀ ਛੱਡ ਕੇ ਚਲੇ ਗਏ ਹਨ ਅਤੇ ਨਸ਼ਿਆਂ ਦਾ ਸੇਵਨ ਕਰਨ ਵਾਲੇ ਨੌਜਵਾਨ ਵੀ ਸਵੈ ਇੱਛਾ ਨਾਲ ਨਸ਼ਿਆਂ ਦਾ ਤਿਆਗ ਕਰ ਰਹੇ ਹਨ।
ਚੇਅਰਮੈਨ ਇੰਪਰੂਵਮੈਂਟ ਟਰਸਟ ਪ੍ਰੀਤਮ ਸਿੰਘ ਪੀਤੂ ਅਤੇ ਓ.ਐੱਸ.ਡੀ. ਤਪਿੰਦਰ ਸੋਹੀ ਨੇ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਦਾ ਮੰਤਵ ਸਮੂਹ ਵਰਗਾਂ ਦੇ ਸਹਿਯੋਗ ਨਾਲ ਨਸ਼ਿਆਂ ਦਾ ਖਾਤਮਾ ਕਰਨਾ ਹੈ ਅਤੇ ਹਰੇਕ ਪਿੰਡ ਤੇ ਹਰੇਕ ਗਲੀ ਨੂੰ ਨਸ਼ਾ ਮੁਕਤ ਕਰਨਾ ਸਰਕਾਰ ਦੀ ਤਰਜੀਹ ਹੈ।
ਪੰਜਾਬ ਸਰਕਾਰ ਜਿਥੇ ਨਸ਼ਿਆਂ ਦੇ ਸੌਦਾਗਰਾਂ ਵਿਰੁੱਧ ਸਖਤ ਕਾਰਵਾਈ ਕਰ ਕੇ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਤੌਰ 'ਤੇ ਖਾਤਮਾ ਕਰ ਰਹੀ ਹੈ, ਉੱਥੇ ਨਸ਼ਿਆਂ ਦੀ ਗ੍ਰਿਫਤ ਵਿੱਚ ਫਸੇ ਨੌਜਵਾਨਾਂ ਦਾ ਨਸ਼ਾ ਛੁਡਵਾ ਕੇ ਉਹਨਾਂ ਨੂੰ ਮੁੜ ਤੋਂ ਆਪਣੇ ਪੈਰਾਂ 'ਤੇ ਖੜੇ ਵੀ ਕਰ ਰਹੀ ਤਾਂ ਜੋ ਉਹ ਸਮਾਜ ਵਿੱਚ ਬਿਹਤਰ ਜ਼ਿੰਦਗੀ ਬਤੀਤ ਕਰ ਸਕਣ।
ਇਸ ਮੌਕੇ 'ਤੇ ਉਨ੍ਹਾਂ ਨੇ ਪਿੰਡ ਵਾਸੀਆਂ, ਖਾਸਕਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਨੂੰ ਵੀ ਇਸ ਬੁਰਾਈ ਤੋਂ ਮੁਕਤ ਕਰਵਾਉਣ ਵਿੱਚ ਸਰਗਰਮ ਭੂਮਿਕਾ ਨਿਭਾਉਣ। ਇਸ ਦੌਰਾਨ ਲੋਕਾਂ ਨੂੰ ਆਪਣੇ ਪਿੰਡਾਂ 'ਚ ਨਸ਼ਾ ਨਾ ਵਿਕਣ ਦੇਣ ਅਤੇ ਉਹਨਾਂ ਨੂੰ ਨਸ਼ਿਆਂ ਖਿਲਾਫ ਜਾਗਰੂਕ ਕਰਨ ਪ੍ਰਤੀ ਸਹੁੰ ਵੀ ਚੁਕਾਈ।
ਇਸ ਮੌਕੇ ਐਸ.ਡੀ.ਐਮ. ਰਾਜੇਸ਼ ਸ਼ਰਮਾ, ਬੀ.ਡੀ. ਪੀ.ਓ. ਪਰਦੀਪ ਸ਼ਾਰਦਾ, ਹਲਕਾ ਕੋਆਰਡੀਨੇਟਰ ਹਰਪ੍ਰੀਤ ਸਿੰਘ ਜੱਗਾ, ਨਾਜ਼ਮ ਸਿੰਘ ਬਲਾਕ ਪ੍ਰਧਾਨ ਸਮੇਤ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ, ਪੰਚ, ਸਰਪੰਚ, ਡਿਫੈਂਸ ਕਮੇਟੀਆਂ ਦੇ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਪਿੰਡਾਂ ਦੇ ਲੋਕ ਹਾਜ਼ਰ ਸਨ।