ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਘੱਟ ਗਿਣਤੀ ਸੈਲ ਦੇ ਚੇਅਰਮੈਨ ਸਰਦਾਰ ਜਸਵਿੰਦਰ ਸਿੰਘ ਜੌਲੀ ਨੇ ਮੰਗ ਕੀਤੀ ਹੈ ਕਿ ਕਮੇਟੀ ਦੇ ਐਕਟ ਨੂੰ ਪੰਜਾਬੀ ਵਿਚ ਪ੍ਰਕਾਸ਼ਤ ਕੀਤਾ ਜਾਵੇ। ਮੁੱਖ ਮੰਤਰੀ ਸ੍ਰੀਮਤੀ ਰੇਖਾ ਗੁਪਤਾ, ਦਿੱਲੀ ਸਕੱਤਰੇਤ ਦੇ ਮੰਤਰੀ ਸ੍ਰੀ ਪਰਵੇਜ਼ ਸ਼ਰਮਾ ਅਤੇ ਦਿੱਲੀ ਗੁਰਦੁਆਰਾ ਚੋਣਾਂ ਦੇ ਡਾਇਰੈਕਟੋਰੇਟ ਨੂੰ ਲਿਖੇ ਪੱਤਰ ਵਿਚ ਸਰਦਾਰ ਜਸਵਿੰਦਰ ਸਿੰਘ ਜੌਲੀ ਨੇ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਐਕਟ 1971 ਹੁਣ ਤੱਕ ਅੰਗਰੇਜ਼ੀ ਤੇ ਹਿੰਦੀ ਵਿਚ ਹੀ ਉਪਲਬਧ ਹੈ। ਉਹਨਾਂ ਕਿਹਾ ਕਿ ਇਸ ਐਕਟ ਦਾ ਅਨੁਰੂਪ ਸਿਰਫ ਅੰਗਰੇਜ਼ੀ ਤੇ ਹਿੰਦੀ ਵਿਚ ਹੀ ਉਪਲਬਧ ਹੈ। ਉਹਨਾਂ ਕਿਹਾ ਕਿ ਪੰਜਾਬੀ ਵਿਚ ਇਸਦਾ ਉਲੱਥਾ ਉਪਲਬਧ ਨਾ ਹੋਣ ਕਾਰਣ ਅੰਗਰੇਜ਼ੀ ਤੇ ਹਿੰਦੀ ਦੇ ਇਸਦੇ ਭਾਸ਼ਾਈ ਰੂਪ ਨੂੰ ਜਾਨਣ ਵਾਲਿਆਂ ਨੂੰ ਪੰਜਾਬੀ ਭਾਸ਼ਾ ਵਿਚ ਐਕਟ ਉਪਲਬਧ ਨਾ ਹੋਣ ਕਾਰਨ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਹਨਾਂ ਕਿਹਾ ਕਿ ਇਸ ਮਾਮਲੇ ਵਿਚ ਸਿੱਖ ਕੌਮ ਨੂੰ ਭਾਰੀ ਮੁਸ਼ਕਿਲਾਂ ਦਰਪੇਸ਼ ਹਨ।
ਉਹਨਾਂ ਕਿਹਾ ਕਿ ਪੰਜਾਬੀ ਭਾਸ਼ਾ ਵਿਚ ਇਸਦਾ ਉਲੱਥਾ ਉਪਲਬਧ ਹੋਣ ਸਦਕਾ ਨਾ ਸਿਰਫ ਸਿੱਖ ਕੌਮ ਬਲਕਿ ਆਮ ਪੰਜਾਬੀ ਲੋਕਾਂ ਨੂੰ ਵੀ ਵੱਡਾ ਲਾਭ ਮਿਲੇਗਾ। ਉਹਨਾਂ ਕਿਹਾ ਕਿ ਐਕਟ ਦੇ ਮੁਤਾਬਕ ਸਾਰੀ ਕਾਰਵਾਈ ਪੰਜਾਬੀ ਵਿਚ ਹੋਣੀ ਚਾਹੀਦੀ ਹੈ ਪਰ ਅਜਿਹਾ ਹੋ ਨਹੀਂ ਰਿਹਾ। ਉਹਨਾਂ ਕਿਹਾ ਕਿ ਇਸ ਐਕਟ ਦਾ ਉਲੱਥਾ ਪੰਜਾਬੀ ਵਿਚ ਉਪਲਬਧ ਹੋਣ ਨਾਲ ਸਮੁੱਚੇ ਪੰਜਾਬੀ ਭਾਈਚਾਰੇ ਨੂੰ ਵੱਡਾ ਲਾਭ ਮਿਲੇਗਾ।