ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਸ੍ਰੀਮਤੀ ਰੇਖਾ ਗੁਪਤਾ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫਤਰ ਵਿਚ 1984 ਦੇ ਸਿੱਖ ਕਤਲੇਆਮ ਦੇ ਪੀੜਤ ਪਰਿਵਾਰਾਂ ਦੇ ਮੈਂਬਰਾਂ ਨੂੰ ਨੌਕਰੀਆਂ ਦੇ ਨਿਯੁਕਤੀ ਪੱਤਰ ਵੰਡੇ। ਇਸ ਮੌਕੇ ਦਿੱਲੀ ਦੇ ਕੈਬਨਿਟ ਮੰਤਰੀ ਸਰਦਾਰ ਮਨਜਿੰਦਰ ਸਿੰਘ ਸਿਰਸਾ, ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ, ਮੀਤ ਪ੍ਰਧਾਨ ਸਰਦਾਰ ਆਤਮਾ ਸਿੰਘ ਲੁਬਾਣਾ ਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ। ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀਮਤੀ ਰੇਖਾ ਗੁਪਤਾ ਨੇ ਕਿਹਾ ਕਿ ਬਹੁਤ ਹੀ ਮੰਦਭਾਗੀ ਗੱਲ ਹੈ ਕਿ 40 ਸਾਲਾਂ ਦੌਰਾਨ ਕੇਂਦਰ ਤੇ ਦਿੱਲੀ ਵਿਚ ਕਈ ਸਰਕਾਰਾਂ ਆਈਆਂ ਪਰ ਕਿਸੇ ਨੇ ਵੀ 1984 ਦੇ ਸਿੱਖ ਕਤਲੇਆਮ ਦੇ ਪੀੜਤਾਂ ਦੇ ਜ਼ਖ਼ਮਾਂ ’ਤੇ ਮੱਲ੍ਹਮ ਲਾਉਣ ਦਾ ਕੰਮ ਨਹੀਂ ਕੀਤਾ। ਉਹਨਾਂ ਕਿਹਾ ਕਿ 2014 ਵਿਚ ਜਦੋਂ ਸ੍ਰੀ ਨਰਿੰਦਰ ਮੋਦੀ ਪ੍ਰਧਾਨ ਮੰਤਰੀ ਬਣੇ ਤਾਂ ਉਹਨਾਂ ਨੇ ਵਿਸ਼ੇਸ਼ ਜਾਂਚ ਟੀਮ (ਐਸ ਆਈ ਟੀ) ਦਾ ਗਠਨ ਕੀਤਾ ਜਿਸਨੇ ਕਾਂਗਰਸੀ ਆਗੂਆਂ ਦੇ ਕਹਿਣ ’ਤੇ ਬੰਦ ਹੋਏ ਕੇਸਾਂ ਦੀ ਮੁੜ ਪੜਤਾਲ ਕੀਤੀ ਤੇ ਦੋਸ਼ੀਆਂ ਨੂੰ ਜੇਲ੍ਹ ਭੇਜਿਆ। ਉਹਨਾਂ ਦੱਸਿਆ ਕਿ ਅੱਜ 19 ਜੀਆਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ ਤੇ ਬਾਕੀ ਰਹਿੰਦੇ ਪਰਿਵਾਰਾਂ ਨੂੰ ਵੀ ਜਲਦੀ ਹੀ ਨਿਯੁਕਤੀ ਪੱਤਰ ਮਿਲਣਗੇ।
ਇਸ ਮੌਕੇ ਦਿੱਲੀ ਦੇ ਕੈਬਨਿਟ ਮੰਤਰੀ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਤਕਰੀਬਨ 600 ਪਰਿਵਾਰਾਂ ਦੀ ਪਛਾਣ ਕੀਤੀ ਗਈ ਹੈ ਜੋ 1984 ਦੇ ਸਿੱਖ ਕਤਲੇਆਮ ਤੋਂ ਪੀੜਤ ਹਨ ਤੇ ਜਿਹਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਦਿੱਲੀ ਸਰਕਾਰ ਵੱਲੋਂ ਨੌਕਰੀਆਂ ਦਿੱਤੀਆਂ ਜਾਣਗੀਆਂ। ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ’ਤੇ ਵਰ੍ਹਦਿਆਂ ਸਰਦਾਰ ਸਿਰਸਾ ਨੇ ਕਿਹਾ ਕਿ ਉਹ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਤੇ ਹੋਰ ਦੋਸ਼ੀਆਂ ਨਾਲ ਰਲੇ ਹੋਏ ਸਨ ਜਿਸ ਕਾਰਣ ਉਹਨਾਂ ਨੇ ਪੀੜਤ ਪਰਿਵਾਰਾਂ ਦੀ ਮਦਦ ਵਾਸਤੇ ਇਕ ਵੀ ਕਦਮ ਨਹੀਂ ਚੁੱਕਿਆ। ਇਸ ਤੋਂ ਪਹਿਲਾਂ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਮੁੱਖ ਮੰਤਰੀ ਸ੍ਰੀਮਤੀ ਰੇਖਾ ਗੁਪਤਾ ਅਤੇ ਕੈਬਨਿਟ ਮੰਤਰੀ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੂੰ ਜੀ ਆਇਆਂ ਆਖਿਆ। ਉਹਨਾਂ ਦਾ ਦਿੱਲੀ ਗੁਰਦੁਆਰਾ ਕਮੇਟੀ ਦੀ ਟੀਮ ਵੱਲੋਂ ਸਨਮਾਨ ਵੀ ਕੀਤਾ ਗਿਆ।