ਸ੍ਰੀ ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ ਦੇ ਅਕਾਲ ਚਲਾਣੇ ਉਤੇ ਉਨ੍ਹਾਂ ਦੇ ਪਰਿਵਾਰ ਨਾਲ ਸੰਵੇਦਨਾ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਭਾਈ ਇੰਦਰਜੀਤ ਸਿੰਘ ਦਾ ਚਲਾਣਾ ਖ਼ਾਲਸਾ ਪੰਥ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ। ਭਾਈ ਇੰਦਰਜੀਤ ਸਿੰਘ ਨੇ ਲੰਮਾ ਸਮਾਂ ਗੁਰਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਸੰਗਤ ਨੂੰ ਗੁਰੂ ਜਸ ਨਾਲ ਜੋੜਿਆ ਅਤੇ ਸਿੱਖੀ ਦਾ ਪ੍ਰਚਾਰ ਪ੍ਰਸਾਰ ਕੀਤਾ ਜੋ ਕਿ ਪ੍ਰੇਰਣਾਸਰੋਤ ਹੈ। ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਭਾਈ ਇੰਦਰਜੀਤ ਸਿੰਘ ਨਮਿਤ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਿਸ਼ ਕਰਨ।