ਪੰਜਾਬ

ਅਸੀਂ 2022 ਵਿੱਚ ਸਪੋਰਟਸ ਹੱਬ ਦਾ ਵਾਅਦਾ ਕੀਤਾ ਸੀ ਅਤੇ ਅੱਜ ਅਸੀਂ ਇਸ ਨੂੰ ਪੂਰਾ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਮਾਨ

ਕੌਮੀ ਮਾਰਗ ਬਿਊਰੋ | June 11, 2025 10:24 PM

ਜਲੰਧਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਖੇਡਾਂ ਨੂੰ ਪ੍ਰਮੋਟ ਕਰ ਕੇ ਨਸ਼ਿਆਂ ਵਿਰੁੱਧ ਕਾਰਵਾਈ ਤੇਜ਼ ਕਰਨ ਦਾ ਐਲਾਨ ਕੀਤਾ।

ਬਰਲਟਨ ਪਾਰਕ ਸਪੋਰਟਸ ਹੱਬ, ਜੋ ਕਿ ਲਗਭਗ 78 ਕਰੋੜ ਰੁਪਏ ਦੀ ਲਾਗਤ ਨਾਲ ਵਿਕਸਤ ਹੋਣ ਵਾਲਾ ਅਹਿਮ ਪ੍ਰੋਜੈਕਟ ਹੈ, ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦੇ ਹੋਏ ਮੁੱਖ ਮਹਿਮਾਨ ਅਰਵਿੰਦ ਕੇਜਰੀਵਾਲ ਨੇ ਇਸ ਨੂੰ ਇਤਿਹਾਸਕ ਦਿਨ ਦੱਸਿਆ। ਉਨ੍ਹਾਂ ਕਿਹਾ ਕਿ ਇਹ ਪਹਿਲ ਹਜ਼ਾਰਾਂ ਲੋਕਾਂ ਨੂੰ ਖੇਡਾਂ ਵਿੱਚ ਸ਼ਾਮਲ ਹੋਣ ਅਤੇ ਸਿਹਤਮੰਦ ਜੀਵਨ ਸ਼ੈਲੀ ਬਣਾਈ ਰੱਖਣ ਦੇ ਮੌਕੇ ਮੁਹੱਈਆ ਕਰੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਇਹ ਦੇਸ਼ ਦਾ ਆਪਣੀ ਤਰ੍ਹਾਂ ਦਾ ਪਹਿਲਾ ਖੇਡ ਕੰਪਲੈਕਸ ਹੋਵੇਗਾ ਅਤੇ ਇੱਕ ਸਾਲ ਦੇ ਅੰਦਰ ਪੂਰਾ ਹੋ ਜਾਵੇਗਾ।

ਅਰਵਿੰਦ ਕੇਜਰੀਵਾਲ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਕਦੇ ਖੇਡਾਂ ਸਮੇਤ ਕਈ ਖੇਤਰਾਂ ਵਿੱਚ ਮੋਹਰੀ ਸੀ ਪਰ ਰਵਾਇਤੀ ਸਿਆਸੀ ਪਾਰਟੀਆਂ ਦੀਆਂ ਪਿਛਾਖੜੀ ਨੀਤੀਆਂ ਇਸ ਦੇ ਪਤਨ ਦਾ ਕਾਰਨ ਬਣੀਆਂ। ਉਨ੍ਹਾਂ ਨੇ ਇਨ੍ਹਾਂ ਪਾਰਟੀਆਂ ਨੂੰ ਨਸ਼ਿਆਂ ਦੇ ਖ਼ਤਰੇ ਨੂੰ ਵਧਾਉਣ ਲਈ ਜ਼ਿੰਮੇਵਾਰ ਠਹਿਰਾਇਆ ਅਤੇ ਜ਼ੋਰ ਦੇ ਕੇ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਨੇ ਹੁਣ ਨਸ਼ਿਆਂ ਦੇ ਨੈੱਟਵਰਕ ਦੀ ਰੀੜ੍ਹ ਦੀ ਹੱਡੀ ਤੋੜ ਦਿੱਤੀ ਹੈ। ਉਨ੍ਹਾਂ ਨੇ ਸਰਕਾਰ ਦੀਆਂ ਦਲੇਰਾਨਾ ਕਾਰਵਾਈਆਂ, ਜਿਵੇਂ ਕਿ ਅਪਰੇਸ਼ਨ ਬੁਲਡੋਜ਼ਰ ਰਾਹੀਂ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਅਤੇ ਢਾਹੁਣ ਬਾਰੇ ਚਾਨਣਾ ਪਾਇਆ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਬਰਲਟਨ ਪਾਰਕ ਦਾ ਨਵੀਨੀਕਰਨ ਨਸ਼ਾ ਵਿਰੋਧੀ ਮੁਹਿੰਮ ਤਹਿਤ ਇੱਕ ਰਣਨੀਤਕ ਕਦਮ ਹੈ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਜਲਦੀ ਹੀ ਹਰੇਕ ਪਿੰਡ ਵਿੱਚ ਅਤਿ-ਆਧੁਨਿਕ ਸਟੇਡੀਅਮ ਬਣਾਏ ਜਾਣਗੇ। ਉਨ੍ਹਾਂ ਦੁਹਰਾਇਆ ਕਿ ਇਸ ਪਹਿਲਕਦਮੀ ਦਾ ਉਦੇਸ਼ ਪੰਜਾਬ ਨੂੰ ਦੇਸ਼ ਵਿੱਚ ਮੋਹਰੀ ਸੂਬੇ ਵਜੋਂ ਸਥਾਪਿਤ ਕਰਨਾ ਹੈ। ਅਰਵਿੰਦ ਕੇਜਰੀਵਾਲ ਨੇ ਸੂਬੇ ਦੇ ਉਦਯੋਗ-ਅਨੁਕੂਲ ਰੁਖ਼ ਦਾ ਵੀ ਜ਼ਿਕਰ ਕੀਤਾ, ਜਿਸ ਨੇ ਮਹੱਤਵਪੂਰਨ ਨਿਵੇਸ਼ ਨੂੰ ਆਕਰਸ਼ਿਤ ਕੀਤਾ ਹੈ।

ਅਰਵਿੰਦ ਕੇਜਰੀਵਾਲ ਨੇ ਪੰਜਾਬ ਭਰ ਵਿੱਚ ਨਵੇਂ ਫੋਕਲ ਪੁਆਇੰਟਾਂ ਦੀ ਸਥਾਪਨਾ ਅਤੇ ਫਾਸਟਟਰੈਕ ਪੰਜਾਬ ਪੋਰਟਲ ਦੀ ਸ਼ੁਰੂਆਤ ਦਾ ਜ਼ਿਕਰ ਕੀਤਾ ਤਾਂ ਜੋ ਨਿਵੇਸ਼ਕਾਂ ਨੂੰ ਅਰਜ਼ੀ ਦੇਣ ਦੇ 45 ਦਿਨਾਂ ਦੇ ਅੰਦਰ ਸਾਰੀਆਂ ਲੋੜੀਂਦੀਆਂ ਪ੍ਰਵਾਨਗੀਆਂ ਮਿਲ ਸਕਣ। ਉਨ੍ਹਾਂ ਕਿਹਾ ਕਿ ਪੰਜਾਬ, ਜੋ ਆਪਣੀ ਹਿੰਮਤ ਅਤੇ ਉੱਦਮੀ ਸੁਭਾਅ ਲਈ ਜਾਣਿਆ ਜਾਂਦਾ ਹੈ, ਹੁਣ ਭਾਰਤ ਦੇ ਉਦਯੋਗਿਕ ਉਭਾਰ ਦੀ ਅਗਵਾਈ ਕਰਨ ਲਈ ਤਿਆਰ ਹੈ। ਉਨ੍ਹਾਂ ਅੱਗੇ ਕਿਹਾ ਕਿ ਪਿਛਲੇ ਤਿੰਨ ਸਾਲਾਂ ਵਿੱਚ ਸੂਬਾ ਸਰਕਾਰ ਨੇ ਸਮਾਜ ਦੇ ਸਾਰੇ ਵਰਗਾਂ ਨੂੰ ਲਾਭ ਪਹੁੰਚਾਉਣ ਵਾਲੀਆਂ ਕਈ ਪਹਿਲਕਦਮੀਆਂ ਸ਼ੁਰੂ ਕੀਤੀਆਂ ਹਨ ਅਤੇ ਇਹ ਗਤੀ ਭਵਿੱਖ ਵਿੱਚ ਵੀ ਜਾਰੀ ਰਹੇਗੀ।

ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਦੀ ਵਿਰਾਸਤ ਦਾ ਜ਼ਿਕਰ ਕੀਤਾ ਕਿ ਇੱਥੇ ਬੇਮਿਸਾਲ ਖਿਡਾਰੀ ਪੈਦਾ ਹੋਏ ਹਨ, ਜਿਨ੍ਹਾਂ ਨੇ ਦੇਸ਼ ਨੂੰ, ਖ਼ਾਸ ਕਰ ਕੇ ਹਾਕੀ ਵਿੱਚ ਅੰਤਰਰਾਸ਼ਟਰੀ ਪੱਧਰ 'ਤੇ ਪ੍ਰਸਿੱਧੀ ਦਿਵਾਈ ਹੈ। ਉਨ੍ਹਾਂ ਕਿਹਾ ਕਿ ਭਾਰਤ ਦੀ ਕੌਮੀ ਹਾਕੀ ਟੀਮ ਦੇ ਬਹੁਤ ਸਾਰੇ ਖਿਡਾਰੀ ਇਸ ਜ਼ਿਲ੍ਹੇ ਤੋਂ ਹਨ, ਜਿਨ੍ਹਾਂ ਦੀਆਂ ਤਿੰਨ ਪੀੜ੍ਹੀਆਂ ਇਸ ਦੇ ਮੈਦਾਨਾਂ ਤੋਂ ਨਿਕਲੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸਾਲਾਂ ਤੋਂ ਸਿਆਸੀ ਕੁਪ੍ਰਬੰਧ ਕਾਰਨ ਪੰਜਾਬ ਖੇਡਾਂ ਵਿੱਚ ਪਛੜ ਗਿਆ।

ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਅਥਲੈਟਿਕਸ ਵਿੱਚ ਸੂਬੇ ਦੀ ਗੁਆਚੀ ਸ਼ਾਨ ਨੂੰ ਰਣਨੀਤਕ ਯਤਨਾਂ ਰਾਹੀਂ ਬਹਾਲ ਕੀਤਾ ਜਾਵੇਗਾ। ਖੇਡਾਂ ਨੂੰ ਸੁਰਜੀਤ ਕਰਨਾ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਕੇਂਦਰੀ ਥੰਮ੍ਹ ਹੈ, ਉਨ੍ਹਾਂ ਕਿਹਾ ਕਿ ਇਸ ਦਾ ਉਦੇਸ਼ ਨੌਜਵਾਨਾਂ ਦੀ ਊਰਜਾ ਨੂੰ ਉਸਾਰੂ ਰਾਹਾਂ ਵੱਲ ਲੈ ਜਾਣਾ ਹੈ। ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਇਤਿਹਾਸਕ ਬਰਲਟਨ ਪਾਰਕ ਦਾ ਨਾਮ ਇੱਕ ਮਹਾਨ ਪੰਜਾਬੀ ਅਥਲੀਟ ਦੇ ਨਾਮ 'ਤੇ ਰੱਖਿਆ ਜਾਵੇਗਾ ਤਾਂ ਕਿ ਬਸਤੀਵਾਦੀ ਵਿਰਾਸਤ ਤੋਂ ਨਿਜ਼ਾਤ ਮਿਲੇ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਮੁੱਲਾਂਪੁਰ ਤੋਂ ਬਾਅਦ ਜਲਦੀ ਹੀ ਜਲੰਧਰ ਅਤੇ ਅੰਮ੍ਰਿਤਸਰ ਵਿੱਚ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਵਿਕਸਤ ਕੀਤੇ ਜਾਣਗੇ। ਭਗਵੰਤ ਸਿੰਘ ਮਾਨ ਨੇ ਮਾਣ ਨਾਲ ਕਿਹਾ ਕਿ ਭਾਰਤ ਦੀਆਂ ਪੁਰਸ਼ ਅਤੇ ਮਹਿਲਾ ਕ੍ਰਿਕਟ ਟੀਮਾਂ ਦੇ ਕਪਤਾਨਾਂ ਦੇ ਨਾਲ-ਨਾਲ ਫੁੱਟਬਾਲ ਟੀਮ ਦੇ ਕਪਤਾਨ ਵੀ ਪੰਜਾਬ ਤੋਂ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਜਲਦੀ ਹੀ ਖੇਡਾਂ ਵਿੱਚ ਨੰਬਰ ਇੱਕ ਸੂਬਾ ਬਣ ਜਾਵੇਗਾ ਅਤੇ ਸਰਕਾਰ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਅਤੇ ਖਿਡਾਰੀਆਂ ਨੂੰ ਅਥਲੈਟਿਕ ਵਿੱਚ ਮੱਲਾਂ ਮਾਰਨ ਦੇ ਯੋਗ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ।

ਮੁੱਖ ਮੰਤਰੀ ਨੇ ਅਖ਼ੀਰ ਵਿੱਚ ਪੰਜਾਬ ਅਤੇ ਇਸ ਦੇ ਲੋਕਾਂ ਦੇ ਸਰਵਪੱਖੀ ਵਿਕਾਸ ਪ੍ਰਤੀ ਸਰਕਾਰ ਦੀ ਵਚਨਬੱਧਤਾ ਦੁਹਰਾਈ। ਉਨ੍ਹਾਂ ਕਿਹਾ ਕਿ ਸੂਬੇ ਦੀ ਪੁਰਾਤਨ ਸ਼ਾਨ ਨੂੰ ਹਰ ਹਾਲ ਵਿੱਚ ਬਹਾਲ ਕੀਤਾ ਜਾਵੇਗਾ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਹਰ ਖੇਤਰ ਵਿੱਚ ਦੇਸ਼ ਦੀ ਅਗਵਾਈ ਕਰੇਗਾ।

Have something to say? Post your comment

 
 
 

ਪੰਜਾਬ

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ

ਪੰਜਾਬ ਨਵੀਂ ਉਦਯੋਗਿਕ ਨੀਤੀ ਲਈ ਕਮੇਟੀਆਂ ਦਾ ਗਠਨ ਕਰੇਗਾ

ਅਕਾਲੀ ਦਲ ਦੇ ਵਿਧੀ ਵਿਧਾਨ ਅਤੇ ਨੀਤੀ ਸਬੰਧੀ ਮਸਤੂਆਣਾ ਸਾਹਿਬ ਵਿਖੇ ਹੋਵੇਗੀ ਤਿੰਨ ਦਿਨਾਂ ਵਿਚਾਰ ਚਰਚਾ

ਕਰਤਾਰਪੁਰ ਸਾਹਿਬ ਲਾਂਘਾ ਤੁਰੰਤ ਖੋਲ੍ਹਿਆ ਜਾਵੇ : ਗਲੋਬਲ ਸਿੱਖ ਕੌਂਸਲ ਵੱਲੋਂ ਪ੍ਰਧਾਨ ਮੰਤਰੀ ਮੋਦੀ ਨੂੰ ਅਪੀਲ

ਫੌਜੀ ਹਮਲੇ ਦੇ ਜੁਲਮ ਸੁਣਾਉਦੀਆਂ ਤਸਵੀਰਾਂ ਦੀ ਪੁਸਤਕ ਘਲੂਘਾਰਾ ਜੂਨ 1984 ਨੂੰ ਦੇਖ ਕੇ ਸ਼ੋ੍ਰਮਣੀ ਕਮੇਟੀ ਮੈਂਬਰ ਗੁਰਚਰਨ ਸਿੰਘ ਗਰੇਵਾਲ ਹੋਏ ਭਾਵੁਕ

ਜਸਵੀਰ ਸਿੰਘ ਗੜ੍ਹੀ ਦਾ ਸ੍ਰੀ ਗੁਰੂ ਰਵਿਦਾਸ ਟੈਂਪਲ ਹੇਸਟਿੰਗ ਨਿਊਜ਼ੀਲੈਂਡ ਦੀ ਪ੍ਰਬੰਧਕੀ ਕਮੇਟੀ ਵਲੋਂ ਸਨਮਾਨ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਨੈੱਟਵਰਕ ਦਾ ਪਰਦਾਫਾਸ਼; 10 ਪਿਸਤੌਲਾਂ ਸਮੇਤ ਇੱਕ ਕਾਬੂ

ਲਾਲ ਚੰਦ ਕਟਾਰੂਚੱਕ ਨੇ 5 ਜ਼ਿਲਿਆਂ ਵਿੱਚ ਹਾਈਵੇਅ ’ਤੇ ਫੁੱਲਾਂ ਵਾਲੇ ਬੂਟੇ ਲਗਾਉਣ ਸਬੰਧੀ ਪਾਇਲਟ ਪ੍ਰੋਜੈਕਟ ਦਾ ਕੀਤਾ ਐਲਾਨ

'ਦੋਸ਼ੀ ਨੂੰ ਨਹੀਂ ਪਤਾ ਸੀ ਕਿ ਉਸਨੇ ਫੌਜਾ ਸਿੰਘ ਨੂੰ ਮਾਰਿਆ ਹੈ', ਜਲੰਧਰ ਹਿੱਟ ਐਂਡ ਰਨ ਮਾਮਲੇ ਵਿੱਚ ਪੁਲਿਸ ਨੇ ਕੀਤੇ ਕਈ ਖੁਲਾਸੇ

ਤਰਨਤਾਰਨ ਉਪ ਚੋਣ ਲਈ ਭਾਜਪਾ ਨੇ ਇੰਚਾਰਜ ਅਤੇ ਸਹਿ-ਇੰਚਾਰਜ ਨਿਯੁਕਤ ਕੀਤੇ