ਸ੍ਰੀ ਅੰਮ੍ਰਿਤਸਰ-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮਹਾਨ ਸਿੱਖ ਜਰਨੈਲ ਤੇ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਉਨ੍ਹਾਂ ਨੂੰ ਸਤਿਕਾਰ ਭੇਟ ਕੀਤਾ। ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਉਹ ਸਿੱਖ ਯੋਧੇ ਸਨ ਜਿਨ੍ਹਾਂ ਨੇ ਸਭ ਤੋਂ ਪਹਿਲਾਂ ਮੁਗਲੀਆ ਹਕੂਮਤ ਦਾ ਰਾਜ ਪੰਜਾਬ ਵਿੱਚੋਂ ਜੜ੍ਹਾਂ ਤੋਂ ਪੁੱਟਿਆ ਸੀ। ਉਨ੍ਹਾਂ ਕਿਹਾ ਬਾਬਾ ਬੰਦਾ ਸਿੰਘ ਬਹਾਦਰ, ਉਨ੍ਹਾਂ ਦੇ ਸਾਥੀ ਸਿੱਖ ਯੋਧਿਆਂ ਬਾਬਾ ਬਿਨੋਦ ਸਿੰਘ, ਬਾਬਾ ਬਾਜ ਸਿੰਘ, ਬਾਬਾ ਆਲੀ ਸਿੰਘ, ਬਾਬਾ ਮਾਲੀ ਸਿੰਘ, ਬਾਬਾ ਫ਼ਤਿਹ ਸਿੰਘ ਦੀ ਅਗਵਾਈ ਵਿੱਚ ਖ਼ਾਲਸਾ ਫ਼ੌਜ ਨੇ ਚੱਪੜਚਿੜੀ ਦੇ ਮੈਦਾਨ ਵਿੱਚ ਵਜ਼ੀਰ ਖਾਨ ਦੀ ਫ਼ੌਜ ਨੂੰ ਬੁਰੀ ਤਰ੍ਹਾਂ ਹਰਾਇਆ, ਸਰਹਿੰਦ ਨੂੰ ਫ਼ਤਿਹ ਕੀਤਾ ਅਤੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਅਸਥਾਨ ਦਾ ਨਾਮ ਸ੍ਰੀ ਫ਼ਤਿਹਗੜ੍ਹ ਸਾਹਿਬ ਰੱਖਿਆ। ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਨੇ ਪਹਿਲਾ ਸਿੱਖ ਰਾਜ ਸਥਾਪਤ ਕੀਤਾ ਅਤੇ ਉਨ੍ਹਾਂ ਬਾਅਦ ਵਿੱਚ ਗੁਰਦਾਸ ਨੰਗਲ ਦੀ ਗੜ੍ਹੀ ਵਿੱਚ ਲੰਮਾ ਸਮਾਂ ਹਿੰਦੁਸਤਾਨ ਦੀ ਤਤਕਾਲੀ ਹਕੂਮਤ ਨਾਲ ਜੰਗ ਕੀਤਾ ਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਤਸੀਹੇ ਦੇ ਕੇ ਦਿੱਲੀ ਵਿਖੇ ਸ਼ਹੀਦ ਕੀਤਾ ਗਿਆ, ਪਰ ਇਹ ਸਿੱਖ ਜਰਨੈਲ ਅਡੋਲ ਰਿਹਾ। ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਦੇ ਚਾਰ ਸਾਲਾ ਪੁੱਤਰ ਬਾਬਾ ਅਜੇ ਸਿੰਘ ਨੂੰ ਉਨ੍ਹਾਂ ਦੇ ਸਾਹਮਣੇ ਸ਼ਹੀਦ ਕੀਤਾ ਗਿਆ ਅਤੇ ਉਨ੍ਹਾਂ ਦੇ ਨਾਲ ਸੈਂਕੜੇ ਸਿੱਖਾਂ ਨੂੰ ਵੀ ਸ਼ਹੀਦ ਕੀਤਾ ਗਿਆ ਪਰ ਕਿਸੇ ਨੇ ਵੀ ਈਨ ਨਾ ਮੰਨੀ ਤੇ ਸਿੱਖੀ ਨਾ ਛੱਡੀ। ਉਨ੍ਹਾਂ ਕਿਹਾ ਕਿ ਇਨ੍ਹਾਂ ਦੀ ਸ਼ਹਾਦਤ ਤੋਂ ਬਾਅਦ ਸਿੱਖਾਂ ਨੇ ਹੋਰ ਬਿਖੜਾ ਪੈਂਡਾ ਤੈਅ ਕੀਤਾ ਅਤੇ ਬਾਅਦ ਵਿੱਚ ਮਹਾਰਾਜਾ ਰਣਜੀਤ ਸਿੰਘ ਦੀ ਅਗਵਾਈ ਵਿੱਚ ਸਿੱਖ ਰਾਜ ਕਾਇਮ ਕੀਤਾ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਅੱਜ ਕੁਝ ਅਜਿਹੀਆਂ ਸਾਜ਼ਸ਼ਾਂ ਕੀਤੀਆਂ ਜਾ ਰਹੀਆਂ ਹਨ ਕਿ ਬਾਬਾ ਬੰਦਾ ਸਿੰਘ ਬਹਾਦਰ ਦੀ ਸਿੱਖ ਪਛਾਣ ਨੂੰ ਖਤਮ ਕਰਨ ਦੀ ਮਨਸ਼ਾ ਨਾਲ ਉਨ੍ਹਾਂ ਨੂੰ ਵੀਰ ਬੰਦਾ ਬੈਰਾਗੀ ਕਹਿ ਕੇ ਪ੍ਰਚਾਰਿਆ ਜਾ ਰਿਹਾ ਹੈ। ਉਨ੍ਹਾਂ ਹਰਿਆਣਾ ਸਰਕਾਰ ਵੱਲੋਂ ਅੱਜ ਅਖ਼ਬਾਰਾਂ ਵਿੱਚ ਜਾਰੀ ਕੀਤੇ ਗਏ ਇਸ਼ਤਿਹਾਰਾਂ ਉੱਤੇ ਸਖ਼ਤ ਇਤਰਾਜ਼ ਜਤਾਉਂਦਿਆਂ ਕਿਹਾ ਕਿ ਸਰਕਾਰ ਨੇ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਸਬੰਧੀ ਇਸ਼ਤਿਹਾਰਾਂ ਵਿੱਚ ਉਨ੍ਹਾਂ ਦਾ ਨਾਮ ਵੀਰ ਬੰਦਾ ਬੈਰਾਗੀ ਵਜੋਂ ਪ੍ਰਚਾਰ ਕੇ ਸਿੱਖ ਇਤਿਹਾਸ ਨੂੰ ਧੁੰਦਲਾ ਕਰਨ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਸਿੱਖ ਇਤਿਹਾਸ ਅਤੇ ਮਹਾਨ ਸਿੱਖ ਜਰਨੈਲ ਤੇ ਸ਼ਹੀਦ ਦਾ ਵੱਡਾ ਅਪਮਾਨ ਹੈ, ਜਿਸ ਨਾਲ ਸਿੱਖ ਸੰਗਤ ਦੇ ਮਨਾਂ ਨੂੰ ਠੇਸ ਪੁੱਜੀ ਹੈ। ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਦੇਸ਼ ਕਰਨ ਦੇ ਨਾਲ-ਨਾਲ ਹਰਿਆਣਾ ਦੇ ਸਿੱਖਾਂ ਨੂੰ ਅਪੀਲ ਕੀਤੀ ਕਿ ਜਿਹੜੀ ਇਹ ਪਿਰਤ ਚਲਾਉਣ ਦੀ ਕੋਸ਼ਿਸ਼ ਸਰਕਾਰਾਂ ਵੱਲੋਂ ਕੀਤੀ ਜਾ ਰਹੀ ਹੈ, ਇਸ ਸਬੰਧੀ ਸਰਕਾਰ ਦੇ ਨਾਲ ਤਾਲਮੇਲ ਕਰਕੇ ਬਾਬਾ ਬੰਦਾ ਸਿੰਘ ਬਹਾਦਰ ਦੇ ਇਤਿਹਾਸ ਤੇ ਸ਼ਖ਼ਸੀਅਤ ਬਾਰੇ ਉਨ੍ਹਾਂ ਨੂੰ ਪੱਕੇ ਤੌਰ ’ਤੇ ਸਮਝਾਇਆ ਤੇ ਸਹੀ ਤੱਥਾਂ ਤੋਂ ਜਾਣੂ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਸਿੱਖ ਕੌਮ ਦਾ ਮਹਾਨ ਜਰਨੈਲ ਹੈ ਤੇ ਪਹਿਲਾ ਸਿੱਖ ਰਾਜ ਸਥਾਪਤ ਕਰਨ ਵਾਲਾ ਪਹਿਲਾ ਸਿੱਖ ਬਾਦਸ਼ਾਹ ਹੈ ਤੇ ਮਹਾਨ ਸ਼ਹੀਦ ਹੈ ਅਤੇ ਇਨ੍ਹਾਂ ਦੇ ਨਾਮ ਨੂੰ ਵਿਗਾੜਨ ਦਾ ਹੱਕ ਕਿਸੇ ਨੂੰ ਨਹੀਂ ਹੈ। ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਦਾ ਜੋ ਨਾਮ ਸਿੱਖ ਤਵਾਰੀਖ ਦੇ ਵਿੱਚ ਦਰਜ ਹੈ ਉਹੀ ਸਭ ਨੂੰ ਮੰਨਣਾ ਤੇ ਪ੍ਰਚਾਰਨਾ ਚਾਹੀਦਾ ਹੈ।
ਜਥੇਦਾਰ ਗੜਗੱਜ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਸਬੰਧੀ ਹਰਿਆਣਾ ਸਰਕਾਰ ਦੇ ਸੂਚਨਾ, ਲੋਕ ਸੰਪਰਕ, ਭਾਸ਼ਾ ਤੇ ਸੱਭਿਆਚਾਰ ਵਿਭਾਗ ਵੱਲੋਂ ਜਾਰੀ ਕੀਤੇ ਇਸ਼ਤਿਹਾਰ ਤੇ ਸੋਸ਼ਲ ਮੀਡੀਆ ਪੋਸਟਾਂ ਦਾ ਮਾਮਲਾ ਧਿਆਨ ਵਿੱਚ ਆਉਂਦੇ ਹੀ, ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਅਧਿਕਾਰੀਆਂ ਵੱਲੋਂ ਸਬੰਧਤ ਵਿਭਾਗ ਨਾਲ ਰਾਬਤਾ ਕਰਕੇ ਸਖ਼ਤ ਇਤਰਾਜ਼ ਵੀ ਪ੍ਰਗਟਾਇਆ ਗਿਆ ਹੈ। ਇਸ ਉਪਰੰਤ ਹਰਿਆਣਾ ਲੋਕ ਸੰਪਰਕ ਵਿਭਾਗ ਨੇ ਭਾਵੇਂ ਕਿ ਆਪਣੇ ਸੋਸ਼ਲ ਮੀਡੀਆ ਮੰਚਾਂ ਤੋਂ ਵੀਰ ਬੰਦਾ ਬੈਰਾਗੀ ਵਾਲੀ ਪੋਸਟ ਨੂੰ ਹਟਾ ਕੇ ਬਾਬਾ ਬੰਦਾ ਸਿੰਘ ਬਹਾਦਰ ਦਾ ਸਹੀ ਨਾਮ ਲਿਖ ਕੇ ਪੋਸਟ ਅਪਲੋਡ ਕਰ ਦਿੱਤੀ ਹੈ, ਪਰ ਅਖ਼ਬਾਰਾਂ ਵਿੱਚ ਇਤਰਾਜ਼ਯੋਗ ਇਸ਼ਤਿਹਾਰ ਛਪ ਚੁੱਕੇ ਹਨ। ਉਨ੍ਹਾਂ ਸ਼੍ਰੋਮਣੀ ਕਮੇਟੀ ਨੂੰ ਹਦਾਇਤ ਕੀਤੀ ਕਿ ਉਹ ਹਰਿਆਣਾ ਲੋਕ ਸੰਪਰਕ ਵਿਭਾਗ ਨਾਲ ਰਾਬਤਾ ਕਰਕੇ ਇਹ ਯਕੀਨੀ ਬਣਾਏ ਕਿ ਸਰਕਾਰ ਵੱਲੋਂ ਅਗਾਂਹ ਤੋਂ ਇਹ ਗਲਤੀ ਨਾ ਹੋਵੇ।