ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਜ਼ੋਰ ਦੇ ਕੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਨੇ ਮੁੱਢਲੀ ਜਾਂ ਨਿਯਮਿਤ ਜਾਂਚ ਕਰਵਾਏ ਬਗੈਰ ਬਿਕਰਮ ਸਿੰਘ ਮਜੀਠੀਆ ਖਿਲਾਫ ਆਮਦਨ ਨਾਲੋਂ ਵੱਧ ਜਾਇਦਾਦ ਦਾ ਕੇਸ ਦਰਜ ਕਰ ਕੇ ਕਾਨੂੰਨ ਦੀ ਉਲੰਘਣਾ ਕੀਤੀ ਹੈ ਅਤੇ ਪਾਰਟੀ ਨੇ ਸਰਕਾਰ ’ਤੇ ਆਪਣੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਫੇਲ੍ਹ ਹੋਣ ਤੋਂ ਲੋਕਾਂ ਦਾ ਧਿਆਨ ਪਾਸੇ ਕਰਨ ਲਈ ਮਜੀਠੀਆ ਖਿਲਾਫ ਸਿਆਸੀ ਬਦਲਾਖੋਰੀ ਕਰਨ ਦਾ ਦੋਸ਼ ਵੀ ਲਗਾਇਆ।
ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਬਲਵਿੰਦਰ ਸਿੰਘ ਭੂੰਦੜ, ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਡਾ. ਦਲਜੀਤ ਸਿੰਘ ਚੀਮਾ ਨੇ ਆਪ ਸਰਕਾਰ ’ਤੇ ਪੰਜਾਬੀਆਂ ਨੂੰ ਗੁੰਮਰਾਹ ਕਰਨ ਅਤੇ ਸਰਕਾਰ ਮਜੀਠੀਆ ਨੂੰ 540 ਕਰੋੜ ਰੁਪਏ ਦੇ ਨਸ਼ਾ ਤਸਕਰੀ ਕੇਸ ਵਿਚ ਗ੍ਰਿਫਤਾਰ ਕੀਤੇ ਹੋਣ ਦੇ ਬਿਆਨ ਦੇ ਕੇ ਅਦਾਲਤ ਦੀ ਮਾਣਹਾਨੀ ਕਰਨ ਦੇ ਵੀ ਦੋਸ਼ ਲਗਾਏ। ਉਹਨਾਂ ਕਿਹਾ ਕਿ ਇਹ ਨਾ ਸਿਰਫ ਬੇਤੁਕੀ ਬਿਆਨਬਾਜ਼ੀ ਹੈ ਬਲਕਿ ਝੂਠ ਦਾ ਪੁਲੰਦਾ ਹੈ ਜਿਸ ਲਈ ਆਪ ਆਗੂਆਂ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ। ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਸਰਕਾਰ ਦੱਸੇ ਕਿ ਇਸਨੇ ਐਫ ਆਈ ਆਰ ਵਿਚ ਦੱਸੀ 540 ਕਰੋੜ ਰੁਪਏ ਦੀ ਰਾਸ਼ੀ ਦੇ ਮਾਮਲੇ ਵਿਚ ਇਕ ਵੀ ਸ਼ਿਕਾਇਤ ਕਿਉਂ ਜਾਰੀ ਨਹੀਂ ਕੀਤੀ।
ਉਹਨਾਂ ਦੱਸਿਆ ਕਿ ਕਿਵੇਂ ਹਾਈ ਕੋਰਟ ਨੇ ਪਿਛਲੀ ਕਾਂਗਰਸ ਸਰਕਾਰ ਵੱਲੋਂ ਦਰਜ ਐਨ ਡੀ ਪੀ ਐਸ ਕੇਸ ਵਿਚ ਸਰਦਾਰ ਮਜੀਠੀਆ ਨੂੰ ਜ਼ਮਾਨਤ ਦਿੰਦਿਆਂ ਕਿਹਾ ਸੀ ਕਿ ਨਾ ਤਾਂ ਨਸ਼ੇ ਦਾ ਪੈਸਾ ਮਿਲਿਆ, ਨਾ ਲੈਣ-ਦੇਣ ਸਾਬਤ ਹੋਇਆ ਤੇ ਨਾ ਹੀ ਪੈਸੇ ਦਾ ਲੈਣ-ਦੇਣ ਹੋਇਆ।
ਸਰਦਾਰ ਗਰੇਵਾਲ ਨੇ ਕਿਹਾ ਕਿ ਅੱਜ ਸਰਕਾਰੀ ਵਕੀਲ ਨੇ ਅੱਜ ਕਿਹਾ ਕਿ ਸਰਦਾਰ ਮਜੀਠੀਆ ਦੇ ਖਿਲਾਫ ਆਮਦਨ ਨਾਲੋਂ ਵੱਧ ਜਾਇਦਾਦ ਬਣਾਉਣ ਦਾ ਕੇਸ ਦਰਜ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਇਹ ਮਨਘੜਤ ਮਾਮਲਾ ਹੈ। ਉਹਨਾਂ ਕਿਹਾ ਕਿ ਸ਼ਿਕਾਇਤ ਵਿਚ ਜਿਹੜੀਆਂ ਜਾਇਦਾਦਾਂ ਦਾ ਜ਼ਿਕਰ ਕੀਤਾ ਗਿਆ ਹੈ, ਉਹ ਮਜੀਠੀਆ ਪਰਿਵਾਰ ਕੋਲ ਉਦੋਂ ਤੋਂ ਹਨ ਜਦੋਂ ਸਰਦਾਰ ਬਿਕਰਮ ਮਜੀਠੀਆ ਪੈਦਾ ਵੀ ਨਹੀਂ ਹੋਏ ਸਨ।
ਉਹਨਾਂ ਕਿਹਾ ਕਿ ਇਹ ਵੀ ਗਲਤ ਕਿਹਾ ਜਾ ਰਿਹਾ ਹੈ ਕਿ ਸਰਾਇਆ ਇੰਡਸਟਰੀ ਵਿਚ ਮਜੀਠੀਆ ਹੀ ਫੈਸਲੇ ਲੈਂਦੇ ਸਨ ਜਦੋਂ ਕਿ ਉਹਨਾਂ ਨੇ 2007 ਵਿਚ ਕੰਪਨੀ ਦੇ ਡਾਇਰੈਕਟਰ ਵਜੋਂ ਅਸਤੀਫਾ ਦੇ ਦਿੱਤਾ ਸੀ।
ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸਰਦਾਰ ਮਜੀਠੀਆ ਖਿਲਾਫ ਦਰਜ ਨਵੇਂ ਕੇਸ ਵਿਚ ਜਿਹੜੇ ਦੋਸ਼ ਲਗਾਏ ਗਏ ਹਨ, ਉਹ ਸਾਰੇ ਸਰਕਾਰ ਨੇ ਐਨ ਡੀ ਪੀ ਐਸ ਕੇਸ ਵਿਚ ਜ਼ਮਾਨਤ ਰੱਦ ਕਰਵਾਉਣ ਲਈ ਪਟੀਸ਼ਨ ਪਾਉਣ ਵੇਲੇ ਸੁਪਰੀਮ ਕੋਰਟ ਵਿਚ ਦੱਸੇ ਸਨ। ਸੁਪਰੀਮ ਕੋਰਟ ਨੇ ਇਹਨਾਂ ਦੋਸ਼ਾਂ ਦਾ ਨੋਟਿਸ ਨਹੀਂ ਲਿਆ ਤੇ ਹੁਣ ਇਹ ਮੁੜ ਤੋਂ ਲਗਾ ਦਿੱਤੇ ਗਏ ਹਨ ਅਤੇ ਨਵੇਂ ਕੇਸ ਵਿਚ ਤਬਦੀਲ ਕਰ ਦਿੱਤੇ ਗਏ ਹਨ।
ਉਹਨਾਂ ਇਹ ਵੀ ਦੱਸਿਆ ਕਿ ਕਿਵੇਂ ਆਪ ਸਰਕਾਰ ਨੇ ਅੱਜ ਸਰਦਾਰ ਮਜੀਠੀਆ ਨੂੰ ਅਦਾਲਤ ਵਿਚ ਪੇਸ਼ ਕਰਨ ਵੇਲੇ ਕਰਫਿਊ ਵਰਗੇ ਹਾਲਾਤ ਬਣਾ ਦਿੱਤੇ ਸਨ ਉਹਨਾਂ ਨੇ ਸਰਦਾਰ ਮਜੀਠੀਆ ਨਾਲ ਇਕਜੁੱਟਤਾ ਜੁਟਾਉਣ ਅਤੇ ਬਦਲਾਖੋਰੀ ਦੀ ਕਾਰਵਾਈ ਵਿਰੁੱਧ ਆਵਾਜ਼ ਬੁਲੰਦ ਕਰਨ ਲਈ ਵਿਰੋਧੀ ਧਿਰ ਦਾ ਧੰਨਵਾਦ ਵੀ ਕੀਤਾ।
ਇਸ ਮੌਕੇ ਸੀਨੀਅਰ ਆਗੂ ਸਰਦਾਰ ਸਿਕੰਦਰ ਸਿੰਘ ਮਲੂਕਾ ਤੇ ਸਰਦਾਰ ਲਖਬੀਰ ਸਿੰਘ ਲੋਧੀਨੰਗਲ ਵੀ ਹਾਜ਼ਰ ਸਨ।