ਚੰਡੀਗੜ੍ਹ- ਪੰਜਾਬ ਆਮ ਆਦਮੀ ਪਾਰਟੀ (ਆਪ) ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ 'ਤੇ ਤਿੱਖਾ ਹਮਲਾ ਕੀਤਾ ਹੈ।
ਅਮਨ ਅਰੋੜਾ ਨੇ ਕਿਹਾ ਕਿ ਅੱਜ ਅਸੀਂ ਦੇਖ ਰਹੇ ਹਾਂ ਕਿ ਸੁਖਬੀਰ ਸਿੰਘ ਬਾਦਲ ਕੁਝ ਮੀਡੀਆ ਚੈਨਲਾਂ ਰਾਹੀਂ ਪੂਰੇ ਪੰਜਾਬ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਹ ਦਾਅਵਾ ਕਰ ਰਹੇ ਹਨ ਕਿ ਹਜ਼ਾਰਾਂ ਅਕਾਲੀ ਦਲ ਵਰਕਰਾਂ ਨੂੰ ਬਿਕਰਮ ਸਿੰਘ ਮਜੀਠੀਆ ਦੀ ਅਦਾਲਤ ਵਿੱਚ ਪੇਸ਼ੀ ਲਈ ਰੋਕਿਆ ਜਾ ਰਿਹਾ ਹੈ।
ਇੱਕ ਵੀਡੀਓ ਜਾਰੀ ਕਰਦਿਆਂ ਅਰੋੜਾ ਨੇ ਸੁਖਬੀਰ ਬਾਦਲ ਨੂੰ ਸਿੱਧਾ ਪੁੱਛਿਆ ਕਿ ਕੀ ਤੁਹਾਡੇ ਕੋਲ ਸੱਚਮੁੱਚ ਇਸ ਸਮੇਂ ਪੂਰੇ ਪੰਜਾਬ ਵਿੱਚ ਹਜ਼ਾਰਾਂ ਵਰਕਰ ਬਚੇ ਹਨ? ਉਨ੍ਹਾਂ ਤਾਅਨਾ ਮਾਰਿਆ ਕਿ ਪਿਛਲੇ ਦਹਾਕੇ ਦੀਆਂ ਤੁਹਾਡੀਆਂ ਕਾਰਵਾਈਆਂ ਨੇ ਸ਼੍ਰੋਮਣੀ ਅਕਾਲੀ ਦਲ ਨੂੰ 'ਖਾਲੀ ਦਲ ' ਵਿੱਚ ਬਦਲ ਦਿੱਤਾ ਹੈ।
ਉਨ੍ਹਾਂ ਅੱਗੇ ਕਿਹਾ, "ਸੁਖਬੀਰ ਸਿੰਘ ਬਾਦਲ ਦੀ ਇਹ ਬਿਆਨਬਾਜ਼ੀ ਸਿਰਫ ਜਨਤਾ ਦਾ ਧਿਆਨ ਭਟਕਾਉਣ ਅਤੇ ਆਪਣੀਆਂ ਅਸਫਲਤਾਵਾਂ ਨੂੰ ਛੁਪਾਉਣ ਦੀ ਕੋਸ਼ਿਸ਼ ਹੈ।" ਉਨ੍ਹਾਂ ਦੋਸ਼ ਲਗਾਇਆ ਕਿ ਅਕਾਲੀ ਦਲ ਦੀਆਂ ਨੀਤੀਆਂ ਅਤੇ ਲੀਡਰਸ਼ਿਪ ਕਾਰਨ ਪੰਜਾਬ ਦੇ ਲੋਕਾਂ ਵਿੱਚ ਪਾਰਟੀ ਦੀ ਭਰੋਸੇਯੋਗਤਾ ਕਮਜ਼ੋਰ ਹੋ ਗਈ ਹੈ।
ਅਰੋੜਾ ਨੇ ਦਾਅਵਾ ਕੀਤਾ ਕਿ ਅਕਾਲੀ ਸਰਕਾਰ ਦੌਰਾਨ ਫੈਲੇ ਨਸ਼ਿਆਂ ਨਾਲ ਬਰਬਾਦ ਹੋਇਆ ਪੰਜਾਬ ਦਾ ਨੌਜਵਾਨ ਅੱਜ ਇਨਸਾਫ਼ ਦੀ ਮੰਗ ਕਰ ਰਿਹਾ ਹੈ। ਇਨਸਾਫ਼ ਦੇ ਰਾਹ ਵਿੱਚ ਰੁਕਾਵਟਾਂ ਪੈਦਾ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਪੰਜਾਬ ਨੂੰ ਬਰਬਾਦ ਕਰਨ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਜਾਰੀ ਰਹੇਗੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕਿਸੇ ਨੂੰ ਵੀ ਸ਼ਾਂਤੀ ਭੰਗ ਕਰਨ ਦੀ ਖੁੱਲ੍ਹ ਨਹੀਂ ਦਿੱਤੀ ਜਾ ਸਕਦੀ। ਉਨ੍ਹਾਂ ਇਹ ਵੀ ਕਿਹਾ ਕਿ ਅਕਾਲੀ ਦਲ, ਜੋ ਕਦੇ ਪੰਥ ਲਈ ਲੜਦਾ ਸੀ, ਅੱਜ ਨਸ਼ਿਆਂ ਤੋਂ ਪੈਸਾ ਕਮਾਉਣ ਵਾਲੇ ਦੋਸ਼ੀ ਨੂੰ ਬਚਾਉਣ ਲਈ ਸੰਘਰਸ਼ ਕਰ ਰਿਹਾ ਹੈ।