ਪੰਜਾਬ

ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਹੋਏ ਆਹਮੋ ਸਾਹਮਣੇ

ਚਰਨਜੀਤ ਸਿੰਘ /ਕੌਮੀ ਮਾਰਗ ਬਿਊਰੋ | July 05, 2025 11:19 PM

ਅੰਮ੍ਰਿਤਸਰ _ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਇਕ ਵਾਰ ਫਿਰ ਆਹਮੋ ਸਾਹਮਣੇ ਨਜਰ ਆਏ। ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੈ ਪੰਜ ਪਿਆਰੇ ਸਿੰਘਾਂ ਨੇ ਅੱਜ ਸਵੇਰੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦੇ ਦਿੱਤਾ ਤੇ ਸ਼ਾਮ ਨੂੰ ਜਵਾਬੀ ਕਾਰਵਾਈ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਧਨੌਲਾ, ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਰਾਜਦੀਪ ਸਿੰਘ, ਗਿਆਨੀ ਸੁਲਤਾਨ ਸਿੰਘ ਅਤੇ ਗਿਆਨੀ ਕੇਵਲ ਸਿੰਘ ਦੇ ਅਧਾਰਿਤ ਪੰਜ ਸਿੰਘ ਸਾਹਿਬਾਨ ਨੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਵਧੀਕ ਹੈਡ ਗ੍ਰੰਥੀ ਗਿਆਨੀ ਗੁਰਦਿਆਲ ਸਿੰਘ, ਬੁਲਾਰੇ ਹਰਪਾਲ ਸਿੰਘ (ਜੌਹਲ) ਅਤੇ ਡਾਕਟਰ ਗੁਰਮੀਤ ਸਿੰਘ ਨੂੰ ਤਨਖਾਹੀਆ ਕਰਾਰ ਦਿੱਤਾ।ਜਥੇਦਾਰ ਨੇ ਤਖ਼ਤ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ, ਸੀਨੀਅਰ ਮੀਤ ਪ੍ਰਧਾਨ, ਲਖਵਿੰਦਰ ਸਿੰਘ, ਗੁਰਵਿੰਦਰ ਸਿੰਘ ਜੂਨੀਅਰ ਮੀਤ ਪ੍ਰਧਾਨ, ਇੰਦਰਜੀਤ ਸਿੰਘ ਜਨਰਲ ਸਕੱਤਰ, ਹਰਬੰਸ ਸਿੰਘ ਸਕੱਤਰ, ਗੋਬਿੰਦ ਸਿੰਘ ਲੌਂਗੋਵਾਲ ਮੈਂਬਰ, ਰਾਜਾ ਸਿੰਘ ਮੈਂਬਰ, ਮਹਿੰਦਰਪਾਲ ਸਿੰਘ ਮੈਂਬਰ - ਨੂੰ ਪੰਦਰਾਂ (15) ਦਿਨਾਂ ਦੇ ਵਿੱਚ- ਵਿੱਚ ਆਪਣਾ ਪੱਖ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁਖ ਰੱਖਣ ਦਾ ਆਦੇਸ਼ ਕੀਤਾ ਹੈ। ਅੱਜ ਤਖ਼ਤ ਸ੍ਰੀ ਹਰਿਮੰਦਰ ਜੀ, ਪਟਨਾ ਸਾਹਿਬ ਦੇ ਪੰਜ ਪਿਆਰੇ ਸਿੰਘ ਸਾਹਿਬਾਨ ਦੀ ਵਿਸ਼ੇਸ਼ ਇਕੱਤਰਤਾ ਹੋਈ। ਜਿਸ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦਿੱਤਾ। ਫੈਸਲੇ ਵਿਚ ਪੰਜ ਪਿਆਰਿਆ ਨੇ ਕਿਹਾ ਕਿ 21ਮਈ 2025 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਅਤੇ ਜਥੇਦਾਰ ਟੇਕ ਸਿੰਘ ਨੇ ਸਿਆਸਤ ਤੋਂ ਪ੍ਰੇਰਿਤ ਹੋਕੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਿੰਘ ਸਾਹਿਬਾਨ ਵੱਲੋਂ ਜਾਰੀ ਹ੍ਰਕਮਨਾਮੇ ਦੀ ਅਣਦੇਖੀ ਕੀਤੀ ਹੈ।ਜਾਰੀ ਆਦੇਸ਼ ਵਿਚ ਸ੍ਰ ਬਾਦਲ ਨੂੰ ਸਬੋਧਨ ਹੁੰਦਿਆਂ ਕਿਹਾ ਕਿ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਮਰਿਯਾਦਾ, ਸੰਵਿਧਾਨ ਅਤੇ ਉਪ ਨਿਯਮ ਨੂੰ ਚੁਣੌਤੀ ਦਿੰਦੇ ਹੋਏ ਇਥੋਂ ਦੇ ਪ੍ਰਬੰਧਕ ਕਮੇਟੀ ਦੇ ਅਧਿਕਾਰ ਅਤੇ ਸ਼ਕਤੀ ਵਿਚ ਦਖ਼ਲ ਅੰਦਾਜ਼ੀ ਕਰਕੇ ਉਸ ਦੇ ਨਿਰਣੈ 9 ਅਤੇ 10 ਮਈ 2023 ਦੀ ਇਕੱਤਰਤਾ ਵਿੱਚ ਲਏ ਗਏ ਫੈਸਲੇ ਦੇ ਖਿਲਾਫ ਜਾ ਕੇ ਗੈਰ ਸੰਵਿਧਾਨਿਕ, ਗੈਰ ਸਿਧਾਂਤਕ ਆਦੇਸ਼ ਜਾਰੀ ਕਰ ਦਿੱਤਾ। ਇਸ ਪੂਰੇ ਘਟਨਾਕ੍ਰਮ ਵਿੱਚ ਤੁਹਾਡੀ ਦਖ਼ਲ ਅੰਦਾਜ਼ੀ ਅਤੇ ਸਾਜ਼ਿਸ਼ ਕਰਤਾ ਦੇ ਰੂਪ ਵਿੱਚ ਸ਼ਾਮਲ ਹੋਣ ਦੀ ਜਾਣਕਾਰੀ ਪ੍ਰਾਪਤ ਹੋਈ ਸੀ । ਜਿਸ ਕਰਕੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਦੇ ਪੰਜ ਪਿਆਰੇ ਸਿੰਘ ਨੇ 21 ਮਈ ਅਤੇ 1 ਜੂਨ ਨੂੰ 10^10 ਦਿਨ ਦਾ ਸਮਾਂ ਦੇ ਕੇ ਤੁਹਾਨੂੰ ਅਪਨਾ ਪੱਖ ਰੱਖਣ ਲਈ ਦੋ ਬਾਰ ਮੋਕਾ ਦਿੱਤਾ ਗਿਆ ਪਰ ਤੁਸੀਂ ਪੇਸ਼ ਨਹੀਂ ਹੋਏ। ਤੀਸਰੀ ਵਾਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਬਿਨਤੀ ਤੇ 15 ਜੂਨ ਨੂੰ 20 ਦਿਨ ਦਾ ਹੋਰ ਸਮਾਂ ਦਿੱਤਾ ਗਿਆ ਪਰ ਫਿਰ ਵੀ ਤੁਸੀਂ ਪੇਸ਼ ਨਹੀਂ ਹੋਏ। ਇਸ ਤੋਂ ਸਪੱਸ਼ਟ ਲਗਦਾ ਹੈ ਕਿ ਤੁਸੀਂ ਉਪਰੋਕਤ ਘਟਨਾਕ੍ਰਮ ਵਿੱਚ ਸ਼ਾਮਲ ਹੋ।ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਦੇ ਪੰਜ ਪਿਆਰੇ ਸਿੰਘ ਸਾਹਿਬਾਨ ਭਾਈ ਬਲਦੇਵ ਸਿੰਘ, ਭਾਈ ਦਿਲੀਪ ਸਿੰਘ, ਭਾਈ ਗੁਰਦਿਆਲ ਸਿੰਘ, ਭਾਈ ਪਰਸ਼ੁਰਾਮ ਸਿੰਘ ਤੇ ਭਾਈ ਅਮਰਜੀਤ ਸਿੰਘ ਵੱਲੋਂ ਹੋਏ ਆਦੇਸ਼ ਨੂੰ ਅਣਦੇਖੀ ਕਰਨ ਦੇ ਦੋਸ਼ੀ ਮੰਨਦੇ ਹੋਏ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦਿੱਤਾ ਜਾਂਦਾ ਹੈ । ਉਧਰ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਦੇਰ ਸ਼ਾਮ ਨੂੰ ਹੋਈ ਮੀਟਿੰਗ ਦੌਰਾਨ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਨਾਲ ਸਬੰਧਤ ਮਾਮਲਾ ਵਿਚਾਰਿਆ ਗਿਆ। ਇਕੱਤਰਤਾ ਵਿੱਚ ਮਿਤੀ 19 ਨਵੰਬਰ 2003 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਵੱਲੋਂ ਪਾਸ ਕੀਤੇ ਗਏ ਮਤਾ ਨੰ: 1 ਦੀ ਪ੍ਰੋੜ੍ਹਤਾ ਕਰਦਿਆਂ, ਇਸ ਹੁਕਮਨਾਮੇ ਅਤੇ ਸਿੱਖ ਰਵਾਇਤਾਂ ਦੀ ਰੋਸ਼ਨੀ ਵਿੱਚ ਇਹ ਫੈਸਲਾ ਕੀਤਾ ਗਿਆ ਹੈ ਕਿ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਮਿਤੀ 21 ਮਈ 2025 ਨੂੰ ਜੋ ਪੱਤਰ ਅਤੇ ਮਿਤੀ 5 ਜੁਲਾਈ 2025 ਨੂੰ ਜੋ ਪੱਤਰ ਜਾਰੀ ਕੀਤੇ ਗਏ। ਇਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਉਕਤ ਆਦੇਸ਼ ਦੀ ਘੋਰ ਉਲੰਘਣਾ ਹੈ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ ਨੂੰ ਢਾਹ ਲਗਾਉਣ ਵਾਲੇ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋ ਸੰਬੋਧਨH ਹੁੰਪਿਦਆ ਜਥੇਦਾਰ ਨੇ ਕਿਹਾ ਕਿ ਪੰਜੇ ਤਖ਼ਤ ਸਾਹਿਬਾਨ ਸਿੱਖ ਸ਼ਕਤੀ ਦੇ ਸੋਮੇ ਹਨ ਜਿਨ੍ਹਾਂ ਪ੍ਰਤੀ ਵਿਸ਼ਵ ਭਰ ਵਿੱਚ ਵੱਸਦੀ ਸਿੱਖ ਸੰਗਤ ਦੀ ਡੂੰਘੀ ਸ਼ਰਧਾ ਹੈ ਅਤੇ ਇਹ ਪਾਵਨ ਗੁਰ ਅਸਥਾਨ ਅਤੀ ਸਤਿਕਾਰਯੋਗ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਗੁਰੂ ਪਾਤਸ਼ਾਹ ਜੀ ਨੇ ਆਪ ਸਰਬਉੱਚਤਾ ਬਖ਼ਸ਼ੀ ਹੈ। ਪਰੰਤੂ ਕੁਝ ਲੋਕ ਸਿੱਖ- ਵਿਰੋਧੀ ਤਾਕਤਾਂ ਦੇ ਅਨੁਸਾਰ ਚੱਲਦਿਆਂ ਆਪਣੇ ਨਿਜੀ ਸੁਆਰਥਾਂ ਲਈ ਸਾਜ਼ਸ਼ਾਂ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ ਨੂੰ ਚੁਣੌਤੀ ਦੇਣ ਦੀ ਕੋਸ਼ਿਸ਼ ਕਰ ਰਹੇ ਹਨ, ਜਿਸ ਨੂੰ ਗੁਰੂ ਪੰਥ ਕਦੇ ਵੀ ਬਰਦਾਸ਼ਤ ਨਹੀਂ ਕਰੇਗਾ। ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਸ਼ੁਰੂ ਤੋਂ ਹੀ ਖ਼ਾਲਸਾ ਪੰਥ ਨਾਲ ਸਬੰਧਤ ਮਾਮਲੇ ਵਿਚਾਰ ਕੇ ਫ਼ੈਸਲੇ ਕੀਤੇ ਜਾਂਦੇ ਰਹੇ ਹਨ ਅਤੇ ਬਾਕੀ ਤਖ਼ਤ ਸਾਹਿਬਾਨਾਂ ਨੂੰ ਵੀ ਆਪਣੇ- ਆਪਣੇ ਸਥਾਨਕ ਫ਼ੈਸਲੇ ਕਰਨ ਦਾ ਪੂਰਾ ਅਧਿਕਾਰ ਹੈ, ਪਰੰਤੂ ਪੰਥਕ ਤੇ ਧਾਰਮਿਕ ਮਾਮਲਿਆਂ ਸਬੰਧੀ ਅੰਤਿਮ ਰਾਏ ਸਿਰਫ਼ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਹੀ ਮੰਨੀ ਜਾਂਦੀ ਹੈ। ਸਮੁੱਚਾ ਖ਼ਾਲਸਾ ਪੰਥ ਇੱਕ ਪਰਿਵਾਰ ਹੈ।ਗੁਰੂ ਸਾਹਿਬ ਨੇ ਸਾਨੂੰ ਹਮੇਸ਼ਾ ਆਪਸੀ ਪ੍ਰੇਮ, ਇਤਫ਼ਾਕ ਤੇ ਸਾਂਝ ਨਾਲ ਰਹਿਣ ਦਾ ਉਪਦੇਸ਼ ਦਿੱਤਾ ਹੈ, ਪਰੰਤੂ ਮੌਜੂਦਾ ਸਮੇਂ ਸਾਜ਼ਸ਼ਾਂ ਅਧੀਨ ਪੰਥ ਦੀ ਇਕਜੁੱਟਤਾ ਤੇ ਸਿੱਖ ਸ਼ਕਤੀ ਨੂੰ ਕਮਜ਼ੋਰ ਤੇ ਖੰਡਤ ਕਰਨ ਲਈ ਕੋਝੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ। ਜਥੇਦਾਰ ਨੇ ਕਿਹਾ ਕਿ ਅੱਜ ਦੀ ਇਕੱਤਰਤਾ ਵਿੱਚ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਜੋ ਮਿਤੀ 21 ਮਈ 2025 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਿੰਘ ਸਾਹਿਬ ਜਥੇਦਾਰ ਟੇਕ ਸਿੰਘ ਅਤੇ ਮਿਤੀ 5 ਜੁਲਾਈ 2025 ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਬਾਬਤ ਜੋ ਗ਼ੈਰ- ਸਿਧਾਂਤਕ ਅਤੇ ਆਪਣੇ ਅਧਿਕਾਰ ਖੇਤਰ ਤੋਂ ਬਾਹਰ ਜਾ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ ਨੂੰ ਢਾਹ ਲਗਾਉਣ ਦੀ ਮੰਦਭਾਵਨਾ ਨਾਲ ਫ਼ੈਸਲੇ ਕੀਤੇ ਹਨ, ਇਨ੍ਹਾਂ ਨੂੰ ਪੂਰਨ ਰੂਪ ਵਿੱਚ ਅਪ੍ਰਵਾਨ ਕੀਤਾ ਜਾਂਦਾ ਹੈ।ਜਥੇਦਾਰ ਨੇ ਕਿਹਾ ਕਿ ਬੀਤੇ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਪੰਜ ਸਿੰਘ ਸਾਹਿਬਾਨ ਗਿਆਨੀ ਹਰਪ੍ਰੀਤ ਸਿੰਘ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ, ਗਿਆਨੀ ਰਘਬੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਗਿਆਨੀ ਸੁਲਤਾਨ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਦਰਬਾਰ ਸਾਹਿਬ , ਗਿਆਨੀ ਮਲਕੀਤ ਸਿੰਘ ਐਡੀਸ਼ਨਲ ਹੈੱਡ ਗ੍ਰੰਥੀ ਸ੍ਰੀ ਅਕਾਲ ਤਖ਼ਤ ਸਾਹਿਬ, ਭਾਈ ਮੰਗਲ ਸਿੰਘ ਪੰਜ ਪਿਆਰਾ ਦੀ ਇਕੱਤਰਤਾ ਮਿਤੀ 6 ਦਸੰਬਰ 2022 ਦੇ ਆਦੇਸ਼ ਦੀ ਪ੍ਰੋੜ੍ਹਤਾ ਕਰਦਿਆਂ ਹੀ ਕੀਤੇ ਗਏ ਸਨ। ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਮਾਮਲਿਆਂ ਦੇ ਸਬੰਧ ਵਿੱਚ ਉੱਥੋਂ ਦੀ ਪ੍ਰਬੰਧਕ ਕਮੇਟੀ ਨੂੰ ਆਪਣਾ ਪੱਖ ਰੱਖਣ ਲਈ ਆਦੇਸ਼ ਕੀਤੇ ਗਏ ਸਨ, ਪਰੰਤੂ ਉਨ੍ਹਾਂ ਵੱਲੋਂ ਹੁਣ ਤੱਕ ਅਜਿਹਾ ਨਹੀਂ ਕੀਤਾ ਗਿਆ। ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਆਦੇਸ਼ ਦੀ ਪਾਲਣਾ ਕਰਨ ਦੀ ਬਜਾਏ, ਭਾਈ ਗੁਰਦਿਆਲ ਸਿੰਘ, ਜਿਨ੍ਹਾਂ ਦੀਆਂ ਪੰਥਕ ਸੇਵਾਵਾਂ ਉੱਪਰ ਰੋਕ ਲੱਗੀ ਹੈ, ਉਹ ਹੁਣ ਵੀ ਮੁੱਖ ਸਾਜ਼ਸ਼ਘਾੜੇ ਬਣ ਕੇ ਅਤੇ ਪੰਥ ਵਿਰੋਧੀ ਤਾਕਤਾਂ ਦਾ ਹੱਥਠੋਕਾ ਬਣਕੇ ਤਖ਼ਤ ਸਾਹਿਬਾਨ ਵਿਚਕਾਰ ਦਰਾਰ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਇਨ੍ਹਾਂ ਦੀ ਭੂਮਿਕਾ ਨੂੰ ਦੇਖਦਿਆਂ ਭਾਈ ਗੁਰਦਿਆਲ ਸਿੰਘ (ਐਡੀਸ਼ਨਲ ਹੈੱਡ ਗ੍ਰੰਥੀ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ) ਨੂੰ ਤਨਖ਼ਾਹੀਆ ਐਲਾਨ ਕੀਤਾ ਜਾਂਦਾ ਹੈ ਅਤੇ ਜੇਕਰ ਕੋਈ ਇਨ੍ਹਾਂ ਨੂੰ ਗੁਰਮਤਿ ਸਮਾਗਮ ਜਾਂ ਪੰਥਕ ਸਟੇਜ ਪੁਰ ਬੁਲਾਏਗਾ ਤਾਂ ਉਨ੍ਹਾਂ ਦੇ ਵਿਰੁੱਧ ਵੀ ਪੰਥਕ ਰਵਾਇਤਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਜਦੋਂ ਤੱਕ ਭਾਈ ਗੁਰਦਿਆਲ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁਖ ਪੇਸ਼ ਹੋ ਕੇ ਖਿਮਾ ਜਾਚਨਾ ਕਰਦਿਆਂ ਆਪਣਾ ਪੱਖ ਨਹੀਂ ਰੱਖਦੇ, ਖ਼ਾਲਸਾ ਪੰਥ ਇਸ ਨੂੰ ਮੂੰਹ ਨਾ ਲਾਵੇ।ਜਥੇਦਾਰ ਨੇ ਕਿਹਾ ਕਿ ਬੋਰਡ ਦੇ ਮੈਂਬਰ ਤੇ ਬੁਲਾਰਾ ਹਰਪਾਲ ਸਿੰਘ (ਜੌਹਲ) ਲਗਾਤਾਰ ਮੀਡੀਆ ਸੋਸ਼ਲ ਮੀਡੀਆ ਰਾਹੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਣ-ਮਰਯਾਦਾ ਤੇ ਸਰਬਉੱਚਤਾ ਵਿਰੁੱਧ ਕੂੜ ਪ੍ਰਚਾਰ ਕਰਦੇ ਆ ਰਹੇ ਹਨ। ਕਮੇਟੀ ਨੇ ਆਪ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਇਹ ਲਿਖਤੀ ਰੂਪ ਵਿੱਚ ਭੇਜਿਆ ਹੋਇਆ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦੀ ਉਲੰਘਣਾ ਕਰਨ ਵਾਲਾ ਆਪ ਹੀ ਤਨਖਾਹੀਆ ਹੋ ਜਾਂਦਾ ਹੈ। ਤਖ਼ਤ ਸ੍ਰੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਇੱਕ ਹੋਰ ਮੈਂਬਰ ਡਾ ਗੁਰਮੀਤ ਸਿੰਘ ਦੀ ਭੂਮਿਕਾ ਵੀ ਮੁੱਖ ਸਾਜ਼ਸ਼ਘਾੜੇ ਵਜੋਂ ਸਾਹਮਣੇ ਆਈ ਹੈ। ਇਸ ਲਈ ਸ ਹਰਪਾਲ ਸਿੰਘ ਅਤੇ ਡਾ ਗੁਰਮੀਤ ਸਿੰਘ ਨੂੰ ਤਨਖ਼ਾਹੀਆ ਕਰਾਰ ਦਿੱਤਾ ਜਾਂਦਾ ਹੈ ਅਤੇ ਜਦੋਂ ਤੱਕ ਇਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁਖ ਨਿਜੀ ਰੂਪ ਵਿੱਚ ਪੇਸ਼ ਹੋ ਕੇ ਆਪਣੀ ਗਲਤੀਆਂ ਦੀ ਖਿਮਾ ਜਾਚਨਾ ਨਹੀਂ ਕਰਦੇ, ਉਦੋਂ ਖ਼ਾਲਸਾ ਪੰਥ ਇਨ੍ਹਾਂ ਨੂੰ ਮੂੰਹ ਨਾ ਲਗਾਏ।

Have something to say? Post your comment

 
 
 

ਪੰਜਾਬ

ਮੁੱਖ ਮੰਤਰੀ ਵੱਲੋਂ ਅਖਾੜਾ ਪਿੰਡ ਦੇ ਬਾਇਓਗੈਸ ਪਲਾਂਟ ਦੇ ਮਸਲੇ ਦੇ ਹੱਲ ਲਈ ਸਾਂਝੀ ਕਮੇਟੀ ਬਣਾਉਣ ਦਾ ਐਲਾਨ

ਸਰਕਾਰੀ ਸਕੂਲਾਂ ਦੇ 11ਵੀਂ -12ਵੀਂ ਦੇ ਵਿਦਿਆਰਥੀਆਂ ਨੂੰ ਕਾਰੋਬਾਰ ਅਤੇ ਮਾਰਕੀਟਿੰਗ ਵਿੱਚ ਪ੍ਰਬੀਨ ਬਣਾਏਗੀ ਪੰਜਾਬ ਸਰਕਾਰ: ਹਰਜੋਤ ਬੈਂਸ

ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ: ਮੁੱਖ ਮੰਤਰੀ

ਮੁੱਖ ਮੰਤਰੀ ਵੱਲੋਂ ਪਵਿੱਤਰ ਨਗਰੀ ਦੇ ਵਸਨੀਕਾਂ ਨੂੰ ਲਗਪਗ 350 ਕਰੋੜ ਰੁਪਏ ਦਾ ਤੋਹਫ਼ਾ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਮੀਰੀ ਪੀਰੀ ਦਿਵਸ

ਤਖਤ ਸ੍ਰੀ ਪਟਨਾ ਸਾਹਿਬ ਵੱਲੋਂ ਸ. ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦੇਣਾ ਅਧਿਕਾਰਾਂ ਤੋਂ ਬਾਹਰੀ ਕਾਰਵਾਈ- ਐਡਵੋਕੇਟ ਧਾਮੀ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਸਵੀਂ ਅਤੇ ਭਾਈ ਮਨੀ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ

ਖ਼ਾਲਸਾ ਕਾਲਜ ਨਰਸਿੰਗ ਵੱਲੋਂ ਬਲੱਡ ਪ੍ਰੈਸ਼ਰ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ

ਪੰਜਾਬ ਸਰਕਾਰ ਵੱਲੋਂ 5ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ: ਹਰਜੋਤ ਬੈਂਸ

ਮੰਤਰੀ ਦੀ ਅਪੀਲ; ਬਾਲ ਵਿਆਹ ਦੀ ਕੁਰੀਤੀ ਨੂੰ ਸਮਾਜ ਵਿਚੋਂ ਜੜੋਂ ਖਤਮ ਕਰਨ ਲਈ ਸਰਕਾਰ ਦਾ ਸਹਿਯੋਗ ਦਿਓ