ਨੈਸ਼ਨਲ

ਪਟਨਾ ਸਾਹਿਬ ਪ੍ਰਬੰਧਕ ਕਮੇਟੀ ਪੰਦਰਾਂ ਦਿਨਾਂ ਵਿਚ ਆਪਣਾ ਪੱਖ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁਖ ਰੱਖਣ ਨਹੀਂ ਤਾਂ ਹੋਏਗੀ ਸਖ਼ਤ ਕਾਰਵਾਈ 

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | July 05, 2025 11:19 PM

ਨਵੀਂ ਦਿੱਲੀ  ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ, ਜਿਸ ਵਿੱਚ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਨਾਲ ਸਬੰਧਤ ਮਾਮਲਾ ਵਿਚਾਰਿਆ ਗਿਆ। ਇਕੱਤਰਤਾ ਵਿੱਚ ਮਿਤੀ 19 ਨਵੰਬਰ 2003 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਵੱਲੋਂ ਪਾਸ ਕੀਤੇ ਗਏ ਮਤਾ ਨੰ: 01 ਦੀ ਪ੍ਰੋੜ੍ਹਤਾ ਕਰਦਿਆਂ, ਇਸ ਹੁਕਮਨਾਮੇ ਅਤੇ ਸਿੱਖ ਰਵਾਇਤਾਂ ਦੀ ਰੋਸ਼ਨੀ ਵਿੱਚ ਇਹ ਫੈਸਲਾ ਕੀਤਾ ਗਿਆ ਹੈ ਕਿ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਮਿਤੀ 21 ਮਈ 2025 ਨੂੰ ਜੋ ਪੱਤਰ ਨੰਬਰ ਤਪਸ/36/ਹ/2025 ਅਤੇ ਮਿਤੀ 05 ਜੁਲਾਈ 2025 ਨੂੰ ਜੋ ਪੱਤਰ ਤਪਸ/40/ਹ/2025 ਜਾਰੀ ਕੀਤੇ ਗਏ ਹਨ ਇਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਉਕਤ ਆਦੇਸ਼ ਦੀ ਘੋਰ ਉਲੰਘਣਾ ਹੈ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ ਨੂੰ ਢਾਹ ਲਗਾਉਣ ਵਾਲੇ ਹਨ। ਪੰਜੇ ਤਖ਼ਤ ਸਾਹਿਬਾਨ ਸਿੱਖ ਸ਼ਕਤੀ ਦੇ ਸੋਮੇ ਹਨ ਜਿਨ੍ਹਾਂ ਪ੍ਰਤੀ ਵਿਸ਼ਵ ਭਰ ਵਿੱਚ ਵੱਸਦੀ ਸਿੱਖ ਸੰਗਤ ਦੀ ਡੂੰਘੀ ਸ਼ਰਧਾ ਹੈ ਅਤੇ ਇਹ ਪਾਵਨ ਗੁਰ ਅਸਥਾਨ ਅਤੀ ਸਤਿਕਾਰਯੋਗ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਗੁਰੂ ਪਾਤਸ਼ਾਹ ਜੀ ਨੇ ਆਪ ਸਰਬਉੱਚਤਾ ਬਖ਼ਸ਼ੀ ਹੈ। ਪਰੰਤੂ ਕੁਝ ਲੋਕ ਸਿੱਖ-ਵਿਰੋਧੀ ਤਾਕਤਾਂ ਦੇ ਅਨੁਸਾਰ ਚੱਲਦਿਆਂ ਆਪਣੇ ਨਿਜੀ ਸੁਆਰਥਾਂ ਲਈ ਸਾਜ਼ਸ਼ਾਂ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ ਨੂੰ ਚੁਣੌਤੀ ਦੇਣ ਦੀ ਕੋਸ਼ਿਸ਼ ਕਰ ਰਹੇ ਹਨ, ਜਿਸ ਨੂੰ ਗੁਰੂ ਪੰਥ ਕਦੇ ਵੀ ਬਰਦਾਸ਼ਤ ਨਹੀਂ ਕਰੇਗਾ। ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਸ਼ੁਰੂ ਤੋਂ ਹੀ ਖ਼ਾਲਸਾ ਪੰਥ ਨਾਲ ਸਬੰਧਤ ਮਾਮਲੇ ਵਿਚਾਰ ਕੇ ਫ਼ੈਸਲੇ ਕੀਤੇ ਜਾਂਦੇ ਰਹੇ ਹਨ ਅਤੇ ਬਾਕੀ ਤਖ਼ਤ ਸਾਹਿਬਾਨਾਂ ਨੂੰ ਵੀ ਆਪਣੇ- ਆਪਣੇ ਸਥਾਨਕ ਫ਼ੈਸਲੇ ਕਰਨ ਦਾ ਪੂਰਾ ਅਧਿਕਾਰ ਹੈ, ਪਰੰਤੂ ਪੰਥਕ ਤੇ ਧਾਰਮਿਕ ਮਾਮਲਿਆਂ ਸਬੰਧੀ ਅੰਤਿਮ ਰਾਏ ਸਿਰਫ਼ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਹੀ ਮੰਨੀ ਜਾਂਦੀ ਹੈ। ਸਮੁੱਚਾ ਖਾਲਸਾ ਪੰਥ ਇੱਕ ਪਰਿਵਾਰ ਹੈ - "ਹਰਿ ਨਾਮੈ ਕੇ ਹੋਵਹੁ ਜੋੜੀ ਗੁਰਮੁਖਿ ਬੈਸਹੁ ਸਫਾ ਵਿਛਾਇ॥੧॥" ਦੇ ਗੁਰ ਸਿਧਾਂਤ ਅਨੁਸਾਰ ਗੁਰੂ ਸਾਹਿਬ ਨੇ ਸਾਨੂੰ ਹਮੇਸ਼ਾ ਆਪਸੀ ਪ੍ਰੇਮ, ਇਤਫ਼ਾਕ ਤੇ ਸਾਂਝ ਨਾਲ ਰਹਿਣ ਦਾ ਉਪਦੇਸ਼ ਦਿੱਤਾ ਹੈ, ਪਰੰਤੂ ਮੌਜੂਦਾ ਸਮੇਂ ਸਾਜ਼ਸ਼ਾਂ ਅਧੀਨ ਪੰਥ ਦੀ ਇਕਜੁੱਟਤਾ ਤੇ ਸਿੱਖ ਸ਼ਕਤੀ ਨੂੰ ਕਮਜ਼ੋਰ ਤੇ ਖੰਡਤ ਕਰਨ ਲਈ ਕੋਝੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ। ਇਕੱਤਰਤਾ ਵਿੱਚ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਜੋ ਮਿਤੀ 21 ਮਈ 2025 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਿੰਘ ਸਾਹਿਬ ਜਥੇਦਾਰ ਟੋਕ ਸਿੰਘ ਅਤੇ ਮਿਤੀ 05 ਜੁਲਾਈ 2025 ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਬਾਬਤ ਗ਼ੈਰ-ਸਿਧਾਂਤਕ ਅਤੇ ਆਪਣੇ ਅਧਿਕਾਰ ਖੇਤਰ ਤੋਂ ਬਾਹਰ ਜਾ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ ਨੂੰ ਢਾਹ ਲਗਾਉਣ ਦੀ ਮੰਦਭਾਵਨਾ ਨਾਲ ਜੋ ਫੈਸਲੇ ਕੀਤੇ ਹਨ, ਇਨ੍ਹਾਂ ਨੂੰ ਪੂਰਨ ਰੂਪ ਵਿੱਚ ਅਪ੍ਰਵਾਨ ਕੀਤਾ ਜਾਂਦਾ ਹੈ।

ਇਹ ਸਪੱਸ਼ਟ ਕੀਤਾ ਜਾਂਦਾ ਹੈ ਕਿ ਮਿਤੀ 21 ਮਈ 2025 ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਪਾਸ ਕੀਤੇ ਗਏ ਮਤਾ ਨੰ: 03 (ਅ:ਤ/222) ਅਤੇ ਮਤਾ ਨੰ: 04 (ਅ:ਤ/223), ਬੀਤੇ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਪੰਜ ਸਿੰਘ ਸਾਹਿਬਾਨ - (ਗਿਆਨੀ ਹਰਪ੍ਰੀਤ ਸਿੰਘ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ, ਗਿਆਨੀ ਰਘਬੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਗਿਆਨੀ ਸੁਲਤਾਨ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗਿਆਨੀ ਮਲਕੀਤ ਸਿੰਘ ਐਡੀਸ਼ਨਲ ਹੈੱਡ ਗ੍ਰੰਥੀ ਸ੍ਰੀ ਅਕਾਲ ਤਖ਼ਤ ਸਾਹਿਬ, ਭਾਈ ਮੰਗਲ ਸਿੰਘ ਪੰਜ ਪਿਆਰਾ ਸ੍ਰੀ ਅਕਾਲ ਤਖ਼ਤ ਸਾਹਿਬ) ਦੀ ਇਕੱਤਰਤਾ ਮਿਤੀ 06 ਦਸੰਬਰ 2022 ਦੇ ਆਦੇਸ਼ ਨੰ: ਅ/ਤ/163 ਦੀ ਪ੍ਰੋੜਤਾ ਕਰਦਿਆਂ ਹੀ ਕੀਤੇ ਗਏ ਸਨ। ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਮਾਮਲਿਆਂ ਦੇ ਸਬੰਧ ਵਿੱਚ ਉੱਥੋਂ ਦੀ ਪ੍ਰਬੰਧਕ ਕਮੇਟੀ ਨੂੰ ਆਪਣਾ ਪੱਖ ਰੱਖਣ ਲਈ ਆਦੇਸ਼ ਕੀਤੇ ਗਏ ਸਨ, ਪਰੰਤੂ ਉਨ੍ਹਾਂ ਵੱਲੋਂ ਹੁਣ ਤੱਕ ਅਜਿਹਾ ਨਹੀਂ ਕੀਤਾ ਗਿਆ। ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਆਦੇਸ਼ ਦੀ ਪਾਲਣਾ ਕਰਨ ਦੀ ਬਜਾਏ, ਭਾਈ ਗੁਰਦਿਆਲ ਸਿੰਘ, ਜਿਨ੍ਹਾਂ ਦੀਆਂ ਪੰਥਕ ਸੇਵਾਵਾਂ ਉੱਪਰ ਰੋਕ ਲੱਗੀ ਹੈ, ਉਹ ਹੁਣ ਵੀ ਮੁੱਖ ਸਾਜ਼ਸ਼ਘਾੜੇ ਬਣ ਕੇ ਅਤੇ ਪੰਥ ਵਿਰੋਧੀ ਤਾਕਤਾਂ ਦਾ ਹੱਥਨੋਕਾ ਬਣਕੇ ਤਖ਼ਤ ਸਾਹਿਬਾਨ ਵਿਚਕਾਰ ਦਰਾਰ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਇਨ੍ਹਾਂ ਦੀ ਭੂਮਿਕਾ ਨੂੰ ਦੇਖਦਿਆਂ ਭਾਈ ਗੁਰਦਿਆਲ ਸਿੰਘ (ਐਡੀਸ਼ਨਲ ਹੈੱਡ ਗ੍ਰੰਥੀ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ) ਨੂੰ ਤਨਖਾਹੀਆ ਐਲਾਨ ਕੀਤਾ ਜਾਂਦਾ ਹੈ ਅਤੇ ਜੇਕਰ ਕੋਈ ਇਨ੍ਹਾਂ ਨੂੰ ਗੁਰਮਤਿ ਸਮਾਗਮ ਜਾਂ ਪੰਥਕ ਸਟੇਜ ਪੁਰ ਬੁਲਾਏਗਾ ਤਾਂ ਉਨ੍ਹਾਂ ਦੇ ਵਿਰੁੱਧ ਵੀ ਪੰਥਕ ਰਵਾਇਤਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਜਦੋਂ ਤੱਕ ਭਾਈ ਗੁਰਦਿਆਲ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁਖ ਪੇਸ਼ ਹੋ ਕੇ ਖਿਮਾ ਜਾਚਨਾ ਕਰਦਿਆਂ ਆਪਣਾ ਪੱਖ ਨਹੀਂ ਰੱਖਦੇ, ਖ਼ਾਲਸਾ ਪੰਥ ਇਸ ਨੂੰ ਮੂੰਹ ਨਾ ਲਾਵੇ। ਮਿਤੀ 21 ਮਈ 2025 ਨੂੰ ਹੋਏ ਆਦੇਸ਼ਾਂ ਉਪਰੰਤ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਮੈਂਬਰ ਤੇ ਬੁਲਾਰਾ ਸ. ਹਰਪਾਲ ਸਿੰਘ (ਜੌਹਲ) ਲਗਾਤਾਰ ਮੀਡੀਆ/ਸੋਸ਼ਲ ਮੀਡੀਆ ਰਾਹੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਣ-ਮਰਯਾਦਾ ਤੇ ਸਰਬਉੱਚਤਾ ਵਿਰੁੱਧ ਕੂੜ ਪ੍ਰਚਾਰ ਕਰਦੇ ਆ ਰਹੇ ਹਨ। ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪੱਤਰ ਨੰ: ਟੀ.ਪੀ.ਐੱਸ ਵਿਸ਼ੇਸ਼: 2022 ਮਿਤੀ 10 ਦਸੰਬਰ 2022 ਅਨੁਸਾਰ ਕਮੇਟੀ ਨੇ ਆਪ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਇਹ ਲਿਖਤੀ ਰੂਪ ਵਿੱਚ ਭੇਜਿਆ ਹੋਇਆ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦੀ ਉਲੰਘਣਾ ਕਰਨ ਵਾਲਾ ਆਪ ਹੀ ਤਨਖਾਹੀਆ ਹੋ ਜਾਂਦਾ ਹੈ। ਤਖ਼ਤ ਸ੍ਰੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਇੱਕ ਹੋਰ ਮੈਂਬਰ ਡਾ. ਗੁਰਮੀਤ ਸਿੰਘ ਦੀ ਭੂਮਿਕਾ ਵੀ ਮੁੱਖ ਸਾਜਸ਼ਘਾੜੇ ਵਜੋਂ ਸਾਹਮਣੇ ਆਈ ਹੈ। ਇਸ ਲਈ ਸ.ਹਰਪਾਲ ਸਿੰਘ ਅਤੇ ਡਾ. ਗੁਰਮੀਤ ਸਿੰਘ ਨੂੰ ਤਨਖਾਹੀਆ ਕਰਾਰ ਦਿੱਤਾ ਜਾਂਦਾ ਹੈ ਅਤੇ ਜਦੋਂ ਤੱਕ ਇਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁਖ ਨਿਜੀ ਰੂਪ ਵਿੱਚ ਪੇਸ਼ ਹੋ ਕੇ ਆਪਣੀ ਗਲਤੀਆਂ ਦੀ ਖਿਮਾ ਜਾਚਨਾ ਨਹੀਂ ਕਰਦੇ, ਉਦੋਂ ਖ਼ਾਲਸਾ ਪੰਥ ਇਨ੍ਹਾਂ ਨੂੰ ਮੂੰਹ ਨਾ ਲਗਾਏ। ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ, ਸੀਨੀਅਰ ਮੀਤ ਪ੍ਰਧਾਨ ਲਖਵਿੰਦਰ ਸਿੰਘ, ਗੁਰਵਿੰਦਰ ਸਿੰਘ ਜੂਨੀਅਰ ਮੀਤ ਪ੍ਰਧਾਨ, ਇੰਦਰਜੀਤ ਸਿੰਘ ਜਨਰਲ ਸਕੱਤਰ, ਹਰਬੰਸ ਸਿੰਘ ਸਕੱਤਰ, ਗੋਬਿੰਦ ਸਿੰਘ ਲੌਂਗੋਵਾਲ ਮੈਂਬਰ, ਰਾਜਾ ਸਿੰਘ ਮੈਂਬਰ, ਮਹਿੰਦਰਪਾਲ ਸਿੰਘ ਮੈਂਬਰ ਨੂੰ ਪੰਦਰਾਂ (15) ਦਿਨਾਂ ਦੇ ਵਿੱਚ ਆਪਣਾ ਪੱਖ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁਖ ਰੱਖਣ ਦਾ ਆਦੇਸ਼ ਕੀਤਾ ਜਾਂਦਾ ਹੈ। ਇਸ ਉਪਰੰਤ ਪੰਥਕ ਰਵਾਇਤਾਂ ਅਨੁਸਾਰ ਸਖਤ ਕਾਰਵਾਈ ਕੀਤੀ ਜਾਵੇਗੀ।

Have something to say? Post your comment

 
 
 

ਨੈਸ਼ਨਲ

ਮੀਰੀ-ਪੀਰੀ ਦਿਵਸ ਵਾਲੇ ਦਿਨ ਤਖਤ ਸਾਹਿਬਾਨਾ ਦੇ ਜਥੇਦਾਰਾਂ ਵੱਲੋਂ ਕੀਤੀ ਗਈਆਂ ਕਾਰਵਾਈਆਂ ਕੌਮੀ ਨਮੋਸ਼ੀ ਪੂਰਵਕ - ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ

ਸਾਹਿਬ ਫਾਊਂਡੇਸ਼ਨ ਵੱਲੋਂ ਨੌਜਵਾਨ ਪੀੜ੍ਹੀ ਅੰਦਰ ਗੁਰਮਤਿ ਅਧਾਰਤ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨ ਲਈ ਗੁਰਮਤਿ ਕੈਂਪ ਦਾ ਉਪਰਾਲਾ

ਭਾਈ ਸਾਹਿਬ ਭਾਈ ਰਣਧੀਰ ਸਿੰਘ ਜੀ ਦੀ ਯਾਦ ਵਿਚ ਟੋਰਾਂਟੋ ਦੇ ਵੱਖ ਵੱਖ ਗੁਰਦੁਆਰਾ ਸਾਹਿਬਾਨ ਵਿਖ਼ੇ ਅਖੰਡ ਕੀਰਤਨ ਸਮਾਗਮ

ਦਿੱਲੀ ਯੂਨੀਵਰਸਿਟੀ ਵੱਲੋਂ ਇਤਿਹਾਸ ’ਚ ਸਿੱਖ ਸ਼ਹਾਦਤਾਂ ਬਾਰੇ ਅੰਡਰ ਗਰੈਜੂਏਟ ਕੋਰਸ ਸ਼ੁਰੂ ਕਰਨਾ ਸ਼ਲਾਘਾਯੋਗ ਕਦਮ: ਕਾਲਕਾ/ਕਾਹਲੋਂ

ਨਾਮਪਲੇਟ ਵਿਵਾਦ: ਰਾਮਦੇਵ ਨੇ ਕਿਹਾ 'ਹਰ ਕਿਸੇ ਦੇ ਪੂਰਵਜ ਹਿੰਦੂ ਹਨ, ਨਾਮ ਲੁਕਾਉਣਾ ਅਣਉਚਿਤ ਹੈ'

ਤਖ਼ਤ ਸ੍ਰੀ ਪਟਨਾ ਸਾਹਿਬ ਵੱਲੋਂ ਲਿਆ ਫ਼ੈਸਲਾ ਸਿੱਖ ਰਵਾਇਤਾਂ ਦੇ ਉਲਟ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਚੁਣੌਤੀ ਦੇਣ ਵਾਲਾ: ਸਰਨਾ

ਅਕਾਲੀ ਦਲ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ

ਗੁਰਦੁਆਰਾ ਰਾਜੌਰੀ ਗਾਰਡਨ ਦੀ ਨਵੀਂ ਇਮਾਰਤ 'ਚ ਸੰਗਤ ਦੀ ਸੁਵਿਧਾ ਲਈ ਲਿਫਟ ਦਾ ਉਦਘਾਟਨ

ਤਖਤ ਸ੍ਰੀ ਪਟਨਾ ਸਾਹਿਬ ਨੇ ਦਿੱਤਾ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ

ਬਿਹਾਰ ਵੋਟਰ ਸੋਧ ਮਾਮਲਾ ਪਹੁੰਚਿਆ ਸੁਪਰੀਮ ਕੋਰਟ , ਐਸੋਸੀਏਸ਼ਨ ਫਾਰ ਡੈਮੋਕ੍ਰੇਟਿਕ ਰਿਫਾਰਮਜ਼ ਨੇ ਦਿੱਤੀ ਚੁਣੌਤੀ