ਨਵੀਂ ਦਿੱਲੀ -ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਜਥੇਦਾਰ ਕੁਲਦੀਪ ਸਿੰਘ ਭੋਗਲ, ਜਤਿੰਦਰ ਸਿੰਘ ਸਾਹਨੀ, ਰਵਿੰਦਰ ਸਿੰਘ ਖੁਰਾਣਾ, ਮਨਜੀਤ ਸਿੰਘ ਸਰਨਾ ਨੇ ਨਾਡਾ ਸਾਹਿਬ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਉਪਰੋਕਤ ਆਗੂ ਨਾਡਾ ਸਾਹਿਬ ਗੁਰਦੁਆਰਾ ਸਾਹਿਬ ਪਹੁੰਚੇ ਅਤੇ ਮੱਥਾ ਟੇਕ ਕੇ ਗੁਰੂ ਮਹਾਰਾਜ ਅੱਗੇ ਅਰਦਾਸ ਕੀਤੀ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਪਿਛਲੇ ਕੁਝ ਸਮੇਂ ਵਿੱਚ ਕਈ ਚੁਣੌਤੀਆਂ ਦਾ ਸਾਹਮਣਾ ਕਰਨਾ ਪਿਆ ਹੈ, ਉਨ੍ਹਾਂ ਸਾਰਿਆਂ ਨੂੰ ਦੂਰ ਕਰਣ ਅਤੇ ਅਕਾਲੀ ਦਲ ਨੂੰ ਦੁਬਾਰਾ ਚੜ੍ਹਦੀ ਕਲਾ ਦਾ ਆਸ਼ੀਰਵਾਦ ਲਈ ਅਰਦਾਸ ਕੀਤੀ ਗਈ । ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਾਹਿਬ ਵੱਲੋਂ ਅਕਾਲੀ ਆਗੂਆਂ ਨੂੰ ਸਿਰੋਪੇ ਭੇਟ ਕੀਤੇ ਗਏ। ਦਰਸ਼ਨ ਤੋਂ ਬਾਅਦ ਉਪਰੋਕਤ ਆਗੂਆਂ ਨੇ ਮੀਡੀਆ ਨੂੰ ਜਾਰੀ ਬਿਆਨ ਵਿੱਚ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਿੱਖ ਮੁੱਦਿਆਂ 'ਤੇ ਨਜ਼ਰ ਰੱਖਣ ਅਤੇ ਸਰਕਾਰਾਂ ਵੱਲੋਂ ਕੌਮੀ ਮੁੱਦਿਆਂ ਦਾ ਹੱਲ ਕਰਵਾਉਣ ਲਈ ਬਣਾਇਆ ਗਿਆ ਸੀ, ਪਰ ਪਿਛਲੇ ਕੁਝ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਵਿੱਚ ਜੋ ਸੰਕਟ ਦਿਖਾਈ ਦੇ ਰਿਹਾ ਹੈ, ਉਸ ਨੇ ਪਾਰਟੀ ਦੇ ਹਰ ਵਰਕਰ ਨੂੰ ਠੇਸ ਪਹੁੰਚਾਈ ਹੈ, ਜਿਸ ਕਾਰਨ ਅੱਜ ਇਨ੍ਹਾਂ ਆਗੂਆਂ ਨੇ ਗੁਰੂ ਮਹਾਰਾਜ ਅੱਗੇ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਸਿਰਫ਼ ਅਕਾਲੀ ਦਲ ਦੇ ਵਰਕਰ ਹੀ ਨਹੀਂ ਸਗੋਂ ਪੰਜਾਬ ਅਤੇ ਪੰਜਾਬੀਅਤ ਨੂੰ ਪਿਆਰ ਕਰਨ ਵਾਲਾ ਹਰ ਕੋਈ ਚਾਹੁੰਦਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੱਡੀਆਂ ਬੁਲੰਦੀਆਂ 'ਤੇ ਪਹੁੰਚੇ ਕਿਉਂਕਿ ਜੇਕਰ ਕਿਸੇ ਨੂੰ ਪੰਜਾਬ ਅਤੇ ਪੰਜਾਬੀਅਤ ਦੀ ਚਿੰਤਾ ਹੈ ਤਾਂ ਉਹ ਸ਼੍ਰੋਮਣੀ ਅਕਾਲੀ ਦਲ ਹੈ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਜਲਦੀ ਹੀ ਪਾਰਟੀ ਵਿੱਚ ਆਏ ਨਿਘਾਰ ਨੂੰ ਦੂਰ ਕੀਤਾ ਜਾਵੇਗਾ ਅਤੇ ਪਾਰਟੀ ਦੁਬਾਰਾ ਵੱਡੀਆਂ ਬੁਲੰਦੀਆਂ 'ਤੇ ਪਹੁੰਚੇਗੀ। ਉਨ੍ਹਾਂ ਕਿਹਾ ਕਿ ਅੱਜ ਕੁਝ ਆਗੂ ਆਪਣੇ ਨਿੱਜੀ ਹਿੱਤਾਂ ਲਈ ਜਾਂ ਕਿਸੇ ਲਾਲਚ ਕਾਰਨ ਪਾਰਟੀ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਉਨ੍ਹਾਂ ਨੂੰ ਇਸ ਤੋਂ ਬਚਣਾ ਚਾਹੀਦਾ ਹੈ ਕਿਉਂਕਿ ਜੇਕਰ ਪੰਥਕ ਪਾਰਟੀ ਨਹੀਂ ਹੈ ਤਾਂ ਪੰਥ ਦੀ ਬਿਹਤਰੀ ਦੀ ਗੱਲ ਕੌਣ ਕਰੇਗਾ।