ਮੁੱਖ ਮੰਤਰੀ ਭਗਵੰਤ ਮਾਨ ਅੱਜ ਪਾਣੀਆਂ ਦੇ ਮੁੱਦੇ ਉੱਤੇ ਵਿਧਾਨ ਸਭਾ ਵਿੱਚ ਬੋਲ ਰਹੇ ਸਨ ਤਾਂ ਉਹਨਾਂ ਨੂੰ ਇਸ ਗੱਲ ਦੀ ਬੜੀ ਪੀੜ ਹੋਈ ਕਿ ਜਦੋਂ ਕੰਮ ਹੋਵੇ ਤਾਂ ਸਰਦਾਰ ਨਹੀਂ ਤਾਂ ਗੱਦਾਰ। ਉਨ੍ਹਾਂ ਕਿਹਾ ਕਿ ਸਾਡੇ ਪੰਜਾਬ ਦਾ ਪੁੱਤਰ ਜਿਸ ਦੀ ਫਿਲਮ ‘ਸਰਦਾਰ ਜੀ 3’ ਨੂੰ ਲੈ ਕੇ ਹੁਣ ਵਿਵਾਦ ਬਣਾਇਆ ਹੋਇਆ ਹੈ, ਉਹ ਫਿਲਮ ਤਾਂ ਪਹਿਲਗਾਮ ਹਮਲੇ ਤੋਂ ਪਹਿਲਾਂ ਹੀ ਬਣ ਚੁੱਕੀ ਸੀ। ਜੇਕਰ ਇਸ ਵਿੱਚ ਪਾਕਿਸਤਾਨੀ ਅਦਾਕਾਰਾਂ ਨੇ ਕੰਮ ਕੀਤਾ ਹੈ ਤਾਂ ਇਸਦਾ ਮਤਲਬ ਇਹ ਤਾਂ ਨਹੀਂ ਕੀ ਦਿਲਜੀਤ ਗੱਦਾਰ ਹੋ ਗਏ। ਪਾਕਿਸਤਾਨ ਦਾ ਕਲਚਰ ਸਾਡੇ ਪੰਜਾਬ ਨਾਲ ਕਾਫੀ ਮਿਲਦਾ ਹੈ। ਇਸ ਲਈ ਕਲਾਕਾਰਾਂ ਨਾਲ ਅਜਿਹਾ ਪੱਖਪਾਤ ਕਦੇ ਵੀ ਨਹੀਂ ਕਰਨਾ ਚਾਹੀਦਾ। ਪਰ ਜੋ ਦਿਲਜੀਤ ਦੌਸਾਂਝ ਨਾਲ ਹੋ ਰਿਹਾ ਹੈ ਉਹ ਬਹੁਤ ਗਲਤ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਵਿਸ਼ਵ ਗੁਰੂ ਬਣਨ ਦੇ ਚਾਹਵਾਨ ਤਾਂ ਹਨ ਪਰ ਸੂਬੇ ਦੇ ਮਾਮਲਿਆਂ ਬਾਰੇ ਉਨ੍ਹਾਂ ਨੂੰ ਕੋਈ ਚਿੰਤਾ-ਫ਼ਿਕਰ ਨਹੀਂ ਅਤੇ ਇਸ ਰਵੱਈਏ ਦੇ ਚਲਦਿਆਂ ਨਾਗਰਿਕਾਂ ਦੇ ਬੁਨਿਆਦੀ ਮੁੱਦਿਆਂ ਨੂੰ ਸਿਰੇਂ ਤੋਂ ਦਰਕਿਨਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਹਾਲਾਤ ਬਹੁਤ ਮਾੜੇ ਹਨ ਕਿਉਂਕਿ ਪਹਿਲਗਾਮ ਹਮਲੇ ਤੋਂ ਪਹਿਲਾਂ ਬਣੀ ਫਿਲਮ ਭਾਰਤ ਵਿੱਚ ਰਿਲੀਜ਼ ਨਹੀਂ ਕਰਨ ਦਿੱਤੀ ਜਾ ਰਹੀ, ਪਰ ਪ੍ਰਧਾਨ ਮੰਤਰੀ ਕਿਸੇ ਵੀ ਸਮੇਂ ਪਾਕਿਸਤਾਨ ਜਾ ਕੇ ‘ਬਿਰਿਆਨੀ’ ਖਾ ਸਕਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇੱਕ ਪਾਸੇਂ ਤਾਂ ਪ੍ਰਧਾਨ ਮੰਤਰੀ ਵਿਦੇਸ਼ਾਂ ਦੇ ਦੌਰਿਆਂ ‘ਤੇ ਰਹਿੰਦੇ ਹਨ, ਦੂਜੇ ਪਾਸੇਂ ਆਪਣੇ ਹੀ ਦੇਸ਼ ਵਿੱਚ ਉਹ 140 ਕਰੋੜ ਭਾਰਤੀਆਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਵਿੱਚ ਹਮੇਸ਼ਾ ਨਾਕਾਮ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਕੋਲ 10, 000 ਤੋਂ ਵੀ ਘੱਟ ਆਬਾਦੀ ਵਾਲੇ ਦੇਸ਼ਾਂ ਤੋਂ ਵਿਦੇਸ਼ੀ ਸਨਮਾਨ ਹਾਸਲ ਕਰਨ ਦਾ ਸਮਾਂ ਹੈ ਪਰ ਦੇਸ਼ ਦੇ ਮਹੱਤਵਪੂਰਨ ਮੁੱਦਿਆਂ ਵੱਲ ਧਿਆਨ ਦੇਣ ਲਈ ਉਨ੍ਹਾਂ ਕੋਲ ਕੋਈ ਸਮਾਂ ਨਹੀਂ।
ਮੁੱਖ ਮੰਤਰੀ ਨੇ ਕੇਂਦਰ ਸਰਕਾਰ 'ਤੇ ਪੰਜਾਬ ਤੇ ਪੰਜਾਬੀਆਂ ਨੂੰ ਨਿਸ਼ਾਨਾ ਬਣਾਉਣ ਅਤੇ ਪੰਜਾਬੀਆਂ ਦੀ ਕੌਮੀਅਤ 'ਤੇ ਸਵਾਲ ਉਠਾਉਣ ਲਈ ਕਰੜੀ ਆਲੋਚਨਾ ਕਰਦਿਆਂ ਕਿਹਾ ਕਿ ਸਰਹੱਦਾਂ ਦੀ ਰਾਖੀ ਅਤੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਸਵੈ-ਨਿਰਭਰ ਬਣਾਉਣ ਵਿੱਚ ਪੰਜਾਬ ਨੇ ਮੋਹਰੀ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਜਾਂ ਤਾਂ ਸਾਨੂੰ 'ਗੱਦਰ' ਕਿਹਾ ਜਾਂਦਾ ਹੈ ਜੋ ਕਿ ਬਹੁਤ ਹੀ ਅਪਮਾਨਜਨਕ ਅਤੇ ਬਰਦਾਸ਼ਤ ਤੋਂ ਬਾਹਰ ਹੈ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਪੰਜਾਬੀਆਂ ਦੀ ਰਾਸ਼ਟਰਵਾਦੀ ਭਾਵਨਾ ਅਤੇ ਦੇਸ਼ ਭਗਤੀ 'ਤੇ ਸਵਾਲ ਉਠਾਉਣ ਦਾ ਅਧਿਕਾਰ ਨਹੀਂ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਨੂੰ ਦੇਸ਼ ਪ੍ਰਤੀ ਆਪਣੇ ਪਿਆਰ ਲਈ ਇਨ੍ਹਾਂ ਤਾਕਤਾਂ ਦੇ ਸਰਟੀਫਿਕੇਟ ਦੀ ਲੋੜ ਨਹੀਂ ਹੈ ਕਿਉਂਕਿ ਵਤਨ ਪ੍ਰਤੀ ਸਾਡਾ ਪਿਆਰ ਸਾਡੇ ਸ਼ਾਨਦਾਰ ਯੋਗਦਾਨ ਤੋਂ ਸਪੱਸ਼ਟ ਰੂਪ ਵਿੱਚ ਝਲਕਦਾ ਹੈ।