ਨਵੀਂ ਦਿੱਲੀ - ਦੇਸ਼ ਦੀ ਸੁਪਰੀਮ ਕੋਰਟ ਨੇ ਇਲਾਹਾਬਾਦ ਹਾਈ ਕੋਰਟ ਨੂੰ ਕਾਨਪੁਰ ਵਿਖ਼ੇ ਨਵੰਬਰ 1984 ਵਿਚ ਕੀਤੇ ਗਏ ਸਿੱਖ ਕਤਲੇਆਮ ਨਾਲ ਸਬੰਧਤ ਮਾਮਲਿਆਂ ਦੀ ਸੁਣਵਾਈ ਕਰਣ ਦੀ ਅਪੀਲ 'ਤੇ ਵਿਸ਼ੇਸ਼ ਧਿਆਨ ਦੇ ਕੇ ਮਾਮਲੇ ਦਾ ਨਿਪਟਾਰਾ ਕਰਨ ਦੀ ਅਪੀਲ ਕੀਤੀ ਹੈ। ਆਲ ਇੰਡੀਆ ਦੰਗਾ ਪੀੜਤ ਰਾਹਤ ਕਮੇਟੀ 1984 ਦੇ ਪ੍ਰਧਾਨ ਜਥੇਦਾਰ ਕੁਲਦੀਪ ਸਿੰਘ ਭੋਗਲ ਨੇ ਪ੍ਰੈਸ ਨੂੰ ਦਿੱਤੇ ਬਿਆਨ ਵਿੱਚ ਕਿਹਾ ਕਿ ਸੁਪਰੀਮ ਕੋਰਟ ਵਿੱਚ, ਜਸਟਿਸ ਸੂਰਿਆਕਾਂਤ ਅਤੇ ਜਸਟਿਸ ਜੋਏ ਮਾਲਿਆ ਬਾਗਚੀ ਨੇ ਕਾਨਪੁਰ ਸਿੱਖ ਕਤਲੇਆਮ ਮਾਮਲਿਆਂ ਲਈ ਦਾਇਰ ਜਨਹਿੱਤ ਪਟੀਸ਼ਨ 45/17 ਵਿੱਚ ਪਟੀਸ਼ਨਰ ਕੁਲਦੀਪ ਸਿੰਘ ਭੋਗਲ ਅਤੇ ਉਨ੍ਹਾਂ ਦੇ ਵਕੀਲਾਂ ਸ਼੍ਰੀ ਪ੍ਰਸੂਨ ਕੁਮਾਰ, ਜਗਜੀਤ ਸਿੰਘ, ਆਦਿਤਿਆ ਚੌਧਰੀ ਐਡਵੋਕੇਟ ਕੋਲੋਂ ਮਾਮਲੇ ਨਾਲ ਸਬੰਧਤ ਤੱਥਾਂ ਬਾਰੇ ਪੁੱਛਗਿੱਛ ਕੀਤੀ। ਉਪਰੰਤ ਸੁਪਰੀਮ ਕੋਰਟ ਨੇ ਇਲਾਹਾਬਾਦ ਹਾਈ ਕੋਰਟ ਨੂੰ ਇਸ ਮਾਮਲੇ ਨਾਲ ਸਬੰਧਤ ਅਪੀਲ 'ਤੇ ਵਿਸ਼ੇਸ਼ ਧਿਆਨ ਦੇ ਕੇ ਮਾਮਲੇ ਦਾ ਨਿਪਟਾਰਾ ਕਰਨ ਦੀ ਅਪੀਲ ਕੀਤੀ ਹੈ। ਕਾਨਪੁਰ ਸਿੱਖ ਕਤਲੇਆਮ ਮਾਮਲੇ ਅੰਦਰ ਹੁਣ ਤੱਕ ਕਾਨਪੁਰ ਅਦਾਲਤ ਵਿੱਚ 11 ਮਾਮਲੇ ਵਿਚਾਰ ਅਧੀਨ ਹਨ, ਜਿਨ੍ਹਾਂ ਵਿੱਚੋਂ ਇਲਾਹਾਬਾਦ ਹਾਈ ਕੋਰਟ ਨੇ 3 ਮਾਮਲਿਆਂ 'ਤੇ ਰੋਕ ਲਗਾ ਦਿੱਤੀ ਹੈ ਅਤੇ ਬਾਕੀ ਮਾਮਲੇ ਅਜੇ ਵੀ ਅਦਾਲਤ ਵਿੱਚ ਵਿਚਾਰ ਅਧੀਨ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ, ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਵਕੀਲਾਂ ਨੇ ਸੁਪਰੀਮ ਕੋਰਟ ਦਾ ਧੰਨਵਾਦ ਕੀਤਾ ਕਿ ਅਦਾਲਤ ਇਸ ਮਾਮਲੇ ਦਾ ਨੋਟਿਸ ਲੈ ਰਹੀ ਹੈ ਅਤੇ ਮਨੁੱਖੀ ਹਮਦਰਦੀ ਨਾਲ ਇਸਦੀ ਸੁਣਵਾਈ ਕਰ ਰਹੀ ਹੈ।