ਤਲਵੰਡੀ ਸਾਬੋ- ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 11ਵੇਂ ਜਥੇਦਾਰ ਸਿੰਘ ਸਾਹਿਬ ਬਾਬਾ ਸਾਹਿਬ ਸਿੰਘ ਕਲਾਧਾਰੀ ਦੀ 83ਵੀਂ ਸਲਾਨਾ ਬਰਸੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ, ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96ਵੇਂ ਕਰੋੜੀ 14ਵੇਂ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਚਲਦਾ ਵਹੀਰ ਦੀ ਅਗਵਾਈ ਹੇਠ 28 ਜੁਲਾਈ ਤੋਂ 30 ਜੁਲਾਈ ਤੀਕ ਗੁਰਦੁਆਰਾ ਬੇਰ ਸਾਹਿਬ ਦੇਗਸਰ ਪਾ: ਦਸਵੀਂ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਮਨਾਈ ਜਾਵੇਗੀ। ਇਸ ਸਬੰਧੀ ਦਲ ਦੇ ਸਕੱਤਰ ਸ੍ਰ. ਦਿਲਜੀਤ ਸਿੰਘ ਬੇਦੀ, ਬਾਬਾ ਦਲੇਰ ਸਿੰਘ ਖਾਲਸਾ ਨੇ ਸਾਂਝੇ ਤੌਰ ਤੇ ਦੱਸਿਆ ਬਾਬਾ ਜੀ ਦੇ ਆਦੇਸ਼ਾਂ ਅਨੁਸਾਰ ਬਰਸੀ ਸਮਾਗਮਾਂ ਨੂੰ ਚੜ੍ਹਦੀਕਲਾ ‘ਚ ਮਨਾਉਣ ਲਈ ਛਾਉਣੀਆਂ ਦੇ ਵੱਖ-ਵੱਖ ਮਹੰਤਾਂ, ਵੱਖ-ਵੱਖ ਸੰਪਰਦਾਵਾਂ, ਨਿਹੰਗ ਸਿੰਘ ਜਥੇਬੰਦੀਆਂ ਦੇ ਮੁਖੀਆਂ, ਧਾਰਮਿਕ ਸ਼ਖਸ਼ੀਅਤਾਂ ਅਤੇ ਇਲਾਕੇ ਦੇ ਪਤਵੰਤਿਆਂ ਨੂੰ ਸੱਦਾ ਪੱਤਰ ਪਹੁੰਚਾਉਣ, ਤਾਲਮੇਲ ਬਨਾਉਣ ਹਿਤ ਡਿਊਟੀਆਂ ਪਹਿਲਾਂ ਹੀ ਲਗਾਈਆਂ ਜਾ ਚੁਕੀਆਂ ਹਨ। 28 ਜੁਲਾਈ ਸੋਮਵਾਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਹੋਵੇਗੀ ਜਿਸ ਦੇ ਭੋਗ 15 ਸਾਵਣ 30 ਜੁਲਾਈ ਬੁੱਧਵਾਰ ਨੂੰ ਪਾਏ ਜਾਣਗੇ। ਭੋਗ ਉਪਰੰਤ ਸਜੇ ਦੀਵਾਨਾਂ ਵਿਚ ਪੰਥ ਪ੍ਰਸਿੱਧ ਰਾਗੀ ਭਾਈ ਗੁਰਪ੍ਰੀਤ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸੰਤ ਮਨਮੋਹਣ ਸਿੰਘ ਬਾਰਨਵਾਲੇ, ਭਾਈ ਸੁਖਜੀਤ ਸਿੰਘ ਕਨੱਈਆ ਕਥਾਵਾਚਕ, ਪੰਥ ਦੇ ਪ੍ਰਸਿੱਧ ਢਾਡੀ, ਪ੍ਰਚਾਰਕ ਆਪਣੇ ਵਖਿਆਣਾਂ ਰਾਹੀਂ ਸੰਗਤਾਂ ਨੂੰ ਗੁਰਬਾਣੀ ਗੁਰ-ਇਤਿਹਾਸ ਨਾਲ ਜੋੜਣਗੇ। ਉਨਾਂ ਹੋਰ ਦੱਸਿਆ ਕਿ ਉਨ੍ਹਾਂ ਦੀ ਯਾਦ ਵਿੱਚ ਕਰਵਾਏ ਜਾ ਰਹੇ ਗੁਰਮਤਿ ਸਮਾਗਮਾਂ ਵਿੱਚ ਧਾਰਮਿਕ ਸਖ਼ਸ਼ੀਅਤਾਂ ਵਿਸ਼ੇਸ਼ ਤੌਰ ਤੇ ਹਾਜ਼ਰੀ ਭਰਨਗੀਆਂ।ਉਨ੍ਹਾਂ ਦਸਿਆ ਕਿ ਇਸ ਮੌਕੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਵਿਸ਼ੇਸ਼ ਤੌਰ ਤੇ ਅੰਮ੍ਰਿਤ ਸੰਚਾਰ ਸਮਾਗਮ ਵੀ ਹੋਵੇਗਾ। ਗੁਰੂ ਦੇ ਜਹਾਜੇ ਚੜ੍ਹਨ ਵਾਲੇ ਪ੍ਰਾਣੀ ਸਮੇਂ ਸਿਰ ਪਹੁੰਚ ਕੇ ਗੁਰੂ ਦੀ ਬਖਸ਼ਿਸ਼ ਖੰਡੇ ਬਾਟੇ ਦੀ ਪਾਹੁਲ ਪ੍ਰਾਪਤ ਕਰਨ। ਉਨ੍ਹਾਂ ਨੇ ਸੰਗਤਾਂ ਨੂੰ ਇਨ੍ਹਾਂ ਸਮਾਗਮਾਂ ਵਿੱਚ ਪਰਿਵਾਰਾਂ ਸਮੇਤ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ। ਤਿੰਨੇ ਦਿਨ ਧਾਰਮਿਕ ਦੀਵਾਨ ਸੱਜਣਗੇ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਣਗੇ। ਨਿਹੰਗ ਸਿੰਘ ਫੌਜਾਂ ਦੇ ਲਾਇਸੈਂਸ ਵੀ ਨਵੇਂ ਬਣਾਏ ਜਾਣਗੇ।