ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਅਤੇ ਸ੍ਰੀ ਦਰਬਾਰ ਸਾਹਿਬ ਦੀਆਂ ਆਰਟੀਫੀਸ਼ੀਅਲ ਇੰਟੈਲੀਜੈਂਸ (ਏ ਆਈ) ਨਾਲ ਗਲਤ ਤਸਵੀਰਾਂ ਬਣਾ ਕੇ ਵਾਇਰਲ ਕਰਨ ਦੀ ਸ਼ਿਕਾਇਤ ਦਿੱਲੀ ਪੁਲਿਸ ਦੇ ਸਾਈਬਰ ਕ੍ਰਾਈਮ ਸੈਲ ਨੂੰ ਦਿੱਤੀ ਹੈ ਤੇ ਦੋਸ਼ੀਆਂ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਬੀਤੇ ਕੱਲ੍ਹ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਬਿਨਾਂ ਦਸਤਾਰ ਤੋਂ ਤਸਵੀਰ ਬਣਾ ਕੇ ਵਾਇਰਲ ਕੀਤੀ ਗਈ। ਉਹਨਾਂ ਦੱਸਿਆ ਕਿ ਇਸ ਤੋਂ ਬਾਅਦ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਤਸਵੀਰ ਵਾਇਰਲ ਕਰ ਕੇ ਦਾਅਵਾ ਕੀਤਾ ਗਿਆ ਕਿ ਉਥੇ ਬਹੁਤ ਪਾਣੀ ਆ ਗਿਆ ਤੇ ਇਮਾਰਤ ਡਿੱਗ ਗਈ ਹੈ। ਉਹਨਾਂ ਦੱਸਿਆ ਕਿ ਅਜਿਹੀਆਂ ਕਾਰਵਾਈਆਂ ਦੇਸ਼ ਵਿਚ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਸਤੇ ਕੀਤੀਆਂ ਜਾ ਰਹੀਆਂ ਹਨ। ਉਹਨਾਂ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਵੀ ਅਪੀਲ ਕੀਤੀ ਕਿ ਇਸ ਮਾਮਲੇ ਦਾ ਗੰਭੀਰ ਨੋਟਿਸ ਲੈ ਕੇ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੂੰ ਅਜਿਹੀਆਂ ਮਨਘੜਤ, ਭੜਕਾਊ ਤੇ ਗੁੰਮਰਾਹਕੁੰਨ ਤਸਵੀਰਾਂ ਤੇ ਵੀਡੀਓ ਵਾਇਰਲ ਕਰਨ ਵਾਲੇ ਲੋਕਾਂ ਦੇ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ। ਉਹਨਾਂ ਕਿਹਾ ਕਿ ਕੁਝ ਸ਼ਰਾਰਤੀ ਅਨਸਰ ਜਾਣ ਬੁੱਝ ਕੇ ਅਜਿਹੀਆਂ ਤਸਵੀਰਾਂ ਤੇ ਵੀਡੀਓ ਵਾਇਰਲ ਕਰ ਰਹੇ ਹਨ ਜਿਹਨਾਂ ਦਾ ਮਕਸਦ ਸਮਾਜ ਵਿਚ ਕੁੜਤਣ ਪੈਦਾ ਕਰਨਾ ਹੈ। ਉਹਨਾਂ ਕਿਹਾ ਕਿ ਅਜਿਹੀਆਂ ਹਰਕਤਾਂ ਵਿਚ ਸਿੱਖ ਭਾਈਚਾਰੇ ਨੂੰ ਵਿਸ਼ੇਸ਼ ਕਰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।
ਉਹਨਾਂ ਅਜਿਹੇ ਅਨਸਰਾਂ ਨੂੰ ਸਖ਼ਤ ਚੇਤਾਵਨੀ ਦਿੱਤੀ ਕਿ ਸਿੱਖ ਕੌਮ ਇਹਨਾਂ ਹਰਕਤਾਂ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕਰੇਗੀ ਅਤੇ ਇਹਨਾਂ ਦੇ ਖਿਲਾਫ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇਗੀ।