ਪੂਣਾ-ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਸੰਦੇਸ਼ ਘਰੋ ਘਰੀ ਪਹੁੰਚਾਉਣ ਲਈ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਵਿੱਚ ਖਾਲਸਾ ਪੰਥ ਵੱਲੋਂ ਸਿੱਖ ਧਰਮ ਦੇ ਨੌਵੇਂ ਪਾਤਸ਼ਾਹ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਅਤੇ ਦਸਮ ਪਾਤਸ਼ਾਹ ਦਾ ਗੁਰਤਾਗੱਦੀ ਦਿਵਸ ਦੀਆਂ 350 ਸਾਲਾ ਸ਼ਤਾਬਦੀਆਂ ਨੂੰ ਸਮਰਪਿਤ ਬੁੱਢਾ ਦਲ ਵੱਲੋਂ ਵਿਸ਼ੇਸ਼ ਗੁਰਮਤਿ ਸਮਾਗਮ ਉਲੀਕੇ ਗਏ ਹਨ। ਗੁਰੂ ਸਾਹਿਬਾਨ ਅਤੇ ਸਿੱਖ ਜਰਨੈਲਾਂ ਦੇ ਇਤਿਹਾਸਕ ਸ਼ਸਤਰਾਂ ਸਮੇਤ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦਾ ਪੂਣੇ ਏਅਰਪੋਰਟ ਵਿਖੇ ਸੰਗਤਾਂ ਵੱਲੋਂ ਖਾਲਸਾਈ ਜੈਕਾਰਿਆਂ ਅਤੇ ਫੁੱਲਾਂ ਦੀ ਵਰਖਾ ਕਰਕੇ ਭਰਵਾ ਨਿੱਘਾ ਸੁਆਗਤ ਕੀਤਾ ਗਿਆ। ਉਪਰੰਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੇਹੁਰੋਡ ਪੂਣੇ ਵਿਖੇ ਗੁਰਮਤਿ ਸਮਾਗਮ ਕੀਤਾ ਗਿਆ।
ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿਤੀ ਹੈ ਕਿ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਸ੍ਰੀ ਸਾਹਿਬ (ਤਲਵਾਰ), ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਕਟਾਰ, ਬਾਬਾ ਫਤਹਿ ਸਿੰਘ ਜੀ ਦੀ ਜੰਗੀ ਢਾਲ, ਬਾਬਾ ਦੀਪ ਸਿੰਘ ਸ਼ਹੀਦ ਜੀ ਦਾ ਦੁਮਾਲਾ ਚੱਕਰ ਅਤੇ ਮਹਾਨ ਸ਼ਹੀਦ ਅਕਾਲੀ ਬਾਬਾ ਫੂਲਾ ਸਿੰਘ ਜੀ ਦੀ ਕਿਰਪਾਨ ਅਤੇ ਕੰਘਾ ਸ਼ਸਤਰਾਂ ਬਾਰੇ ਸੰਗਤਾਂ ਜਾਣੂੰ ਕਰਵਾਇਆ। ਸ਼ਸਤਰਾਂ ਦੇ ਦਰਸ਼ਨ ਕਰਵਾਉਣ ਦੀ ਸੇਵਾ ਹਜ਼ੂਰ ਸਾਹਿਬ ਦੇ ਭਾਈ ਗੁਰਮੀਤ ਸਿੰਘ ਨੇ ਨਿਭਾਈ।ਇਸ ਮੌਕੇ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਕਿਹਾ ਗੁਰੂ ਸਾਹਿਬਾਨ ਵੱਲੋਂ ਕੀਤੇ ਹੋਏ ਪਰਉਪਕਾਰਾਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ। ਕੌਮੀ ਸ਼ਕਤੀ ਨਾਲ ਤੁਸੀਂ ਹਰ ਲੜਾਈ ਸਫਲਤਾ ਪੂਰਨ ਲੜ ਸਕਦੇ ਹੋ। ਉਨ੍ਹਾਂ ਕਿਹਾ ਕਿ ਮਹਾਰਾਸਟਰ ਦੀ ਸਰਕਾਰ ਨੂੰ ਪ੍ਰਾਂਤ ਵਿਚ ਵਸਦੇ ਘੱਟ ਗਿਣਤੀ ਸਿੱਖਾਂ ਦਾ ਖਾਸ ਖਿਆਲ ਰੱਖਣਾ ਚਾਹੀਦਾ ਹੈ ਅਤੇ ਕੌਮੀ ਤਿਉਹਾਰਾਂ ਸਮੇਂ ਇਨ੍ਹਾਂ ਨੂੰ ਸਹਿਯੋਗ ਦੇਣਾ ਚਾਹੀਦਾ ਹੈ ਉਨ੍ਹਾਂ ਕਿਹਾ ਸਿੱਖਾਂ ਨੇ ਦੇਸ਼ ਦੀ ਆਜ਼ਾਦੀ ਤੇ ਉਨਤੀ ਲਈ ਬੇਸ਼ਕਿਮਤੀ ਕੁਰਬਾਨੀਆਂ ਦਿਤੀਆਂ ਹਨ। ਉਨ੍ਹਾਂ ਕਿਹਾ ਗੁਰੂ ਤੇਗ਼ ਬਹਾਦਰ ਸਾਹਿਬ ਨੇ ਦੂਜੇ ਧਰਮਾਂ ਦੀ ਰਾਖੀ ਲਈ ਲਾਮਿਸਾਲ ਅਨੌਖੀ ਅਦੁੱਤੀ ਕੁਰਬਾਨੀ ਦੇ ਕੇ ਇਤਿਹਾਸ ਰਚਿਆ। ਗੁਰੂ ਗੋਬਿੰਦ ਸਿੰਘ ਨੇ ਦੇਸ਼ ਤੇ ਧਰਮ ਦੀ ਅਜਮਤ ਲਈ ਆਪਣਾ ਸਰਬੰਸ ਵਾਰ ਦਿਤਾ।
ਇਸ ਸਮੇਂ ਬਾਬਾ ਗੁਰਮੁਖ ਸਿੰਘ, ਬਾਬਾ ਦਲੇਰ ਸਿੰਘ, ਭਾਈ ਸੁਖਜੀਤ ਸਿੰਘ ਕਨੱਈਆ, ਬਾਬਾ ਪਰਮਜੀਤ ਸਿੰਘ, ਬਾਬਾ ਸ਼ਿੰਦਾ ਸਿੰਘ, ਬਾਬਾ ਲਛਮਣ ਸਿੰਘ, ਬਾਬਾ ਕਰਮ ਸਿੰਘ, ਬਾਬਾ ਲਖਵੀਰ ਸਿੰਘ, ਬਾਬਾ ਗੁਰਸ਼ੇਰ ਸਿੰਘ, ਬਾਬਾ ਗੁਰਪਾਲ ਸਿੰਘ, ਬਾਬਾ ਸੁਖਵਿੰਦਰ ਸਿੰਘ ਮੌਰ, ਬਾਬਾ ਸਤਨਾਮ ਸਿੰਘ, ਬਾਬਾ ਜਸਬੀਰ ਸਿੰਘ, ਦਲਜੀਤ ਸਿੰਘ, ਬਾਬਾ ਗਗਨਦੀਪ ਸਿੰਘ ਅਤੇ ਸਥਾਨਕ ਪ੍ਰਮੁੱਖ ਸਿੱਖ ਸਖਸ਼ੀਅਤਾਂ ਆਦਿ ਹਾਜ਼ਰ ਸਨ।