ਅੰਮ੍ਰਿਤਸਰ-¸ਇੱਕਵੀਂ ਸਦੀ ’ਚ ਸਿੱਖ ਧਰਮ ਦੇ ਪ੍ਰਚਾਰ ਅਤੇ ਪਾਸਾਰ ਲਈ ਬੱਚਿਆਂ ਨੂੰ ਧਾਰਮਿਕ, ਅਧਿਆਤਮਕ ਸਿੱਖਿਆ ਦੇ ਨਾਲ ਨਾਲ ਦੁਨਿਆਵੀ ਅਤੇ ਵਿਗਿਆਨਕ ਸਿੱਖਿਆ ਦੀ ਵੀ ਬਹੁਤ ਲੋੜ ਹੈ। ਖ਼ਾਲਸਾ ਕਾਲਜ ਦੀ ਇਮਾਰਤ, ਇੱਥੋਂ ਦਾ ਵਾਤਾਵਰਣ ਅਧਿਆਤਮਕ ਅਤੇ ਦੁਨਿਆਵੀ ਗਿਆਨ ਲਈ ਬਹੁਤ ਅਨੁਕੂਲ ਹੈ ਅਤੇ ਇਹ ਸਾਡੇ ਪੁਰਖਿਆਂ ਦੀ ਬਹੁਤ ਦੂਰ-ਅੰਦੇਸ਼ੀ ਦਾ ਫਲ ਹੈ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਲਜ ਵਿਖੇ ਨਵੇਂ ਸੈਸ਼ਨ ਦੀ ਆਰੰਭਤਾ ਦੇ ਸਬੰਧ ’ਚ ਪ੍ਰਮਾਤਮਾ ਦਾ ਓਟ ਆਸਰਾ ਲੈਂਦਿਆਂ ਕਰਵਾਏ ਗਏ ਅਰਦਾਸ ਦਿਵਸ ਧਾਰਮਿਕ ਸਮਾਗਮ ਮੌਕੇ ਵਿਸ਼ੇਸ਼ ਤੌਰ ’ਤੇ ਵਿਦਿਆਰਥੀਆਂ ਨੂੰ ਅਸ਼ੀਰਵਾਦ ਦੇਣ ਲਈ ਪੁੱਜੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੀਤਾ।
ਉਨ੍ਹਾਂ ਕਾਲਜ ਦੀ ਇਸ ਰਵਾਇਤ ਦੀ ਪ੍ਰਸੰਸਾ ਕਰਦਿਆਂ ਵਿਦਿਆਰਥੀਆਂ ਨੂੰ ਮਨ ਲਗਾ ਕੇ ਪੜ੍ਹਾਈ ਕਰਨ ਦੀ ਪ੍ਰੇਰਨਾ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਸਾਦਗੀ ਵਾਲਾ ਜੀਵਨ ਅਪਨਾਉਣ ਦੀ ਵੀ ਸਿੱੱਖਿਆ ਦਿੱਤੀ। ਇਸ ਧਾਰਮਿਕ ਸਮਾਗਮ ਮੌਕੇ ਭਾਈ ਕੁਲਵਿੰਦਰ ਸਿੰਘ ਵੱਲੋਂ ਅਰਦਾਸ ਕੀਤੀ ਗਈ।
ਇਸ ਤੋਂ ਪਹਿਲਾਂ ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਨੇ ਕਿਹਾ ਕਿ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਯੋਗ ਅਗਵਾਈ ਹੇਠ ਨਵੇਂ ਸੈਸ਼ਨ 2025-26 ਦੇ ਵਿਦਿਆਰਥੀਆਂ ਦੀ ਚੜ੍ਹਦੀ ਕਲਾ ਲਈ ਕਾਲਜ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਪਰਸੋਂ ਤੋਂ ਰਖਾਏ ਗਏ ਸ੍ਰੀ ਅਖੰਡ ਪਾਠ ਜੀ ਦੇ ਭੋਗ ਪਾਉਣ ਉਪਰੰਤ ਕੀਰਤਨ ਅਤੇ ਅਰਦਾਸ ਕਰਕੇ ਪ੍ਰਮਾਤਮਾ ਦਾ ਓਟ-ਆਸਰਾ ਲਿਆ ਗਿਆ। ਇਸ ਮੌਕੇ ਕਾਲਜ ਦੇ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਵੱਲੋਂ ਮਨੋਹਰ ਕੀਰਤਨ ਕੀਤਾ ਗਿਆ ਜਿਸ ਦਾ ਸਮੂਹ ਸੰਗਤ ਨੇ ਆਨੰਦ ਮਾਣਿਆ।
ਉਨ੍ਹਾਂ ਕਿਹਾ ਕਿ ਕਾਲਜ ਦੀ ਇਹ ਪੁਰਾਤਨ ਸਮੇਂ ਤੋਂ ਰਵਾਇਤ ਰਹੀ ਹੈ ਕਿ ਹਰ ਨਵੇਂ ਸੈਸ਼ਨ ਦੀ ਆਰੰਭਤਾ ਮੌਕੇ ਨਵੇਂ ਦਾਖਲ ਹੋਏ ਵਿਦਿਆਰਥੀਆਂ ਨੂੰ ਜੀ ਆਇਆ ਕਹਿਣ ਲਈ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਂਦੇ ਹਨ ਅਤੇ ਵਿਦਿਆਰਥੀਆਂ ਦੇ ਚੰਗੇ ਭਵਿੱਖ ਲਈ ਅਰਦਾਸ ਕਰਕੇ ਪ੍ਰਮਾਤਮਾ ਦਾ ਓਟ-ਆਸਰਾ ਲਿਆ ਜਾਂਦਾ ਹੈ।
ਇਸ ਦੌਰਾਨ ਖ਼ਾਲਸਾ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ. ਮਹਿਲ ਸਿੰਘ ਵੱਲੋਂ ਵਿਸ਼ੇਸ਼ ਤੌਰ ’ਤੇ ਪੁੱਜੇ ਜਥੇਦਾਰ ਸਾਹਿਬ ਨੂੰ ਜੀ ਆਇਆ ਨੂੰ ਕਿਹਾ ਗਿਆ। ਇਸ ਮੌਕੇ ਜਥੇਦਾਰ ਸਾਹਿਬ ਨੇ ਡਾ. ਮਹਿਲ ਸਿੰਘ, ਪ੍ਰਿੰ: ਡਾ. ਰੰਧਾਵਾ ਨਾਲ ਮਿਲ ਕੇ ਸੈਸ਼ਨ 2024-25 ਦੇ ਧਾਰਮਿਕ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਇਨਾਮੀ ਰਕਮ ਪ੍ਰਦਾਨ ਕਰਕੇ ਸਨਮਾਨਿਤ ਕੀਤਾ ਗਿਆ। ਇਸ ਉਪਰੰਤ ਗੁਰੂ ਕਾ ਅਤੁੱਟ ਲੰਗਰ ਦੀ ਸੇਵਾ ਐੱਨ. ਐੱਸ. ਐੱਸ. ਅਤੇ ਐੱਨ. ਸੀ. ਸੀ. ਦੇ ਵਲੰਟੀਅਰ ਵਿਦਿਆਰਥੀਆਂ ਵੱਲੋਂ ਕੀਤੀ ਗਈ।
ਇਸ ਮੌਕੇ ਗਵਰਨਿੰਗ ਕੌਂਸਲ ਦੇ ਜੁਆਇੰਟ ਸਕੱਤਰ ਸ: ਅਜਮੇਰ ਸਿੰਘ ਹੇਰ, ਸ: ਸੰਤੋਖ ਸਿੰਘ ਸੇਠੀ, ਸ: ਪਰਮਜੀਤ ਸਿੰਘ ਬੱਲ, ਸ: ਰਾਜਬੀਰ ਸਿੰਘ, ਸ: ਗੁਰਪ੍ਰੀਤ ਸਿੰਘ ਗਿੱਲ, ਮੈਂਬਰ ਸ: ਸਰਬਜੀਤ ਸਿੰਘ ਹੁਸ਼ਿਆਰ ਨਗਰ, ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਆਦਿ ਤੋਂ ਇਲਾਵਾ ਵੱਡੀ ਗਿਣਤੀ ’ਚ ਵਿਦਿਆਰਥੀ ਹਾਜ਼ਰ ਸਨ।