ਅੰਮ੍ਰਿਤਸਰ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਰਿਵਾਰ ਸਮੇਤ ਨਤਮਸਤਕ ਹੋਣ ਪੁੱਜੇ ਪ੍ਰਸਿੱਧ ਸਿੱਖ ਡਾਕਟਰ ਮਨਦੀਪ ਸਿੰਘ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਓਐਸਡੀ ਸ. ਸਤਬੀਰ ਸਿੰਘ ਧਾਮੀ ਤੇ ਸਕੱਤਰ ਸ. ਪ੍ਰਤਾਪ ਸਿੰਘ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਗੱਲ ਕਰਦਿਆਂ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਆਪਣੀ ਮੁਹਾਰਤ ਕਰਕੇ ਡਾਕਟਰ ਮਨਦੀਪ ਸਿੰਘ ਨੇ ਮੈਡੀਕਲ ਦੇ ਖੇਤਰ ਅੰਦਰ ਦੁਨੀਆਂ ਵਿਚ ਆਪਣਾ ਨਾਂ ਬਣਾਇਆ ਹੈ। ਉਨ੍ਹਾਂ ਕਿਹਾ ਕਿ ਸਿੱਖੀ ਸਰੂਪ ਵਿਚ ਰਹਿ ਕੇ ਸੇਵਾ ਕਰਦੇ ਡਾ. ਮਨਦੀਪ ਸਿੰਘ ਨੌਜੁਆਨਾਂ ਲਈ ਵੀ ਪ੍ਰੇਰਣਾ ਹਨ। ਉਨ੍ਹਾਂ ਅਰਦਾਸ ਕੀਤੀ ਕਿ ਵਾਹਿਗੁਰੂ ਡਾ. ਮਨਦੀਪ ਸਿੰਘ ਨੂੰ ਮਨੁੱਖਤਾ ਦੀ ਸੇਵਾ ਕਰਨ ਦਾ ਬਲ ਬਖ਼ਸ਼ਣ।
ਇਸੇ ਦੌਰਾਨ ਡਾ. ਮਨਦੀਪ ਸਿੰਘ ਨੇ ਕਿਹਾ ਕਿ ਉਹ ਖ਼ੁਸ਼ਕਿਸਮਤ ਹਨ ਕਿ ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਮਿਲੇ ਸਨਮਾਨ ਲਈ ਧੰਨਵਾਦ ਵੀ ਕੀਤਾ। ਇਸ ਮੌਕੇ ਡਾਕਟਰ ਮਨਦੀਪ ਸਿੰਘ ਨੇ ਪਰਿਵਾਰਕ ਮੈਂਬਰਾਂ ਵਿਚ ਸ. ਗੁਰਬਚਨ ਸਿੰਘ, ਭਾਈ ਤਰਜਿੰਦਰ ਸਿੰਘ, ਬੀਬੀ ਬਲਜੀਤ ਕੌਰ, ਬੀਬੀ ਜਗਜਿੰਦਰ ਕੌਰ, ਸ. ਰਣਜੀਤ ਸਿੰਘ ਜਲੰਧਰ ਤੇ ਹੋਰ ਮੌਜੂਦ ਸਨ।