ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੀ ਸੂਬਾ ਵਰਕਿੰਗ ਕਮੇਟੀ ਵੱਲੋਂ ਸਾਰੇ ਜ਼ਿਲ੍ਹਿਆਂ ਵਿੱਚ ਕੌਮੀ ਪ੍ਰੈੱਸ ਦਿਵਸ ਅਤੇ ਪੰਜਾਬੀ ਪੱਤਰਕਾਰੀ ਦੇ ਪਿਤਾਮਾ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਪੰਦਰ੍ਹਵਾੜਾ 16 ਨਵੰਬਰ ਤੋਂ 29 ਨਵੰਬਰ ਤੱਕ ਮਨਾਉਣ ਅਤੇ 29 ਨਵੰਬਰ ਨੂੰ ਜਥੇਬੰਦੀ ਦੀ ਸੂਬਾ ਕਾਨਫ਼ਰੰਸ ਬਰਨਾਲਾ ਵਿੱਚ ਕਰਨ ਦਾ ਫ਼ੈਸਲਾ ਕੀਤਾ ਗਿਆ। ਬਰਨਾਲਾ ਜ਼ਿਲ੍ਹੇ ਦੇ ਪ੍ਰਧਾਨ ਜਗਸੀਰ ਸਿੰਘ ਸੰਧੂ ਨੂੰ ਸੂਬਾ ਕਾਨਫ਼ਰੰਸ ਦੀ ਤਿਆਰੀ ਕਮੇਟੀ ਦੇ ਕਨਵੀਨਰ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਹ ਵੀ ਫ਼ੈਸਲਾ ਕੀਤਾ ਗਿਆ ਕਿ ਸਾਰੇ ਜ਼ਿਲ੍ਹਿਆਂ ਵਿੱਚ ਮੰਤਰੀਆਂ, ਵਿਧਾਇਕਾਂ ਅਤੇ ਸੰਸਦ ਮੈਂਬਰਾਂ ਨੂੰ ਪੱਤਰਕਾਰਾਂ ਦੀਆਂ ਮੰਗਾਂ ਬਾਰੇ ਮੰਗ-ਪੱਤਰ ਦਿੱਤੇ ਜਾਣਗੇ। ਪ੍ਰੈੱਸ ਕਲੱਬ ਚੰਡੀਗੜ੍ਹ ਵਿੱਚ ਹੋਈ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਾਰਜਕਾਰੀ ਪ੍ਰਧਾਨ ਜੈ ਸਿੰਘ ਛਿੱਬਰ ਨੇ ਕੀਤੀ।
ਇੰਡੀਅਨ ਜਰਨਲਿਸਟ ਯੂਨੀਅਨ ਦੇ ਨਵੇਂ ਚੁਣੇ ਕੌਮੀ ਪ੍ਰਧਾਨ ਬਲਵਿੰਦਰ ਜੰਮੂ ਨੇ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਦੇ ਪੱਤਰਕਾਰਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਸੰਘਰਸ਼ ਵਿੱਢਿਆ ਜਾਵੇਗਾ ਅਤੇ ਇਸ ਦੀ ਸ਼ੁਰੂਆਤ ਪੰਜਾਬ ਤੋਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪੱਤਰਕਾਰਾਂ ਦੀਆਂ ਚਿਰਾਂ ਤੋਂ ਲਟਕਦੀਆਂ ਜਾਇਜ਼ ਮੰਗਾਂ ਪ੍ਰਤੀ ਸੂਬਾ ਸਰਕਾਰ ਵੱਲੋਂ ਸਾਢੇ ਤਿੰਨ ਸਾਲ ਤੋਂ ਘੇਸਲ ਵੱਟਣ ਦੀ ਜ਼ੋਰਦਾਰ ਨਿੰਦਾ ਕੀਤੀ। ਯੂਨੀਅਨ ਵੱਲੋਂ ਸਰਬਸੰਮਤੀ ਨਾਲ ਪਾਸ ਮਤੇ ਰਾਹੀਂ ਪੰਜਾਬ ਦੇ ਸਾਰੇ ਮਾਨਤਾ ਪ੍ਰਾਪਤ ਪੱਤਰਕਾਰਾਂ ਅਤੇ ਡੈਸਕ ਸਟਾਫ਼ ਨੂੰ ਪੈਨਸ਼ਨ ਅਤੇ ਮੁਫ਼ਤ ਬੱਸ ਪਾਸ ਦੀ ਸਹੂਲਤ ਦੇਣ ਦੀ ਮੰਗ ਕੀਤੀ ਅਤੇ ਪੱਤਰਕਾਰਾਂ ਦੀ ਸਹਾਇਤਾ ਲਈ ਵਿਸ਼ੇਸ਼ ਫ਼ੰਡ ਕਾਇਮ ਕਰਨ, ਚੰਡੀਗੜ੍ਹ ਵਿੱਚ ਪੱਤਰਕਾਰਾਂ ਲਈ ਰਹਾਇਸ਼ੀ ਮਕਾਨ 15 ਤੋਂ ਵਧਾ ਕੇ 50 ਕਰਨ ਅਤੇ ਜ਼ਿਲ੍ਹਿਆਂ ਵਿੱਚ ਪੱਤਰਕਾਰਾਂ ਨੂੰ ਰਿਹਾਇਸ਼ ਦੇਣ ਦੀ ਮੰਗ ਵੀ ਕੀਤੀ ਹੈ। ਪੰਜਾਬ ਭਰ ਵਿੱਚ ਮਾਨਤਾ ਪ੍ਰਾਪਤ ਪੱਤਰਕਾਰਾਂ ਦੇ ਪੀਲੇ ਕਾਰਡ ਪਹਿਲਾਂ ਵਾਂਗ ਜਾਰੀ ਰੱਖਣ ਅਤੇ ਨਵੀਂ ਨੀਤੀ ਅਨੁਸਾਰ ਹੁਣ ਤੋਂ ਬਾਅਦ ਲਾਗੂ ਕਰਨ ਦੀ ਮੰਗ ਵੀ ਦੁਹਰਾਈ। ਸੂਬਾ ਵਰਕਿੰਗ ਕਮੇਟੀ ਨੇ ਦੇਸ਼ ਭਰ ਵਿੱਚ ਪੱਤਰਕਾਰਾਂ ਉਪਰ ਵੱਧ ਰਹੇ ਹਮਲਿਆਂ ਉਪਰ ਡੂੰਘੀ ਚਿੰਤਾ ਜ਼ਾਹਿਰ ਕੀਤੀ ਹੈ। ਯੂਨੀਅਨ ਦੇ ਸੂਬਾਈ ਸਕੱਤਰ ਜਨਰਲ ਭੂਸ਼ਨ ਸੂਦ, ਜਥੇਬੰਦਕ ਸਕੱਤਰ ਸੰਤੋਖ ਗਿੱਲ ਤੋਂ ਇਲਾਵਾ ਸਾਰੇ ਜ਼ਿਲ੍ਹਿਆਂ ਦੇ ਪ੍ਰਧਾਨ, ਸਕੱਤਰ ਅਤੇ ਹੋਰ ਸੀਨੀਅਰ ਆਗੂ ਸ਼ਾਮਲ ਹੋਏ।