ਅੰਮ੍ਰਿਤਸਰ - ਬੀਤੇ ਦਿਨੀਂ ਸ਼੍ਰੀਨਗਰ ਵਿਖੇ ਇੱਕ ਸਮਾਗਮ ਵਿੱਚ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਦੇ ਮੱਦੇਨਜ਼ਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜੀਆਂ ਸ਼ਿਕਾਇਤਾਂ ਉਪਰੰਤ ਤਲਬ ਕੀਤੇ ਗਏ ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਸ ਜਸਵੰਤ ਸਿੰਘ ਨੇ ਅੱਜ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਕੋਲ ਆਪਣਾ ਪਖ ਰਖਿਆ। ਜਸਵੰਤ ਸਿੰਘ ਦੇ ਮਾਮਲੇ ਸਬੰਧੀ ਜਥੇਦਾਰ ਗੜਗੱਜ ਨੇ ਕਿਹਾ ਕਿ ਇਨ੍ਹਾਂ ਦਾ ਮਾਮਲਾ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਵਿਚਾਰ ਕੇ ਇਨ੍ਹਾਂ ਨੂੰ ਬਣਦੀ ਧਾਰਮਿਕ ਤਨਖ਼ਾਹ ਲਗਾਈ ਜਾਵੇਗੀ। ਪੱਤਰਕਾਰਾਂ ਨਾਲ ਗਲ ਕਰਦਿਆਂ ਜ਼ਸਵੰਤ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਸਾਰੇ ਵੇਰਵੇ ਸਿੰਘ ਸਾਹਿਬ ਨੂੰ ਸੌਂਪ ਦਿੱਤੇ ਹਨ ਅਤੇ ਉਹ ਇਸ ਸਮੇਂ ਉਹ ਵੇਰਵੇ ਮੀਡੀਆ ਨਾਲ ਸਾਂਝੇ ਨਹੀਂ ਕਰ ਸਕਦੇ। ਆਪਣੀਆਂ ਗਲਤੀਆਂ ਸਵੀਕਾਰ ਕਰਨ ਬਾਰੇ ਪੁੱਛੇ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਜੇਕਰ ਗਲਤੀਆਂ ਸਵਿਕਾਰ ਕੀਤੀਆਂ ਹਨ ਤਾਂ ਹੀ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਆਏ ਹਨ।ਪ੍ਰਬੰਧ ਦੀ ਲਾਪਰਵਾਹੀ ਬਾਰੇ ਪੁੱਛੇ ਜਾਣ ੋਤੇ ਉਨ੍ਹਾਂ ਕਿਹਾ ਕਿ ਉਹ ਇਸ ਲਈ ਇਕੱਲੇ ਜ਼ਿੰਮੇਵਾਰ ਹਨ।ਪੱਤਰਕਾਰਾਂ ਨਾਲ ਗਲ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦਸਿਆ ਕਿ ਅਸੀਂ ਜ਼ਸਵੰਤ ਸਿੰਘ ਨੂੰ ਇਹ ਵੀ ਕਿਹਾ ਹੈ ਕਿ ਉਨ੍ਹਾਂ ਨੂੰ ਪੰਜਾਬੀ ਭਾਸ਼ਾ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਕਦਮ ਚੁੱਕਣੇ ਚਾਹੀਦੇ ਹਨ, ਅਤੇ ਉਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਤਾਬਦੀ ਸਮਾਗਮ ਨੂੰ ਸਮਰਪਿਤ ਜੋ ਕੁਝ ਕਰ ਰਹੇ ਹਨ ਜਿਸ ਵਿਚ ਸਾਹਿਤ ਵੰਡਣਾ ਵੀ ਸ਼ਾਮਲ ਹੈ ਨੂੰ ਜਾਰੀ ਰਹਿਣਾ ਚਾਹੀਦਾ ਹੈ।