ਨਵੀਂ ਦਿੱਲੀ- ਪੰਜਾਬ ਅੰਦਰ ਹਜਾਰਾਂ ਦੀ ਤਾਦਾਦ ਅੰਦਰ ਬੇਗੁਨਾਹ ਨੌਜੁਆਨਾਂ ਨੂੰ ਲਾਪਤਾ ਕੀਤੇ ਜਾਣ ਦਾ ਨੌਟਿਸ ਲੈਂਦਿਆਂ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਕਰਦਿਆਂ ਭਾਈ ਜਸਵੰਤ ਸਿੰਘ ਖਾਲੜਾ ਨੇ ਉਨ੍ਹਾਂ ਹਜ਼ਾਰਾਂ ਨੌਜਵਾਨਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਆਵਾਜ਼ ਬੁਲੰਦ ਕੀਤੀ ਸੀ, ਜਿਨ੍ਹਾਂ ਨੂੰ ਪੰਜਾਬ ਅਤੇ ਭਾਰਤ ਸਰਕਾਰ ਦੀ ਸ਼ਹਿ 'ਤੇ ਝੂਠੇ ਪੁਲਿਸ ਮੁਕਾਬਲੇ ਬਣਾ ਕੇ ਮਾਰ ਦਿੱਤਾ ਗਿਆ ਅਤੇ ਉਨ੍ਹਾਂ ਦੀਆਂ ਲਾਸ਼ਾਂ ਨੂੰ ਅਣਪਛਾਤੀਆਂ ਲਾਸ਼ਾਂ ਕਹਿ ਕੇ ਖੁਰਦ ਬੁਰਦ ਕਰ ਦਿੱਤਾ ਗਿਆ। ਪਰ ਅਫ਼ਸੋਸ ਕਿ ਚਾਰ ਦਹਾਕਿਆਂ ਤੋਂ ਬਾਅਦ ਵੀ ਪੰਜਾਬ ਦੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਨਹੀਂ ਮਿਲ ਸਕਿਆ ਹੈ । ਇਹ ਵਿਚਾਰ ਸ਼ਹੀਦ ਜਸਵੰਤ ਸਿੰਘ ਖਾਲੜਾ ਦੀ ਯਾਦ 'ਚ ਗੁਰੂ ਨਾਨਕ ਗੁਰਦੁਆਰਾ ਸਮੈਦਿਕ ਵਿਖੇ ਕਰਵਾਏ ਗਏ ਸ਼ਹੀਦੀ ਸਮਾਗਮ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਪ੍ਰਗਟ ਕੀਤੇ । ਇਸ ਮੌਕੇ ਪਾਠ ਦੇ ਭੋਗ ਉਪਰੰਤ ਕੀਰਤਨ ਅਤੇ ਕਥਾ ਵਿਚਾਰਾਂ ਹੋਈਆਂ ਅਤੇ ਬਾਅਦ ਵਿਚ ਯੂ.ਕੇ. ਭਰ ਤੋਂ ਪਹੁੰਚੇ ਸਿੱਖ ਜੱਥੇਬੰਦੀਆਂ ਦੇ ਆਗੂਆਂ ਨੇ ਭਾਈ ਖਾਲੜਾ ਨੂੰ ਯਾਦ ਕਰਦਿਆਂ ਉਨ੍ਹਾਂ ਵਲੋਂ ਕੀਤੇ ਕੰਮਾਂ ਦੀ ਪ੍ਰਸੰਸਾ ਕੀਤੀ। ਇਸ ਮੌਕੇ ਜਸਵਿੰਦਰ ਸਿੰਘ ਬਾਂਕਾ, ਮਲਕੀਤ ਸਿੰਘ ਤੇਹਿੰਗ, ਹਰਦੀਸ਼ ਸਿੰਘ, ਦਬਿੰਦਰਜੀਤ ਸਿੰਘ, ਕੁਲਵੰਤ ਸਿੰਘ ਮੁਠੱਡਾ ਆਦਿ ਨੇ ਭਾਈ ਖਾਲੜਾ ਦੇ ਭਰਾਵਾਂ ਅਮਰਜੀਤ ਸਿੰਘ ਖਾਲੜਾ ਅਤੇ ਰਾਜਿੰਦਰ ਸਿੰਘ ਖਾਲੜਾ ਦਾ ਸਨਮਾਨ ਕੀਤਾ । ਸ਼ਹੀਦੀ ਸਮਾਗਮ ਨੂੰ ਭਾਈ ਲਵਸ਼ਿੰਦਰ ਸਿੰਘ ਡੱਲੇਵਾਲ, ਭਾਈ ਜੋਗਾ ਸਿੰਘ, ਅਵਤਾਰ ਸਿੰਘ, ਜੱਸ ਸਿੰਘ ਆਦਿ ਨੇ ਸੰਬੋਧਨ ਕੀਤਾ ।