ਚੰਡੀਗੜ੍ਹ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਹੜ੍ਹ ਪ੍ਰਭਾਵਤ ਕਿਸਾਨਾਂ ਵਾਸਤੇ ਵਿਆਪਕ ਪ੍ਰੋਗਰਾਮ ਦਾ ਐਲਾਨ ਕੀਤਾ ਤਾਂ ਜੋ ਹੜ੍ਹ ਮਾਰੇ ਕਿਸਾਨਾਂ ਨੂੰ ਉਹਨਾਂ ਦੇ ਪੈਰਾਂ ਸਿਰ ਕੀਤਾ ਜਾ ਸਕੇ ਅਤੇ ਉਹਨਾਂ ਨੂੰ ਰਾਹਤ ਸਮੱਗਰੀ ਪ੍ਰਦਾਨ ਕੀਤੀ ਜਾ ਸਕੇ ਤੇ ਕਣਕ ਦੇ ਆਉਂਦੇ ਸੀਜ਼ਨ ਵਾਸਤੇ ਮਿਆਰੀ ਬੀਜ਼ ਪ੍ਰਦਾਨ ਕੀਤੇ ਜਾ ਸਕਣ ਅਤ ਉਹਨਾਂ ਮੰਗ ਕੀਤੀ ਕਿ ਹੜ੍ਹ ਮਾਰੇ ਕਿਸਾਨਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ ਤੇ ਖੇਤ ਮਜ਼ਦੂਰਾਂ ਨੂੰ ਵੀ ਰਾਹਤ ਪ੍ਰਦਾਨ ਕੀਤੀ ਜਾਵੇ।
ਪਾਰਟੀ ਦੇ ਸੀਨੀਅਰ ਆਗੂਆਂ ਤੇ ਜ਼ਿਲ੍ਹਾ ਪ੍ਰਧਾਨਾਂ ਦੀ ਐਮਰਜੰਸੀ ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਸਰਦਾਰ ਬਾਦਲ ਨੇ ਪਾਰਟੀ ਦੇ ਰਾਹਤ ਪੈਕੇਜ ਦਾ ਐਲਾਨ ਕੀਤਾ। ਉਹਨਾਂ ਦੱਸਿਆ ਕਿ ਪਾਰਟੀ ਪਿੰਡਾਂ ਵਿਚ 500 ਟਰੱਕ ਮੱਕੀ ਦਾ ਆਚਾਰ ਵੰਡੇਗੀ। ਉਹਨਾਂ ਇਹ ਵੀ ਐਲਾਨ ਕੀਤਾ ਕਿ 500 ਟਰੱਕ ਹਰਾ ਚਾਰਾ ਵੀ ਪਸ਼ੂਆਂ ਵਾਸਤੇ ਵੰਡਿਆ ਜਾਵੇਗਾ। ਉਹਨਾਂ ਇਹ ਵੀ ਐਲਾਨ ਕੀਤਾ ਕਿ ਪਾਰਟੀ ਨੇ 500 ਫੋਗਿੰਗ ਮਸ਼ੀਨਾਂ ਖਰੀਦ ਲਈਆਂ ਹਨ ਜੋ ਹੜ੍ਹ ਮਾਰੇ ਇਲਾਕਿਆਂ ਵਿਚ ਵਰਤੀਆਂ ਜਾਣਗੀਆਂ ਅਤੇ ਪਾਰਟੀ ਆਪਣੇ ਵਾਲੰਟੀਅਰਜ਼ ਦੀ ਡਿਊਟੀ ਇਸ ਵਾਸਤੇ ਲਗਾਵੇਗੀ ਤਾਂ ਜੋ ਮਲੇਰੀਆ ਤੇ ਹੋਰ ਬਿਮਾਰੀਆਂ ਤੋਂ ਬਚਾਅ ਕੀਤਾ ਜਾ ਸਕੇ।
ਸਰਦਾਰ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਸਿਰਫ ਰਾਹਤ ਸਮੱਗਰੀ ਹੀ ਪ੍ਰਦਾਨ ਨਹੀਂ ਕਰੇਗਾ ਬਲਕਿ ਭਵਿੱਖ ਵਿਚ ਵੀ ਕਿਸਾਨਾਂ ਦੀ ਮਦਦ ਕਰੇਗਾ। ਉਹਨਾਂ ਕਿਹਾ ਕਿ ਅਸੀਂ ਇਕ ਲੱਖ ਏਕੜ ਵਿਚ ਕਣਕ ਦੀ ਬਿਜਾਈ ਵਾਸਤੇ ਮਿਆਰੀ ਬੀਜ ਪ੍ਰਦਾਨ ਕਰਾਂਗੇ। ਉਹਨਾਂ ਕਿਹਾ ਕਿ ਹੜ੍ਹ ਮਾਰੇ ਇਲਾਕਿਆਂ ਵਾਸਤੇ 30 ਹਜ਼ਾਰ ਕੁਇੰਟਲ ਕਣਕ ਵੀ ਪ੍ਰਦਾਨ ਕੀਤੀ ਜਾਵੇਗੀ ਤਾਂ ਜੋ ਲੋਕਾਂ ਦੀਆਂ ਜ਼ਰੂਰਤਾਂ ਪੂਰੀਆਂ ਕੀਤੀਆਂ ਜਾ ਸਕਣ। ਉਹਨਾਂ ਨੇ ਇਹ ਵੀ ਐਲਾਨ ਕੀਤਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਉਹਨਾਂ ਦੀ ਮੈਡੀਕਲ ਕੈਂਪਾਂ ਵਾਸਤੇ ਬੇਨਤੀ ਪ੍ਰਵਾਨ ਕਰ ਲਈ ਹੈ ਤੇ ਗੁਰੂ ਰਾਮਦਾਸ ਹਸਪਤਾਲ ਅੰਮ੍ਰਿਤਸਰ ਤੋਂ 125 ਮੈਡੀਕਲ ਟੀਮਾਂ ਹੜ੍ਹ ਪ੍ਰਭਾਵਤ ਇਲਾਕੇ ਵਿਚ ਤਾਇਨਾਤ ਕੀਤੀਆਂ ਜਾਣਗੀਆਂ। ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਪਸ਼ੂ ਧਨ ਦੀ ਸੰਭਾਲ ਵਾਸਤੇ 25 ਵੈਟਨਰੀ ਡਾਕਟਰਾਂ ਦੀਆਂ ਟੀਮਾਂ ਤਾਇਨਾਤ ਕੀਤੀਆਂ ਜਾਣਗੀਆਂ। ਉਹਨਾਂ ਨੇ ਇਹ ਵੀ ਐਲਾਨ ਕੀਤਾ ਕਿ ਵਾਲੰਟੀਅਰ ਕਿਸਾਨਾਂ ਦੀ ਖੇਤਾਂ ਵਿਚੋਂ ਰੇਤਾ ਕੱਢਣ ਵਿਚ ਵੀ ਮਦਦ ਕਰਨਗੇ।
ਕੇਂਦਰ ਤੇ ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਲੋਕਾਂ ਦੀ ਮਦਦ ਵਾਸਤੇ ਯਤਨ ਤੇਜ਼ ਕਰਨ ਦੀ ਲੋੜ ਦੀ ਗੱਲ ਕਰਦਿਆਂ ਸਰਦਾਰ ਬਾਦਲ ਨੇ ਮੰਗ ਕੀਤੀ ਕਿ ਕੇਂਦਰ ਅਤੇ ਰਾਜ ਸਰਕਾਰ ਸਾਰੇ ਹੜ੍ਹ ਪ੍ਰਭਾਵਤ ਕਿਸਾਨਾਂ ਵਾਸਤੇ ਕਰਜ਼ਾ ਮੁਆਫੀ ਸਕੀਮ ਲਿਆਵੇ ਅਤੇ ਉਹਨਾਂ ਜ਼ੋਰ ਦੇ ਕੇ ਕਿਹਾ ਕਿ ਕਰਜ਼ਾ ਵਾਪਸੀ ’ਤੇ ਛੇ ਮਹੀਨੇ ਲਈ ਰੋਕ ਕਿਸੇ ਕੰਮ ਨਹੀਂ ਆਵੇਗੀ ਕਿਉਂਕਿ ਕਿਸਾਨਾਂ ਨੂੰ ਹੜ੍ਹਾਂ ਕਾਰਨ ਹੋਏ ਨੁਕਸਾਨ ਤੋਂ ਉਭਰਨ ਵਾਸਤੇ ਦੋ ਤੋਂ ਤਿੰਨ ਸਾਲ ਲੱਗ ਜਾਣਗੇ। ਉਹਨਾਂ ਨੇ ਇਹ ਵੀ ਮੰਗ ਕੀਤੀ ਕਿ ਰਾਜ ਸਰਕਾਰ ਮ੍ਰਿਤਕਾਂ ਦੇ ਮਾਮਲੇ ਵਿਚ 4 ਲੱਖ ਦੀ ਸਹਾਇਤਾ ਰਾਸ਼ੀ ਨੂੰ ਵਧਾ ਕੇ 10 ਲੱਖ ਰੁਪਏ ਕਰੇ। ਉਹਨਾਂ ਇਹ ਵੀ ਮੰਗ ਕੀਤੀ ਕਿ ਪਸ਼ੂ ਧਨ ਦੇ ਹੋਏ ਨੁਕਸਾਨ ਲਈ 1 ਲੱਖ ਰੁਪਏ ਪ੍ਰਤੀ ਪਸ਼ੂ ਦਿੱਤਾ ਜਾਵੇ ਅਤੇ ਘਰਾਂ ਦੇ ਹੋਏ ਨੁਕਸਾਨ ਦਾ ਵੀ ਮੁਆਵਜ਼ਾ ਦਿੱਤਾ ਜਾਵੇ। ਉਹਨਾਂ ਨੇ ਇਹ ਵੀ ਮੰਗ ਕੀਤੀ ਕਿ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਖੇਤ ਵਾਹੁਣ ਵਾਲਿਆਂ ਨੂੰ ਦਿੱਤਾ ਜਾਵੇ ਭਾਵੇਂ ਉਹ ਜ਼ਮੀਨ ਦਾ ਮਾਲਕ ਹੋਵੇ ਜਾਂ ਫਿਰ ਠੇਕੇ ’ਤੇ ਲੈ ਕੇ ਜ਼ਮੀਨ ਵਾਹੁਣ ਵਾਲਾ ਹੋਵੇ ਅਤੇ ਜੋ ਕੱਚੀਆਂ ਜ਼ਮੀਨਾਂ ਵਾਹ ਰਹੇ ਹਨ ਉਹਨਾਂ ਨੂੰ ਵੀ ਮੁਆਵਜ਼ਾ ਦਿੱਤਾ ਜਾਵੇ।
ਸਰਦਾਰ ਬਾਦਲ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਲਈ ਹੜ੍ਹਾਂ ਤੋਂ ਰਾਹਤ ਤੇ ਮੁੜ ਵਸੇਬੇ ਵਾਸਤੇ 20 ਹਜ਼ਾਰ ਕਰੋੜ ਰੁਪਏ ਦੇ ਪੈਕੇਜ ਦਾ ਐਲਾਨ ਆਪਣੀ ਭਲਕੇ ਦੀ ਫੇਰੀ ਦੌਰਾਨ ਕਰਨ। ਉਹਨਾਂ ਕਿਹਾ ਕਿ ਇਕ ਵਿਸ਼ੇਸ਼ ਨਿਗਰਾਨ ਕਮੇਟੀ ਬਣਾਈ ਜਾਣੀ ਚਾਹੀਦੀ ਹੈ ਤਾਂ ਜੋ ਉਹ ਇਸ ਰਾਹਤ ਦੀ ਵੰਡ ਦੀ ਨਿਗਰਾਨੀ ਕਰੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਮੌਜੂਦਾ ਆਪ ਸਰਕਾਰ ਫੰਡਾਂ ਦੀ ਦੁਰਵਰਤੋਂ ਨਾ ਕਰੇ ਕਿਉਂਕਿ ਇਸਨੇ ਪਹਿਲਾਂ ਹੀ ਕੁਦਰਤੀ ਆਫਤ ਫੰਡ ਤਹਿਤ ਪਏ 13 ਹਜ਼ਾਰ ਕਰੋੜ ਰੁਪਏ ਦੀ ਦੁਰਵਰਤੋਂ ਕੀਤੀ ਹੈ।
ਉਹਨਾਂ ਨੇ ਉਦਯੋਗਾਂ ਨੂੰ ਵੀ ਅਪੀਲ ਕੀਤੀ ਕਿ ਉਹ ਹੜ੍ਹ ਪੀੜ੍ਹਤਾਂ ਦੀ ਮਦਦ ਵਾਸਤੇ ਅੱਗੇ ਆਉਣ। ਉਹਨਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਪਰ ਸੱਚੀ ਗੱਲ ਹੈ ਕਿ ਭਾਵੇਂ ਪੰਜਾਬੀਆਂ ਨੇ ਗੁਜਰਾਤ ਵਿਚ ਭੂਚਾਲ ਪੀੜਤਾਂ ਤੇ ਤਾਮਿਲਨਾਡੂ ਵਿਚ ਸੁਨਾਮੀ ਪੀੜਤਾਂ ਤੋਂ ਇਲਾਵਾ ਨੇਪਾਲ ਵਿਚ ਵੀ ਕੁਦਰਤੀ ਆਫਤਾਂ ਦੀ ਮਾਰ ਹੇਠ ਆਏ ਲੋਕਾਂ ਦੀ ਮਦਦ ਕੀਤੀ ਪਰ ਅੱਜ ਸੰਕਟ ਵੇਲੇ ਪੰਜਾਬ ਦੀ ਮਦਦ ਵਾਸਤੇ ਕੋਈ ਨਹੀਂ ਬਹੁੜਿਆ।
ਇਕ ਸਵਾਲ ਦੇ ਜਵਾਬ ਵਿਚ ਸਰਦਾਰ ਬਾਦਲ ਨੇ ਕਿਹਾ ਕਿ ਉਹ ਪਿਛਲੇ 15 ਦਿਨਾਂ ਤੋਂ ਪ੍ਰਭਾਵਤ ਇਲਾਕਿਆਂ ਦਾ ਦੌਰਾ ਕਰ ਰਹੇ ਹਨ ਅਤੇ ਲੋਕਾਂ ਨੇ ਉਹਨਾਂ ਨੂੰ ਦੱਸਿਆ ਹੈ ਕਿ ਬੰਨਾਂ ਦੀ ਮਜ਼ਬੂਤੀ ਵਾਸਤੇ ਕੱਖ ਵੀ ਨਹੀਂ ਕੀਤਾ ਗਿਆ। ਉਹਨਾਂ ਕਿਹਾ ਕਿ ਇਹ ਵੀ ਇਕ ਸੱਚਾਈ ਹੈ ਕਿ ਹੜ੍ਹਾਂ ਦੀ ਰੋਕਥਾਮ ਲਈ ਲੋੜੀਂਦੀ ਮੀਟਿੰਗ ਹੀ ਨਹੀਂ ਕੀਤੀ ਗਈ। ਉਹਨਾਂ ਕਿਹਾ ਕਿ ਇਸ ਨਾਲ ਲੋਕਾਂ ਦੀਆਂ ਮੁਸ਼ਕਿਲਾਂ ਵਿਚ ਹੋਰ ਵਾਧਾ ਹੋਇਆ ਹੈ।