ਨਵੀਂ ਦਿੱਲੀ -ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਹੈ ਕਿ ਉਹ ਬਹੁਤ ਮਾਣ ਮਹਿਸੂਸ ਕਰ੍ਰਰਹੇ ਹਨ ਕਿ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦੀ ਇਸਤਰੀ ਵਿੰਗ ਵੱਲੋਂ ਉਹਨਾਂ ਨੂੰ ਵਿਸ਼ੇਸ਼ ਸਨਮਾਨ ਦਿੱਤਾ ਕੀਤਾ ਗਿਆ।
ਇਹ ਸਨਮਾਨ 6 ਸਤੰਬਰ 2025 ਨੂੰ ਗੁਰਦੁਆਰਾ ਡੇਰਾ ਬਾਬਾ ਕਰਮ ਸਿੰਘ ਸਾਹਿਬ ਜੀ ਵਿੱਚ ਆਯੋਜਿਤ ਉਸ ਮਹੱਤਵਪੂਰਨ ਸਮਾਗਮ ਲਈ ਦਿੱਤਾ ਗਿਆ ਜੋ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਹਨਾਂ ਨਾਲ ਸ਼ਹੀਦ ਹੋਏ ਮਹਾਨ ਗੁਰਸਿੱਖਾਂ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੀ।
ਸਰਦਾਰ ਕਾਲਕਾ ਨੇ ਕਿਹਾ ਕਿ ਇਹ ਸਨਮਾਨ ਸਿਰਫ਼ ਉਹਨਾਂ ਲਈ ਹੀ ਨਹੀਂ, ਸਗੋਂ ਪੂਰੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਦੀ ਸਮੁੱਚੀ ਟੀਮ ਅਤੇ ਸੰਗਤਾਂ ਲਈ ਮਾਣ ਦਾ ਵਿਸ਼ਾ ਹੈ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੀ ਇਸਤਰੀ ਵਿੰਗ ਦੀਆਂ ਬੀਬੀਆਂ ਦਾ ਦਿਲੋਂ ਧੰਨਵਾਦ ਕੀਤਾ ਅਤੇ ਕਿਹਾ ਕਿ ਇਸ ਤਰ੍ਹਾਂ ਦੇ ਸਨਮਾਨ ਉਹਨਾਂ ਨੂੰ ਧਰਮ, ਕੌਮ ਅਤੇ ਸੇਵਾ ਦੇ ਰਾਹ ‘ਤੇ ਹੋਰ ਮਜ਼ਬੂਤੀ ਨਾਲ ਤੁਰਨ ਦੀ ਪ੍ਰੇਰਣਾ ਦਿੰਦੇ ਹਨ।
ਉਨ੍ਹਾਂ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਸਰਬ ਧਰਮ, ਇਨਸਾਨੀਅਤ ਅਤੇ ਸੱਚਾਈ ਦੀ ਰੱਖਿਆ ਲਈ ਸਦਾ ਯਾਦਗਾਰ ਰਹੇਗੀ ਅਤੇ ਇਹੋ ਜਿਹੇ ਸਮਾਗਮ ਸਾਨੂੰ ਆਪਣੀ ਵਿਰਾਸਤ ਅਤੇ ਇਤਿਹਾਸ ਨਾਲ ਜੋੜਨ ਵਾਲੇ ਹਨ।