ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਗਰ (ਭਗਵਾਨ ਗੰਜ) ਤੋਂ ਅਗਲੇ ਪੜਾਅ ਗੁਰਦੁਆਰਾ ਨਾਨਕਸਰ ਸਾਹਿਬ ਭੋਪਾਲ ਲਈ ਰਵਾਨਾ ਹੋਇਆ।
ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸਜੇ ਧਾਰਮਿਕ ਦੀਵਾਨ ਵਿਚ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਨੌਵੇਂ ਪਾਤਸ਼ਾਹ ਜੀ ਦੇ ਜੀਵਨ ਇਤਿਹਾਸ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ।
ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਸਿੰਘਾਂ ਅਤੇ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਸਾਕੇ ਦੀ ਸ਼ਤਾਬਦੀ ਨੂੰ ਸਮਰਪਿਤ ਇਸ ਨਗਰ ਕੀਰਤਨ ਪ੍ਰਤੀ ਸੰਗਤਾਂ ਅੰਦਰ ਵੱਡਾ ਉਤਸ਼ਾਹ ਹੈ। ਵੱਖ-ਵੱਖ ਪੜਾਵਾਂ ’ਤੇ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕਰਦਿਆਂ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ ਗਿਆ।
ਇਸੇ ਦੌਰਾਨ ਬੀਤੀ ਰਾਤ ਨਗਰ ਕੀਰਤਨ ਦਾ ਸਾਗਰ ਪਹੁੰਚਣ ਤੇ ਵਿਧਾਇਕ ਸ੍ਰੀ ਸੈਲ ਇੰਦਰ ਜ਼ੈਨ ਅਤੇ ਹਲਕਾ ਰਹੇਲੀ ਦੇ ਵਿਧਾਇਕ ਪੰਡਿਤ ਗੋਪਾਲ ਸਹਿਰੈਗੋ ਵੱਲੋਂ ਵੀ ਆਪਣੇ ਸਹਿਯੋਗੀਆਂ ਸਮੇਤ ਸਵਾਗਤ ਕਰਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਪ੍ਰਗਟ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ, ਇੰਚਾਰਜ ਸ. ਪਲਵਿੰਦਰ ਸਿੰਘ, ਵਧੀਕ ਮੈਨੇਜਰ ਸ. ਗੁਰਤਿੰਦਰਪਾਲ ਸਿੰਘ ਕਾਦੀਆਂ, ਸ. ਅਮਰਜੀਤ ਸਿੰਘ ਜਿੰਦਵੜੀ, ਸਿੱਖ ਮਿਸ਼ਨ ਉਜੈਨ ਦੇ ਇੰਚਾਰਜ ਭਾਈ ਬਲਦੇਵ ਸਿੰਘ ਓਗਰਾ, ਸ. ਹਰਭਜਨ ਸਿੰਘ ਸੁਪਰਵਾਈਜ਼ਰ, ਮੀਤ ਮੈਨੇਜਰ ਭਾਈ ਗੁਰਪ੍ਰੀਤ ਸਿੰਘ, ਸ. ਸੁਰਜੀਤ ਸਿੰਘ, ਪ੍ਰਚਾਰਕ ਭਾਈ ਗਗਨਦੀਪ ਸਿੰਘ, ਭਾਈ ਗੁਰਪਿੰਦਰ ਸਿੰਘ, ਭਾਈ ਸੰਤੋਖ ਸਿੰਘ, ਭਾਈ ਵੀਰ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।