ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਉਨ੍ਹਾਂ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਸਮੇਤ ਹੋਰ ਗੁਰਧਾਮਾਂ ਦੀ ਯਾਤਰਾ ਲਈ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੇ ਜਥੇ ਤੇ ਭਾਰਤ ਸਰਕਾਰ ਵੱਲੋਂ ਰੋਕ ਲਗਾਏ ਜਾਣ ਨੂੰ ਮੰਦਭਾਗਾ ਦੱਸਦਿਆਂ ਇਸ ਫੈਸਲੇ ਨੂੰ ਸਿੱਖ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਸੱਟ ਮਾਰਨ ਵਾਲੀ ਕਾਰਵਾਈ ਕਿਹਾ ਹੈ।
ਇਸ ਸਬੰਧੀ ਗੱਲ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਕਿਹਾ ਕਿ ਆਪਣੇ ਧਾਰਮਿਕ ਅਸਥਾਨਾਂ ਦੀ ਯਾਤਰਾ ਕਰਨ ਦੀ ਭਾਵਨਾ ਰੱਖਣ ਵਾਲਿਆਂ ਨਾਲ ਸੁਰੱਖਿਆ ਦੇ ਨਾਂ ਤੇ ਵਿਤਕਰਾ ਕੀਤਾ ਜਾਣਾ ਕਿਸੇ ਵੀ ਤਰ੍ਹਾਂ ਠੀਕ ਨਹੀਂ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਸਿੱਖ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਬਿਨਾਂ ਦੇਰੀ ਜਥਾ ਭੇਜਣ ਦਾ ਐਲਾਨ ਕਰਨ।
ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਸਿੱਖ ਸ਼ਰਧਾਲੂਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਲਈ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦਫ਼ਤਰ ਦੇ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾਏ ਸਨ। ਇਸ ਸਬੰਧੀ ਬਹੁਤ ਸਾਰੇ ਲੋਕਾਂ ਵੱਲੋਂ ਜਾਣਕਾਰੀ ਲਈ ਸੰਪਰਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਸਿੱਖ ਸ਼ਰਧਾਲੂਆਂ ਨੇ ਆਪਣੇ ਪਾਸਪੋਰਟ ਜਮ੍ਹਾਂ ਕਰਵਾਏ ਹਨ ਉਹ ਵਧੇਰੇ ਜਾਣਕਾਰੀ ਲਈ ਸ਼੍ਰੋਮਣੀ ਕਮੇਟੀ ਦੇ ਯਾਤਰਾ ਵਿਭਾਗ ਵਿਖੇ ਸੰਪਰਕ ਕਰ ਸਕਦੇ ਹਨ।