ਨਵੀਂ ਦਿੱਲੀ -ਏ ਆਈ ਤਕਨੀਕ ਦੀ ਦੁਰਵਰਤੋਂ ਕਰਕੇ ਮੁੜ ਸਿੱਖ ਭਾਵਨਾਵਾਂ ਨੂੰ ਗਹਿਰੀ ਚੋਟ ਪਹੁੰਚਾਈ ਜਾ ਰਹੀ ਹੈ । ਗੁਰੂਬਾਣੀ ਰਿਸਰਚ ਫਾਉਂਡੇਸ਼ਨ ਦੇ ਮੁੱਖੀ, ਦਿੱਲੀ ਕਮੇਟੀ ਦੀ ਧਰਮਪ੍ਰਚਾਰ ਵਿੰਗ ਦੇ ਸਾਬਕਾ ਕੋ ਚੇਅਰਮੈਨ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਆਗੂ ਪਰਮਜੀਤ ਸਿੰਘ ਵੀਰ ਜੀ ਕਿਹਾ ਕਿ ਇਸ ਤਕਨੀਕ ਦੀ ਦੁਰਵਰਤੋਂ ਨਾਲ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਅੰਦਰ ਸ਼ਰਾਰਤੀ ਅਨਸਰ ਵਲੋਂ ਗੁਰੂ ਗ੍ਰੰਥ ਸਾਹਿਬ ਜੀ ਦੇ ਆਲੇ ਦੁਆਲੇ ਸੂਰ ਦਿਖਾ ਰਹੇ ਹਨ ਜਿਨ੍ਹਾਂ ਵਿੱਚੋਂ ਇਕ ਗੁਰੂ ਗ੍ਰੰਥ ਸਾਹਿਬ ਜੀ ਉਪਰ ਚੜ੍ਹ ਜਾਂਦਾ ਹੈ ਤੇ ਅਗਲੇ ਦ੍ਰਿਸ਼ ਵਿਚ ਖੱਚਰ ਗੁਰੂ ਗ੍ਰੰਥ ਸਾਹਿਬ ਜੀ ਵਲ ਵੱਧ ਰਹੇ ਹਨ ਜਿਨ੍ਹਾਂ ਨੂੰ ਦੇਖ ਕੇ ਗ੍ਰੰਥੀ ਸਿੰਘ ਅਤੇ ਸੇਵਾਦਾਰ ਸਿੰਘ ਰੁਮਾਲਾ ਸਾਹਿਬ ਜੀ ਨੂੰ ਸੂਟ ਦੇਂਦੇ ਹਨ। ਇਸ ਤਕਨੀਕ ਦੀ ਵਰਤੋਂ ਨਾਲ ਦੇਸ਼ ਵਿਚ ਅਰਾਜਕਤਾ ਫੈਲਣ ਦੇ ਨਾਲ ਦੇਸ਼ ਦਾ ਮਾਹੌਲ ਵੀਂ ਖਰਾਬ ਹੋ ਸਕਦਾ ਹੈ ਜਿਸ ਨਾਲ ਵਡੀ ਗਿਣਤੀ ਵਿਚ ਜਾਨ ਮਾਲ ਦਾ ਨੁਕਸਾਨ ਹੋ ਸਕਦਾ ਹੈ । ਦੇਸ਼ ਦੇ ਨਾਗਰਿਕਾਂ ਦੀ ਸੁਰੱਖਿਆ ਦੀ ਜਿੰਮੇਵਾਰੀ ਕੇਂਦਰ ਸਰਕਾਰ ਦੀ ਹੁੰਦੀ ਹੈ ਇਸ ਲਈ ਦੇਸ਼ ਦੀਆਂ ਸਰਕਾਰਾਂ ਦੇ ਸਾਈਬਰ ਕਰਾਈਮ ਸੈੱਲ ਅਤੇ ਪੁਲਿਸ ਮਹਿਕਮੇ ਦੀ ਜ਼ੁੰਮੇਵਾਰੀ ਬਣਦੀ ਹੈ ਕਿ ਉਹ ਅਜਿਹੇ ਮਾਮਲਿਆਂ ’ਤੇ ਰੋਕ ਲਗਾਉਣ ਲਈ ਠੋਸ ਯਤਨ ਕਰੇ। ਉਨ੍ਹਾਂ ਕਿਹਾ ਕਿ ਅਸੀਂ ਪਹਿਲਾਂ ਵੀਂ ਇਸ ਤਰ੍ਹਾਂ ਦੇ ਕਈ ਮਾਮਲਿਆਂ ਬਾਰੇ ਆਵਾਜ਼ ਚੁਕੀ ਹੈ ਪਰ ਉਨ੍ਹਾਂ ਉਪਰ ਕਿਸੇ ਕਿਸਮ ਦੀ ਕਾਰਵਾਈ ਨਾ ਹੋਣ ਕਰਕੇ ਸ਼ਰਾਰਤੀ ਅਨਸਰਾਂ ਦੇ ਹੋਂਸਲੇ ਵੱਧ ਗਏ ਹਨ । ਅੰਤ ਵਿਚ ਉਨ੍ਹਾਂ ਕਿਹਾ ਕਿ ਅਸੀਂ ਜੱਥੇਦਾਰ ਅਕਾਲ ਤਖਤ ਸਾਹਿਬ ਨੂੰ ਅਪੀਲ ਕਰਦੇ ਹਾਂ ਕਿ ਇਸ ਅਤਿ ਗੰਭੀਰ ਮਸਲੇ ਨੂੰ ਪਹਿਲ ਦੇ ਆਧਾਰ ਤੇ ਲੈਂਦੇ ਹੋਏ ਦੇਸ਼ ਦੀਆਂ ਸਮੁੱਚੀ ਏਜੰਸੀਆਂ ਅਤੇ ਪੁਲਿਸ ਮਹਿਕਮੇ ਨਾਲ ਰਾਬਤਾ ਕਾਇਮ ਕਰਕੇ ਇਸ ਤਕਨੀਕ ਉਪਰ ਰੋਕ ਲਗਵਾਏ ਜਾਨ ਲਈ ਪਹਿਲਕਦਮੀ ਕਰਣੀ ਚਾਹੀਦੀ ਹੈ ਜਿਸ ਨਾਲ ਭਵਿੱਖ ਵਿਚ ਕਿਸੇ ਵੀਂ ਧਰਮ ਦੇ ਨਾਲ ਖਿਲਵਾੜ ਨਾ ਕੀਤਾ ਜਾ ਸਕੇ ।