ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਦੇ ਹੜ੍ਹ ਮਾਰੇ ਇਲਾਕਿਆਂ ਵਾਸਤੇ 6 ਟਰੱਕ ਰਾਹਤ ਸਮੱਗਰੀ ਰਵਾਨਾ ਕੀਤੀ ਗਈ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਸੰਗਤ ਦੇ ਦਸਵੰਧ ਨਾਲ ਇਹ ਸਮਾਨ ਅੱਜ ਪੰਜਾਬ ਲਈ ਰਵਾਨਾ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਜਿਹੜੇ ਟਰੱਕ ਅੱਜ ਰਵਾਨਾ ਕੀਤੇ ਗਏ ਹਨ, ਉਹਨਾਂ ਵਿਚ 1500 ਗੱਦੇ, ਚਾਦਰਾਂ, ਸਰਾਹਣੇ, ਮੱਛਰ ਦਾਨੀਆਂ, ਭਾਂਡੇ, ਬੂਟ, ਕੈਟਲ ਫੀਡ, ਪ੍ਰੈਸ਼ਰ ਕੁੱਕਰ ਤੇ ਹੋਰ ਘਰੇਲੂ ਸਮਾਨ ਭੇਜਿਆ ਗਿਆ ਹੈ।
ਉਹਨਾਂ ਕਿਹਾ ਕਿ ਪੰਜਾਬ ਵਿਚ ਹੜ੍ਹ ਮਾਰੇ ਲੋਕਾਂ ਦੀ ਜ਼ਰੂਰਤ ਦਾ ਹਰ ਸਮਾਨ ਭੇਜਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਸੰਗਤ ਦੇ ਸਹਿਯੋਗ ਨਾਲ ਪਹਿਲਾਂ ਅਜਨਾਲਾ, ਰਮਦਾਸ ਤੇ ਡੇਰਾ ਬਾਬਾ ਨਾਨਕ ਇਲਾਕੇ ਵਿਚ ਡੀਜ਼ਲ ਤੇ ਹੋਰ ਸਮਾਨ ਦੀ ਸੇਵਾ ਕੀਤੀ ਗਈ ਹੈ। ਉਹਨਾਂ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਦੀਆਂ ਟੀਮਾਂ ਮੌਕੇ ’ਤੇ ਮੌਜੂਦ ਹਨ ਜਿਹਨਾਂ ਵਿਚ ਮੈਨੇਜਰ ਵੀ ਲਗਾਏ ਗਏ ਹਨ। ਉਹਨਾਂ ਕਿਹਾ ਕਿ ਬਕਾਇਦਾ ਸੂਚੀਆਂ ਬਣਾ ਕੇ ਲੋਕਾਂ ਦੀ ਜ਼ਰੂਰਤ ਦਾ ਸਮਾਨ ਇਕੱਠਾ ਕੀਤਾ ਜਾ ਰਿਹਾ ਹੈ ਤੇ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ।
ਉਹਨਾਂ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਹੜ੍ਹ ਮਾਰੇ ਲੋਕਾਂ ਦੀ ਮਦਦ ਵਾਸਤੇ ਵਚਨਬੱਧ ਹੈ ਤੇ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਸਾਡੇ ਧਿਆਨ ਵਿਚ ਆਇਆ ਹੈ ਕਿ ਖੇਤਾਂ ਵਿਚ ਕੰਮ ਕਰਨ ਵਾਲੇ ਕਿਸਾਨਾਂ ਨੂੰ ਸੱਪਾਂ ਦੇ ਡੰਗ ਦੀ ਮੁਸ਼ਕਿਲ ਦਰਪੇਸ਼ ਹੈ ਤੇ ਉਸ ਵਾਸਤੇ ਵੀ ਮਦਦ ਪ੍ਰਦਾਨ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਸਮੁੱਚੇ ਪੰਜਾਬੀ ਇਸ ਮੁਸ਼ਕਿਲ ਦੀ ਘੜੀ ਵਿਚ ਇਕਜੁੱਟ ਹਨ ਅਤੇ ਕਿਸੇ ਵੀ ਤਰੀਕੇ ਨਾਲ ਪੰਜਾਬੀਆਂ ਨੂੰ ਹੜ੍ਹਾਂ ਦੀ ਮਾਰ ਵਿਚ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।