ਨਵੀਂ ਦਿੱਲੀ -ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਰਾਹਤ ਸਮੱਗਰੀ ਭੇਜਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਦਿੱਲੀ ਦੀ ਸੰਗਤ ਦੇ ਸਹਿਯੋਗ ਨਾਲ ਭੇਜੀ ਜਾ ਰਹੀ ਰਾਹਤ ਸਮੱਗਰੀ ਅਤੇ ਹੋਰ ਜ਼ਰੂਰੀ ਚੀਜ਼ਾਂ ਦੀ ਸਪਲਾਈ ਦਿਨ-ਰਾਤ ਸੇਵਾਵਾਂ ਨਿਭਾਉਂਦੇ ਹੋਏ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਲੰਟੀਅਰਾਂ ਦੇ ਸਹਿਯੋਗ ਨਾਲ ਲੋੜੀਂਦੀਆਂ ਚੀਜ਼ਾਂ ਤੁਰੰਤ ਪ੍ਰਭਾਵਿਤ ਖੇਤਰਾਂ ਤੱਕ ਪਹੁੰਚਾਈਆਂ ਜਾ ਰਹੀਆਂ ਹਨ।
ਉਨ੍ਹਾਂ ਦੱਸਿਆ ਕਿ ਖਾਸ ਤੌਰ ‘ਤੇ ਅਜਨਾਲਾ ਤੇ ਗੁਰਦਾਸਪੁਰ ਵਿੱਚ ਜਿਥੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਗਾਏ ਹੋਏ ਰਾਹਤ ਕੈਂਪਾਂ ‘ਚ ਲੋਕਾਂ ਵਿੱਚ ਵੱਡਾ ਵਿਸ਼ਵਾਸ ਬਣਿਆ ਹੈ, ਜਿਹੜੀ ਵੀ ਲੋੜ ਉਥੋਂ ਦੀ ਸੰਗਤ ਵੱਲੋਂ ਸਾਹਮਣੇ ਆ ਰਹੀ ਹੈ, ਲੋੜ ਅਨੁਸਾਰ ਸਮੱਗਰੀ ਤੁਰੰਤ ਉਪਲਬਧ ਕਰਵਾਈ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੁੱਖ ਉਦੇਸ਼ ਇਹ ਹੈ ਕਿ ਸੰਗਤ ਵੱਲੋਂ ਇਕੱਠੀ ਕੀਤੀ ਰਾਹਤ ਸਮੱਗਰੀ ਸਿੱਧੀ ਪ੍ਰਭਾਵਿਤ ਪਰਿਵਾਰਾਂ ਤੱਕ ਪਹੁੰਚੇ ਅਤੇ ਇਸ ਦੀ ਕੋਈ ਦੁਰ ਵਰਤੋਂ ਨਾ ਹੋਵੇ। ਉਨ੍ਹਾਂ ਦੱਸਿਆ ਕਿ ਦੋ ਦਿਨ ਪਹਿਲਾਂ ਛੇ ਟਰੱਕ ਰਾਹਤ ਸਮੱਗਰੀ ਦੇ ਪੰਜਾਬ ਭੇਜੇ ਗਏ ਸਨ ਅਤੇ ਅੱਜ ਹੋਰ ਚਾਰ ਟਰੱਕ ਭੇਜੇ ਜਾ ਰਹੇ ਹਨ, ਜਿਨ੍ਹਾਂ ਵਿੱਚ ਕੰਬਲਾਂ, ਗੱਦਿਆਂ, ਮੱਛਰਦਾਨੀਆਂ, ਬਰਤਨ ਅਤੇ ਰੋਜ਼ਾਨਾ ਵਰਤੋਂ ਵਾਲੀਆਂ ਹੋਰ ਜ਼ਰੂਰੀ ਚੀਜ਼ਾਂ ਸ਼ਾਮਲ ਹਨ।”
ਉਨ੍ਹਾਂ ਅੱਗੇ ਕਿਹਾ ਕਿ ਹਾਲਾਤ ਦੇ ਮੱਦੇਨਜ਼ਰ ਡੀਜ਼ਲ, ਖਾਦ ਅਤੇ ਬੀਜ ਦੀ ਸਭ ਤੋਂ ਵੱਧ ਲੋੜ ਹੈ। ਡੀ.ਐਸ.ਜੀ.ਐਮ.ਸੀ. ਨੇ ਪਹਿਲਾਂ ਹੀ 5 ਹਜ਼ਾਰ ਏਕੜ ਜ਼ਮੀਨ ‘ਤੇ ਬੀਜਾਈ ਲਈ ਬੀਜ ਦੇਣ ਦਾ ਐਲਾਨ ਕੀਤਾ ਹੋਇਆ ਹੈ ।
ਸਰਦਾਰ ਹਰਮੀਤ ਸਿੰਘ ਕਾਲਕਾ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਪੰਜਾਬ ਦੇ ਹੜ੍ਹ-ਪ੍ਰਭਾਵਿਤ ਭਰਾਵਾਂ ਦੀ ਸਹਾਇਤਾ ਲਈ ਅੱਗੇ ਆਓ। ਉਨ੍ਹਾਂ ਕਿਹਾ ਕਿ ਦਿੱਲੀ ਸੰਗਤ ਵੱਲੋਂ ਜੋ ਵੀ ਸਮੱਗਰੀ ਭੇਜੀ ਜਾਵੇਗੀ, ਉਹ ਜ਼ਿੰਮੇਵਾਰੀ ਨਾਲ ਹੜ ਪ੍ਰਭਾਵਿਤ ਲੋਕਾਂ ਤੱਕ ਸਹੀ ਥਾਂ ‘ਤੇ ਪਹੁੰਚ ਯਕੀਨੀ ਬਣਾਈ ਜਾਵੇਗੀ।