ਸ੍ਰੀ ਅੰਮ੍ਰਿਤਸਰ-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਜਲਦ ਹੀ ਜ਼ਿੰਦਾ ਸ਼ਹੀਦ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕਰਨਗੇ। ਇਸ ਮੁਲਾਕਾਤ ਸਬੰਧੀ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਜੇਲ੍ਹ ਅਧਿਕਾਰੀਆਂ ਨਾਲ ਲਿਖਾ-ਪੜ੍ਹੀ ਕਰਨ ਲਈ ਪੱਤਰ ਭੇਜ ਦਿੱਤਾ ਗਿਆ ਹੈ।
ਸਕੱਤਰੇਤ ਦਫ਼ਤਰ ਤੋਂ ਜਾਰੀ ਬਿਆਨ ਵਿੱਚ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਪਿਛਲੇ ਕਰੀਬ ਤਿੰਨ ਦਹਾਕਿਆਂ ਤੋਂ ਜੇਲ੍ਹ ਵਿੱਚ ਨਜ਼ਰਬੰਦ ਹਨ ਅਤੇ ਲੰਮੇ ਸਮੇਂ ਤੋਂ ਫਾਂਸੀ ਚੱਕੀ ਵਿੱਚ ਕੈਦ ਹਨ, ਜੋ ਕਿ ਮਨੁੱਖੀ ਅਧਿਕਾਰਾਂ ਦਾ ਵੱਡਾ ਘਾਣ ਹੈ। ਉਨ੍ਹਾਂ ਕਿਹਾ ਕਿ ਭਾਈ ਰਾਜੋਆਣਾ ਦੇ ਮਾਮਲੇ ਵਿੱਚ ਕੇਂਦਰ ਸਰਕਾਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਮੌਕੇ ਸਾਲ 2019 ਵਿੱਚ ਜਾਰੀ ਕੀਤੀ ਆਪਣੀ ਨੋਟੀਫਿਕੇਸ਼ਨ ਜਲਦ ਹੀ ਲਾਗੂ ਕਰਕੇ ਉਨ੍ਹਾਂ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿਉਂਕਿ ਭਾਈ ਰਾਜੋਆਣਾ ਉਮਰ ਕੈਦ ਨਾਲੋਂ ਦੁੱਗਣੇ ਸਮੇਂ ਤੋਂ ਜੇਲ੍ਹ ਵਿੱਚ ਨਜ਼ਰਬੰਦ ਹਨ, ਇਸ ਲਈ ਸਰਕਾਰ ਉਨ੍ਹਾਂ ਨੂੰ ਸਿੱਖ ਭਾਵਨਾਵਾਂ ਦੀ ਕਦਰ ਕਰਦਿਆਂ ਰਿਹਾਅ ਕਰੇ।
ਜਥੇਦਾਰ ਗੜਗੱਜ ਨੇ ਕਿਹਾ ਕਿ ਸਰਕਾਰ ਉਨ੍ਹਾਂ ਬੰਦੀ ਸਿੰਘਾਂ ਨੂੰ ਜਿਨ੍ਹਾਂ ਨੇ ਆਪਣੀਆਂ ਸਜ਼ਾਵਾਂ ਤੋਂ ਵੱਧ ਕੈਦ ਕੱਟ ਲਈ ਹੈ, ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਮੱਦੇਨਜ਼ਰ ਜਲਦ ਹੀ ਰਿਹਾਅ ਕਰਨਾ ਚਾਹੀਦਾ ਹੈ। ਉਨ੍ਹਾਂ ਕੇਂਦਰ ਅਤੇ ਸੂਬਾ ਸਰਕਾਰ ਨੂੰ ਬੰਦੀ ਸਿੰਘ ਭਾਈ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਜ਼ੁਰਗ ਮਾਤਾ ਬੀਬੀ ਨਰਿੰਦਰ ਕੌਰ ਜੀ ਨਾਲ ਮੁਲਾਕਾਤ ਕਰਨ ਲਈ ਨਿਆਂਪੂਰਣ ਅਤੇ ਮਨੁੱਖੀ ਅਧਿਕਾਰਾਂ ਵਾਲੀ ਪਹੁੰਚ ਅਪਣਾ ਕੇ ਵਕਤੀ ਜ਼ਮਾਨਤ ਦੇਣ ਲਈ ਵੀ ਆਖਿਆ।