ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਹੋਏ ਵਿਸ਼ੇਸ਼ ਜਨਰਲ ਇਜਲਾਸ ਵਿਚ ਕਮੇਟੀ ਦੇ ਸਾਬਕਾ ਪ੍ਰਧਾਨਾਂ ਪਰਮਜੀਤ ਸਿੰਘ ਸਰਨਾ, ਹਰਵਿੰਦਰ ਸਿੰਘ ਸਰਨਾ ਅਤੇ ਮਨਜੀਤ ਸਿੰਘ ਜੀ.ਕੇ.ਖਿਲਾਫ ਲੱਗੇ ਗੰਭੀਰ ਦੋਸ਼ਾਂ ਨੂੰ ਵੇਖਦੇ ਹੋਏ ਸਰਬਸੰਮਤੀ ਨਾਲ ਉਹਨਾਂ ਦੀ ਮੈਂਬਰਸ਼ਿਪ ਖ਼ਤਮ ਕਰਨ ਦਾ ਫੈਸਲਾ ਕੀਤਾ ਗਿਆ। ਇਸ ਬਾਰੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਮੇਟੀ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਡਾਇਰੈਕਟਰ ਗੁਰਦੁਆਰਾ ਚੋਣਾਂ ਅਤੇ ਦਿੱਲੀ ਸਰਕਾਰ ਵੱਲੋਂ ਕਮੇਟੀ ਨੂੰ ਕਿਹਾ ਗਿਆ ਸੀ ਕਿ ਮੈਂਬਰਾਂ ਵੱਲੋਂ ਤਿੰਨਾਂ ਖਿਲਾਫ ਕੀਤੀਆਂ ਗਈਆਂ ਸ਼ਿਕਾਇਤਾਂ ’ਤੇ ਬਣਦੀ ਕਾਰਵਾਈ ਕੀਤੀ ਜਾਵੇ। ਉਹਨਾਂ ਕਿਹਾ ਕਿ ਇਸ ਉਪਰੰਤ ਸਾਰੇ 50 ਮੈਂਬਰਾਂ ਨੂੰ ਲਿਖਤੀ ਪੱਤਰ ਭੇਜ ਕੇ ਡਾਇਰੈਕਟਰ ਗੁਰਦੁਆਰਾ ਚੋਣਾਂ ਅਤੇ ਦਿੱਲੀ ਸਰਕਾਰ ਤੋਂ ਹੋਈ ਹਦਾਇਤ ਤੇ ਮੈਂਬਰਾਂ ਵੱਲੋਂ ਕੀਤੀਆਂ ਸ਼ਿਕਾਇਤਾਂ ਦੀਆਂ ਕਾਪੀਆਂ ਭੇਜ ਕੇ ਕੀਤੇ ਜਾਣ ਵਾਲੀ ਕਾਰਵਾਈ ਬਾਰੇ ਸੁਝਾਅ ਮੰਗੇ ਗਏ ਸਨ। ਉਹਨਾਂ ਦੱਸਿਆ ਕਿ ਪਰਮਜੀਤ ਸਿੰਘ ਸਰਨਾ, ਹਰਵਿੰਦਰ ਸਿੰਘ ਸਰਨਾ ਅਤੇ ਮਨਜੀਤ ਸਿੰਘ ਜੀ.ਕੇ. ਨੂੰ ਵੀ ਇਹ ਪੱਤਰ ਭੇਜੇ ਗਏ ਸਨ। ਉਹਨਾਂ ਕਿਹਾ ਕਿ ਉਹਨਾਂ ਨੇ ਆਪਣੇ ਉਪਰ ਲੱਗੇ ਦੋਸ਼ਾਂ ਦਾ ਖੰਡਨ ਨਹੀਂ ਕੀਤਾ, ਨਾ ਹੀ ਦੋਸ਼ ਝੁਠਲਾਏ ਬਲਕਿ ਹੋਰ ਹੀ ਉਲ ਜਲੂਲ ਜਵਾਬ ਲਿਖ ਕੇ ਭੇਜ ਦਿੱਤੇ। ਉਹਨਾਂ ਕਿਹਾ ਕਿ ਇਹ ਤਿੰਨੋਂ ਅੱਜ ਜਨਰਲ ਇਜਲਾਸ ਵਿਚ ਵੀ ਸ਼ਾਮਲ ਨਹੀਂ ਹੋਏ। ਉਹਨਾਂ ਦੱਸਿਆ ਕਿ ਇਜਲਾਸ ਵਿਚ ਜਿਆਦਾਤਰ ਮੈਂਬਰਾਂ ਨੇ ਤਿੰਨਾਂ ਮੈਂਬਰਾਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਜਿਸ ਮਗਰੋਂ ਹਾਜ਼ਰ ਸਾਰੇ 38 ਮੈਂਬਰਾਂ ਨੇ ਸਰਬਸੰਮਤੀ ਨਾਲ ਮਤਾ ਪਾਸ ਕਰ ਕੇ ਤਿੰਨਾਂ ਦੀ ਮੈਂਬਰਸ਼ਿਪ ਖ਼ਤਮ ਕਰਨ ਦਾ ਫੈਸਲਾ ਲਿਆ। ਉਹਨਾਂ ਦੱਸਿਆ ਕਿ ਹੁਣ ਮਤੇ ਦੀ ਕਾਪੀ ਡਾਇਰੈਕਟਰ ਗੁਰਦੁਆਰਾ ਚੋਣਾਂ ਅਤੇ ਦਿੱਲੀ ਸਰਕਾਰ ਨੂੰ ਭੇਜੀ ਜਾਵੇਗੀ। ਸਵਾਲਾਂ ਦੇ ਜਵਾਬ ਦਿੰਦਿਆਂ ਉਹਨਾਂ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਐਕਟ ਦੇ ਤਹਿਤ ਹੀ ਇਹ ਕਾਰਵਾਈ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਤਿੰਨਾਂ ਖਿਲਾਫ ਇਹ ਦੋਸ਼ ਸੀ ਕਿ ਉਹਨਾਂ ਨੇ ਕਮੇਟੀ ਦੇ ਅਹੁਦੇਦਾਰ ਹੁੰਦਿਆਂ ਆਪਣੇ ਪਰਿਵਾਰਕ ਮੈਂਬਰਾਂ ਦੇ ਨਾਮ ’ਤੇ ਚੈਕਾਂ ਰਾਹੀਂ ਅਦਾਇਗੀਆਂ ਕੀਤੀਆਂ। ਉਹਨਾਂ ਦੱਸਿਆ ਕਿ ਮਨਜੀਤ ਸਿੰਘ ਜੀ.ਕੇ. ਨੇ ਆਪਣੀ ਬੇਟੀ ਦੇ ਨਾਮ ’ਤੇ ਅਤੇ ਸਰਨਾ ਭਰਾਵਾਂ ਨੇ ਆਪਣੀਆਂ ਕੰਪਨੀਆਂ ਦੇ ਨਾਮ ’ਤੇ ਚੈਕ ਜਾਰੀ ਕਰ ਕੇ ਅਦਾਇਗੀਆਂ ਕੀਤੀਆਂ। ਉਹਨਾਂ ਦੱਸਿਆ ਕਿ ਇਜਲਾਸ ਵਿਚ ਮੈਂਬਰਾਂ ਨੇ ਕਿਹਾ ਕਿ ਨੈਤਿਕ ਤੌਰ ’ਤੇ ਗਲਤ ਕੰਮ ਕਰਨ ਦੀ ਅਜਿਹੀ ਮਿਸਾਲੀ ਸਜ਼ਾ ਦਿੱਤੀ ਜਾਵੇ ਤਾਂ ਜੋ ਭਵਿੱਖ ਵਿਚ ਕੋਈ ਵੀ ਸੰਗਤ ਵੱਲੋਂ ਦਿੱਤੇ ਜਾਂਦੇ ਦਸਵੰਧ ਦੇ ਗੋਲਕ ਦੇ ਪੈਸੇ ਵੱਲ ਝਾਕ ਵੀ ਨਾ ਸਕੇ। ਇਕ ਹੋਰ ਸਵਾਲ ਦੇ ਜਵਾਬ ਵਿਚ ਉਹਨਾਂ ਕਿਹਾ ਕਿ ਜੇਕਰ ਕਿਸੇ ਮੈਂਬਰ ਖਿਲਾਫ ਹੋਰ ਵੀ ਕੋਈ ਸ਼ਿਕਾਇਤ ਹੋਈ ਅਤੇ ਡਾਇਰੈਕਟਰ ਗੁਰਦੁਆਰਾ ਚੋਣਾਂ ਨੇ ਹਦਾਇਤ ਕੀਤੀ ਤਾਂ ਬਣਦੀ ਕਾਰਵਾਈ ਕੀਤੀ ਜਾਵੇਗੀ।