ਪਟਿਆਲਾ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਸੂਬੇ ਵਿੱਚ ਕਾਨੂੰਨ ਵਿਵਸਥਾ ਨੂੰ ਸੁਚੱਜੇ ਢੰਗ ਨਾਲ ਬਣਾਈ ਰੱਖਣ ਲਈ ਪੰਜਾਬ ਪੁਲਿਸ ਵਿੱਚ ਮੁਲਾਜ਼ਮਾਂ ਦੀ ਗਿਣਤੀ ਪਹਿਲੀ ਵਾਰ ਇੱਕ ਲੱਖ ਦੇ ਅੰਕੜੇ ਨੂੰ ਪਾਰ ਕਰੇਗੀ ਕਿਉਂਕਿ ਸੂਬਾ ਸਰਕਾਰ ਵੱਲੋਂ ਇੱਕ ਵੱਡੀ ਭਰਤੀ ਮੁਹਿੰਮ ਸੁਰੂ ਕੀਤੀ ਗਈ ਹੈ।
ਪੰਜਾਬ ਪੁਲਿਸ ਦੇ ਜਾਂਚ ਅਧਿਕਾਰੀਆਂ ਲਈ ਛੇ ਦਿਨਾਂ ਦੇ ਪ੍ਰਮਾਣਿਤ ਇਨਵੈਸਟੀਗੇਟਰ ਕੋਰਸ ਦੀ ਸੁਰੂਆਤ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਲ 2000 ਵਿੱਚ ਪੰਜਾਬ ਪੁਲਿਸ ਦੀ ਗਿਣਤੀ 80, 000 ਸੀ, ਜੋ ਅੱਜ ਵੀ ਲਗਭਗ ਉਨੀ ਹੀ ਹੈ। ਉਨ੍ਹਾਂ ਕਿਹਾ ਕਿ ਇਸ ਤੱਥ ਦੇ ਬਾਵਜੂਦ ਕਿ ਪੰਜਾਬ ਪੁਲਿਸ ਨੂੰ ਦਰਪੇਸ ਚੁਣੌਤੀਆਂ ਅਤੇ ਸਮੱਸਿਆਵਾਂ ਵਿੱਚ ਕਈ ਗੁਣਾ ਵਾਧਾ ਹੋਇਆ ਹੈ, ਉਨ੍ਹਾਂ ਅਫ਼ਸੋਸ ਜਤਾਇਆ ਕਿ ਪਿਛਲੀਆਂ ਸਰਕਾਰਾਂ ਨੇ ਇਸ ਪਾਸੇ ਵੱਲ ਕੋਈ ਧਿਆਨ ਨਹੀਂ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਪੁਲਿਸ ਵਿੱਚ ਮੁਲਾਜ਼ਮਾਂ ਦੀ ਇਹ ਗਿਣਤੀ ਜਲਦ ਹੀ ਇੱਕ ਲੱਖ ਦੇ ਅੰਕੜੇ ਨੂੰ ਪਾਰ ਕਰ ਜਾਵੇਗੀ ਕਿਉਂਕਿ ਸੂਬਾ ਸਰਕਾਰ ਵੱਲੋਂ ਪਹਿਲਾਂ ਹੀ ਸੂਬੇ ਵਿੱਚ ਵੱਡੇ ਪੱਧਰ ‘ਤੇ ਭਰਤੀ ਮੁਹਿੰਮਾਂ ਜਾਰੀ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਅੱਜ ਸ਼ੁਰੂ ਕੀਤੀ ਗਈ ਇੱਕ ਨਵੀਂ ਅਤੇ ਮਹੱਤਵਪੂਰਨ ਪਹਿਲਕਦਮੀ ਤਹਿਤ ਇਸ ਛੇ ਦਿਨਾਂ ਸਿਖਲਾਈ ਵਰਕਸਾਪ ਵਿੱਚ ਕੁੱਲ 730 ਜਾਂਚ ਅਧਿਕਾਰੀ ਹਿੱਸਾ ਲੈਣਗੇ। ਉਨ੍ਹਾਂ ਕਿਹਾ ਕਿ ਐਨਡੀਪੀਐਸ ਐਕਟ ਤਹਿਤ ਨਸਾ ਤਸਕਰਾਂ ਅਤੇ ਸਮੱਗਲਰਾਂ ਵਿਰੁੱਧ ਸਖਤ ਕਾਰਵਾਈ ਕਰਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਵੀਆਂ ਅਤੇ ਉੱਨਤ ਤਕਨੀਕਾਂ ਅਪਣਾ ਰਹੇ ਅਪਰਾਧੀਆਂ ਨਾਲ ਨਜਿੱਠਣ ਲਈ ਪੁਲਿਸ ਅਧਿਕਾਰੀਆਂ ਨੂੰ ਸਿਖਲਾਈ ਦੇਣਾ ਜਰੂਰੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਜਦੋਂ ਤਸਕਰਾਂ ਨੂੰ ਗਿ੍ਰਫਤਾਰ ਕੀਤਾ ਜਾਂਦਾ ਸੀ ਤਾਂ ਉਹ ਉਹ ਅਕਸਰ ਕਾਨੂੰਨੀ ਖਾਮੀਆਂ ਦਾ ਫਾਇਦਾ ਉਠਾ ਕੇ ਸਜਾ ਤੋਂ ਬਚ ਨਿਕਲਦੇ ਸਨ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਪਹਿਲਾਂ ਸਿਆਸੀ ਦਖਲਅੰਦਾਜੀ ਵੀ ਕਾਫੀ ਜਿਆਦਾ ਹੁੰਦੀ ਸੀ, ਜਿਸ ਨਾਲ ਤਸਕਰਾਂ ਨੂੰ ਰਿਹਾਅ ਹੋਣ ਵਿੱਚ ਮਦਦ ਮਿਲਦੀ ਸੀ, ਪਰ ਹੁਣ ਅਜਿਹੀ ਕਿਸੇ ਵੀ ਸਿਆਸੀ ਦਖਲਅੰਦਾਜੀ ਨੂੰ ਪੂਰੀ ਤਰ੍ਹਾਂ ਖਤਮ ਕਰ ਦਿੱਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਕੇਂਦਰ ਸਰਕਾਰ ਨਾਲ ਵੀ ਨੇੜਿਓਂ ਤਾਲਮੇਲ ਰੱਖ ਰਹੀ ਹੈ ਅਤੇ ਆਈਪੀਸੀ ਦੀ ਥਾਂ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਲਾਗੂ ਹੋਣ ਨਾਲ, ਕਈ ਕਾਨੂੰਨੀ ਪ੍ਰਕਿਰਿਆਵਾਂ ਵਿੱਚ ਬਦਲਾਅ ਆਇਆ ਹੈ, ਜਿਸ ਨਾਲ ਇਹ ਸਿਖਲਾਈ ਹੋਰ ਵੀ ਮਹੱਤਵਪੂਰਨ ਹੋ ਗਈ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਹੁਣ ਸਬੂਤਾਂ ਦੀ ਸੰਭਾਲ ਅਤੇ ਵਿਕਸਤ ਹੋ ਰਹੇ ਕਾਨੂੰਨੀ ਢਾਂਚੇ ਨਾਲ ਅਪਡੇਟ ਰਹਿਣਾ ਅਧਿਕਾਰੀਆਂ ਦੀਆਂ ਜਰੂਰੀ ਜ਼ਿੰਮੇਵਾਰੀਆਂ ਹਨ, ਜਿਸ ਲਈ ਉਨ੍ਹਾਂ ਨੂੰ ਉੱਭਰ ਰਹੀਆਂ ਤਕਨੀਕਾਂ ਨਾਲ ਲੈਸ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਭਾਵੇਂ ਜਾਂਚ ਅਧਿਕਾਰੀ ਆਪਣੀ ਡਿਊਟੀ ਇਮਾਨਦਾਰੀ ਨਾਲ ਨਿਭਾਉਂਦੇ ਹਨ, ਪਰ ਕਈ ਵਾਰ ਮੁਲਜਮ ਕਾਨੂੰਨੀ ਢਿੱਲ ਕਰਕੇ ਸਜਾ ਤੋਂ ਬਚ ਜਾਂਦੇ ਹਨ ਅਤੇ ਦੋਸ ਪੁਲਿਸ ‘ਤੇ ਆ ਜਾਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੁਲਿਸ ਨੂੰ ਅਪਰਾਧੀਆਂ ਅਤੇ ਕਾਨੂੰਨ ਤੋੜਨ ਵਾਲਿਆਂ ਵਿਰੁੱਧ ਕਾਰਵਾਈ ਕਰਨ ਲਈ ਖੁੱਲ੍ਹੀ ਛੁੱਟੀ ਦਿੱਤੀ ਗਈ ਹੈ ਅਤੇ ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥਾਂ ਵਿੱਚ ਲੈਣ ਦੀ ਇਜਾਜਤ ਨਹੀਂ ਦਿੱਤੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਗਣਤੰਤਰ ਦਿਵਸ ਅਤੇ ਆਜਾਦੀ ਦਿਵਸ ਵਰਗੇ ਮਹੱਤਵਪੂਰਨ ਮੌਕਿਆਂ ‘ਤੇ ਸਾਨਦਾਰ ਪ੍ਰਦਰਸਨ ਕਰਨ ਵਾਲੇ ਅਧਿਕਾਰੀਆਂ ਨੂੰ ਵਿਸੇਸ ਤੌਰ ‘ਤੇ ਸਨਮਾਨਿਤ ਕੀਤਾ ਜਾਵੇਗਾ। ਨਸ਼ਿਆਂ ਦੀ ਲਾਹਨਤ ਨੂੰ ਜੜ੍ਹੋਂ ਪੁੱਟਣ ਲਈ ਸੂਬਾ ਸਰਕਾਰ ਦੀ ਦਿ੍ਰੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਨੇ ਪਹਿਲਾਂ ਹੀ ਨਸ਼ਿਆਂ ਦਾ ਲੱਕ ਤੋੜ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਯੁੱਧ ਲਈ ਵੱਡੀ ਲੋਕ ਲਹਿਰ ਖੜ੍ਹੀ ਕਰਨ ਲੋੜ ਹੈ, ਜਿਸ ਲਈ ਨਾਗਰਿਕਾਂ ਨੂੰ ਇਸ ਲੜਾਈ ਵਿੱਚ ਪੁਲਿਸ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਨਾ ਚਾਹੀਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੱਤਾ ਵਿੱਚ ਆਉਣ ਦੇ ਦਿਨ ਤੋਂ ਲੈ ਕੇ ਹੀ ਉਨ੍ਹਾਂ ਦੀ ਸਰਕਾਰ ਨੇ ਪੰਜਾਬ ਵਿੱਚ ਪੁਲਿਸ ਦੇ ਬੁਨਿਆਦੀ ਢਾਂਚੇ ਨੂੰ ਵੱਡੀ ਮਜਬੂਤੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਲਈ ਡਰੋਨਾਂ ਦੀ ਵਰਤੋਂ ਨੂੰ ਦੇਖਦਿਆਂ ਇਸ ਲਈ ਇੱਕ ਉੱਨਤ ਐਂਟੀ-ਡਰੋਨ ਸਿਸਟਮ ਸੁਰੂ ਕੀਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਸਾਡੀ ਲੜਾਈ ਦੇ ਹਿੱਸੇ ਵਜੋਂ ਨੌਜਵਾਨਾਂ ਨੂੰ ਰੋਜਗਾਰ, ਖੇਡਾਂ ਅਤੇ ਹੋਰ ਉਸਾਰੂ ਗਤੀਵਿਧੀਆਂ ਵਿੱਚ ਸਾਮਲ ਕਰਨਾ ਬਹੁਤ ਜਰੂਰੀ ਹੈ, ਜਿਸ ਲਈ ਠੋਸ ਯਤਨ ਕੀਤੇ ਗਏ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਵਿਹਲਾ ਮਨ ਸੈਤਾਨ ਦਾ ਘਰ ਹੁੰਦਾ ਹੈ ਪਰ ਜੋ ਲੋਕ ਉਸਾਰੂ ਕੰਮਾਂ ਵਿੱਚ ਰੁੱਝੇ ਰਹਿੰਦੇ ਹਨ ਉਹ ਬੁਰੀ ਸੰਗਤ ਵਿੱਚ ਨਹੀਂ ਪੈਂਦੇ। ਉਨ੍ਹਾਂ ਕਿਹਾ ਕਿ ਨਿੱਜੀ ਨਸਾ ਛੁਡਾਊ ਕੇਂਦਰਾਂ ਦੀ ਸਖਤ ਨਿਗਰਾਨੀ ਨੂੰ ਯਕੀਨੀ ਬਣਾਉਣ ਅਤੇ ਮੁੜ ਵਸੇਬਾ ਕੇਂਦਰਾਂ ਵਿੱਚ ਵਰਤੀਆਂ ਜਾਂਦੀਆਂ ਦਵਾਈਆਂ ਦੀ ਦੁਰਵਰਤੋਂ ਨੂੰ ਰੋਕਣ ਲਈ ਅੱਜ ਕੈਬਨਿਟ ਵੱਲੋਂ ਇੱਕ ਨਵਾਂ ਕਾਨੂੰਨ ਪਾਸ ਕੀਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਿਖਲਾਈ ਪ੍ਰਾਪਤ ਕਰਨ ਵਾਲੇ ਜਾਂਚ ਅਧਿਕਾਰੀਆਂ ਨੂੰ ਨਵਾਂ ਅਤੇ ਠੋਸ ਤਜਰਬਾ ਮਿਲੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਕੋਰਸ ਤਹਿਤ ਸੁਪਰਵਾਈਜਰੀ ਅਤੇ ਜਾਂਚ ਅਧਿਕਾਰੀਆਂ ਨੂੰ ਐਨਡੀਪੀਐਸ ਐਕਟ ਅਧੀਨ ਨਸ਼ਿਆਂ ਨਾਲ ਸਬੰਧਤ ਮਾਮਲਿਆਂ ਨਾਲ ਨਜਿੱਠਣ ਲਈ ਪੇਸੇਵਰ ਮੁਹਾਰਤ ਪ੍ਰਦਾਨ ਕੀਤੀ ਜਾਵੇਗੀ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਨਸ਼ਾ ਤਸਕਰ ਕਾਨੂੰਨ ਦੇ ਸ਼ਿਕੰਜੇ ਤੋਂ ਬਚ ਨਾ ਸਕਣ। ਉਨ੍ਹਾਂ ਕਿਹਾ ਕਿ ਸਿਖਲਾਈ ਦੌਰਾਨ ਪੁਲਿਸ ਅਧਿਕਾਰੀਆਂ ਨੂੰ ਨਸ਼ਿਆਂ ਨਾਲ ਸਬੰਧਤ ਅਪਰਾਧਾਂ ਦੀ ਪ੍ਰਭਾਵਸਾਲੀ ਜਾਂਚ ਲਈ ਜਰੂਰੀ ਪ੍ਰਕਿਰਿਆਵਾਂ, ਕਾਨੂੰਨੀ ਪਹਿਲੂਆਂ ਅਤੇ ਤਕਨੀਕੀ ਬਾਰੀਕੀਆਂ ਤੋਂ ਜਾਣੂ ਕਰਵਾਇਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਰਾਜੀਵ ਗਾਂਧੀ ਨੈਸਨਲ ਯੂਨੀਵਰਸਿਟੀ ਆਫ ਲਾਅ ਵਿਖੇ ਪੁਲਿਸ ਅਧਿਕਾਰੀਆਂ ਦੇ 27 ਬੈਚ ਇਹ ਸਿਖਲਾਈ ਪ੍ਰਾਪਤ ਕਰਨਗੇ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਅਧਿਕਾਰੀ ਨਸ਼ਾ ਤਸਕਰਾਂ ਵਿਰੁੱਧ ਕੇਸ ਤਿਆਰ ਕਰਨ ਅਤੇ ਅਦਾਲਤ ਵਿੱਚ ਮੁਕੱਦਮਾ ਚਲਾਉਣ ਸਬੰਧੀ ਵਿਸੇਸ ਹੁਨਰ ਪ੍ਰਾਪਤ ਕਰਨਗੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਅਪਰਾਧੀਆਂ ਨੂੰ ਬਣਦੀ ਸਜ਼ਾ ਮਿਲੇ। ਉਨ੍ਹਾਂ ਕਿਹਾ ਕਿ ਸਿਖਲਾਈ ਦੌਰਾਨ ਅਧਿਕਾਰੀਆਂ ਨੂੰ ਨਸ਼ਿਆਂ ਦੇ ਸੇਵਨ ਤੋਂ ਪੀੜਤ ਵਿਅਕਤੀਆਂ ਵਿੱਚ ਵਿਵਹਾਰਕ ਤਬਦੀਲੀਆਂ ਦੀ ਪਛਾਣ ਕਰਨ, ਨਸ਼ਾ ਤਸਕਰਾਂ ਦੀ ਮਾਨਸਿਕਤਾ ਨੂੰ ਸਮਝਣ ਅਤੇ ਨਸੀਲੇ ਪਦਾਰਥਾਂ ਦੀ ਦੁਰਵਰਤੋਂ ਨਾਲ ਜੁੜੇ ਅਪਰਾਧਾਂ ਦੇ ਵੱਖ-ਵੱਖ ਪਹਿਲੂਆਂ ਦਾ ਅਧਿਐਨ ਕਰਨ ਲਈ ਸਿਖਲਾਈ ਦਿੱਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਉਮੀਦ ਜਤਾਈ ਕਿ ਇਹ ਸਿਖਲਾਈ ਅਧਿਕਾਰੀਆਂ ਨੂੰ ਉੱਨਤ ਪੇਸੇਵਰ ਹੁਨਰਾਂ ਨਾਲ ਲੈਸ ਕਰੇਗੀ, ਜਿਸ ਨਾਲ ਉਨ੍ਹਾਂ ਨੂੰ ਨਸੀਲੇ ਪਦਾਰਥਾਂ ਨਾਲ ਸਬੰਧਤ ਅਪਰਾਧਾਂ ਵਿੱਚ ਸਾਮਲ ਅਪਰਾਧੀਆਂ ਨੂੰ ਸਜਾਵਾਂ ਦਿਵਾਉਣ ਵਿੱਚ ਮਦਦ ਮਿਲੇਗੀ।
ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਅਤੇ ਹੋਰ ਮੌਜੂਦ ਸਨ।