ਤਰਨ ਤਾਰਨ- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬਠਿੰਡਾ ਦੇ ਐਮ ਪੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਔਰਤਾਂ ਨੂੰ ਅਪੀਲ ਕੀਤੀ ਕਿ ਉਹ ਆਮ ਆਦਮੀ ਪਾਰਟੀ (ਆਪ) ਵੱਲੋਂ ਉਹਨਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦੇ ਝੂਠੇ ਵਾਅਦੇ ਕਰ ਕੇ ਕੀਤੇ ਧੋਖੇ ਲਈ ਤਰਨ ਤਾਰਨ ਜ਼ਿਮਨੀ ਚੋਣ ਵਿਚ ਉਸਨੂੰ ਕਰਾਰਾ ਸਬਕ ਸਿਖਾਉਣ।
ਇਥੇ ਅਕਾਲੀ ਦਲ ਦੇ ਉਮੀਦਵਾਰ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਦੇ ਹੱਕ ’ਚ ਪ੍ਰਭਾਵਸ਼ਾਲੀ ਚੋਣ ਜਲਸਿਆਂ ਨੂੰ ਸੰਬੋਧਨ ਕਰਦਿਆਂ ਬਠਿੰਡਾ ਦੇ ਐਮ ਪੀ ਨੇ ਕਿਹਾ ਕਿ ਔਰਤਾਂ ਨੇ 2022 ਵਿਧਾਨ ਸਭਾ ਚੋਣਾਂ ਵਿਚ ਆਪ ਦੀ ਜਿੱਤ ਵਿਚ ਅਹਿਮ ਭੂਮਿਕਾ ਅਦਾ ਕੀਤੀ ਸੀ। ਉਹਨਾਂ ਕਿਹਾ ਕਿ ਉਹਨਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਕੀਤਾ ਗਿਆ ਸੀ। ਉਹਨਾਂ ਕਿਹਾ ਕਿ ਆਪ ਸਰਕਾਰ ਆਏ ਨੂੰ ਤਕਰੀਬਨ ਚਾਰ ਸਾਲ ਹੋ ਗਏ ਹਨ। ਆਪ ਸਰਕਾਰ ਸਿਰ ਹਰ ਔਰਤ ਦਾ 45-45 ਹਜ਼ਾਰ ਰੁਪਏ ਬਕਾਇਆ ਹੈ। ਉਹਨਾਂ ਕਿਹਾ ਕਿ ਮੈਂ ਸਾਰੀਆਂ ਔਰਤਾਂ ਨੂੰ ਅਪੀਲ ਕਰਦੀ ਹਾਂ ਕਿ ਉਹ ਆਪ ਦੇ ਪ੍ਰਤੀਨਿਧਾਂ ਨੂੰ ਆਖਣ ਕਿ ਉਹ ਤਰਨ ਤਾਰਨ ਜ਼ਿਮਨੀ ਚੋਣ ਲਈ ਵੋਟਾਂ ਮੰਗਣ ਤੋਂ ਪਹਿਲਾਂ ਉਹਨਾਂ ਦੇ ਖ਼ਾਤਿਆਂ ਵਿਚ ਇਹ ਰਾਸ਼ੀ ਜਮ੍ਹਾਂ ਕਰਵਾਉਣ।
ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਕਿਸਾਨ ਵਿਰੋਧੀ ਨੀਤੀਆਂ ਅਪਣਾਉਣ ਲਈ ਵੀ ਆਪ ’ਤੇ ਤਿੱਖੇ ਸ਼ਬਦੀ ਹਮਲੇ ਕੀਤੇ ਅਤੇ ਕਿਹਾ ਕਿ ਮੈਂ ਪਾਰਟੀ ਨੂੰ ਚੁਣੌਤੀ ਦਿੰਦੀ ਹਾਂ ਕਿ ਉਹ ਕਿਸਾਨਾਂ ਦੀ ਭਲਾਈ ਵਾਸਤੇ ਕੀਤਾ ਇਕ ਵੀ ਕੰਮ ਵਿਖਾਉਣ। ਉਹਨਾਂ ਕਿਹਾ ਕਿ ਕਿਸਾਨਾਂ ਲਈ ਕੁਝ ਕਰਨ ਦੀ ਥਾਂ ਆਪ ਸਰਕਾਰ ਨੇ ਤਾਂ ਉਹਨਾਂ ਨੂੰ ਹਾਲ ਹੀ ਵਿਚ ਆਏ ਹੜ੍ਹਾਂ ਵਿਚ ਹੋਏ ਫਸਲੀ ਨੁਕਸਾਨ ਦਾ ਮੁਆਵਜ਼ਾ ਤੱਕ ਨਹੀਂ ਦਿੱਤਾ ਅਤੇ ਉਹ ਮੰਡੀਆਂ ਵਿਚ ਝੋਨੇ ਦੀ ਸੁੱਚਜੀ ਖਰੀਦ ਲਈ ਨਿਯਮਾਂ ਵਿਚ ਛੋਟ ਦੇਣ ਵਿਚ ਵੀ ਨਾਕਾਮ ਸਾਬਤ ਹੋਈ ਹੈ। ਉਹਨਾਂ ਕਿਹਾ ਕਿ ਦੂਜੇ ਪਾਸੇ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਪਹਿਲਾਂ ਟਿਊਬਵੈਲਾਂ ਦੇ ਬਿਜਲੀ ਬਿੱਲ ਮੁਆਫ ਕੀਤੇ ਤੇ ਮੰਡੀਆਂ ਅਤੇ ਫੋਕਲ ਪੁਆਇੰਟਾਂ ਦੀ ਸਥਾਪਨਾ ਕੀਤੀ ਤੇ ਲਿੰਕ ਸੜਕਾਂ ਦਾ ਜਾਲ ਵਿਛਾਇਆ ਤਾਂ ਜੋ ਪੇਂਡੂ ਆਰਥਿਕਤਾ ਨੂੰ ਵੱਡਾ ਹੁਲਾਰਾ ਮਿਲ ਸਕੇ।
ਬਠਿੰਡਾ ਦੇ ਐਮ ਪੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਝੂਠੇ ਵਾਅਦਿਆਂ ਤੇ ਪਬਲੀਸਿਟੀ ਸਟੰਟ ਦੀ ਗੱਲ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਨੇ ਚਾਰ ਸਾਲ ਪਹਿਲਾਂ ਸੰਗਰੂਰ ਵਿਚ ਮੈਡੀਕਲ ਕਾਲਜ ਬਣਾਉਣ ਦਾ ਵਾਅਦਾ ਕੀਤਾ ਸੀ। ਅੱਜ ਉਸਦਾ ਨੀਂਹ ਪੱਥਰ ਵੀ ਪੁੱਟ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਗਿੱਦੜਬਾਹਾ ਦੀ ਜ਼ਿਮਨੀ ਚੋਣ ਵਿਚ ਮੁੱਖ ਮੰਤਰੀ ਨੇ ਮਾਲਵਾ ਖਿੱਤੇ ਵਾਸਤੇ ਨਵੀਂ ਨਹਿਰ ਬਣਾਉਣ ਦਾ ਵਾਅਦਾ ਕੀਤਾ ਸੀ ਪਰ ਇਸਨੂੰ ਅਮਲੀ ਜਾਮਾ ਪਹਿਨਾਉਣ ਵਾਸਤੇ ਕੱਖ ਵੀ ਨਹੀਂ ਕੀਤਾ। ਉਹਨਾਂ ਕਿਹਾ ਕਿ ਜਲੰਧਰ ਜ਼ਿਮਨੀ ਚੋਣ ਵਿਚ ਵੀ ਉਹਨਾਂ ਲੋਕਾਂ ਨੂੰ ਇਹ ਕਹਿ ਕੇ ਮੂਰਖ ਬਣਾਇਆ ਸੀ ਕਿ ਉਹ ਸ਼ਹਿਰ ਵਿਚ ਹੀ ਰਹਿਣਗੇ ਤੇ ਕਰੋੜਾਂ ਰੁਪਏ ਖਰਚ ਕਰ ਕੇ ਇਕ ਘਰ ਦਾ ਨਵੀਨੀਕਰਨ ਵੀ ਕੀਤਾ ਗਿਆ। ਉਹਨਾਂ ਕਿਹਾ ਕਿ ਹੁਣ ਉਹ ਹੋਰ ਝੂਠੇ ਵਾਅਦੇ ਕਰਨ ਤਰਨ ਤਾਰਨੀ ਜ਼ਿਮਨੀ ਚੋਣ ਵਿਚ ਪਹੁੰਚੇ। ਹਨ। ਉਹਨਾਂ ਕਿਹਾ ਕਿ ਮੈਂ ਤੁਹਾਨੂੰ ਅਪੀਲ ਕਰਦੀ ਹਾਂ ਕਿ ਉਹਨਾਂ ’ਤੇ ਵਿਸ਼ਵਾਸ ਨਾ ਕੀਤਾ ਜਾਵੇ ਕਿਉਂਕਿ ਇਹ ਸਰਕਾਰ ਤੁਹਾਡੇ ਵਾਸਤੇ ਕਦੇ ਵੀ ਕੱਖ ਵੀ ਨਹੀਂ ਕਰੇਗੀ। ਉਹਨਾਂ ਕਿਹਾ ਕਿ ਪ੍ਰਿੰਸੀਪਲ ਰੰਧਾਵਾ ਨੂੰ ਰਾਜ ਵਿਧਾਨ ਸਭਾ ਲਈ ਚੁਣ ਕੇ ਇਸ ਸਰਕਾਰ ਨੂੰ ਝਟਕਾ ਦੇਣਾ ਜ਼ਰੂਰੀ ਹੈ।
ਸਰਦਾਰਨੀ ਬਾਦਲ ਨੇ ਨੇ ਇਹ ਵੀ ਦੱਸਿਆ ਕਿ ਕਿਵੇਂ ਅਕਾਲੀ ਦਲ ਨੇ ਇਕ ਧਰਮੀ ਫੌਜੀ ਪਰਿਵਾਰ ਨੂੰ ਪਾਰਟੀ ਟਿਕਟ ਦਿੱਤੀ ਅਤੇ ਕੌਮ ਨੂੰ ਅਪੀਲ ਕੀਤੀ ਕਿ ਉਹ ਪਰਿਵਾਰ ਨਾਲ ਇਕਜੁੱਟਤਾ ਵਿਖਾਉਣ।
ਉਹਨਾਂ ਇਹ ਵੀ ਦੱਸਿਆ ਕਿ ਕਿਵੇਂ ਕਾਂਗਰਸ ਨੇ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਤੋਂ ਇਨਕਾਰ ਕਰ ਕੇ ਧੋਖਾ ਕੀਤਾ ਅਤੇ ਜ਼ੋਰ ਦੇ ਕੇ ਕਿਹਾ ਕਿ ਲੋਕ ਆਪਣੀ ਖੇਤਰੀ ਪਾਰਟੀ ਦੀ ਹਮਾਇਤ ਕਰਨ ਜੋ ਹਮੇਸ਼ਾ ਸੂਬੇ ਦੇ ਹੱਕਾਂ ਵਾਸਤੇ ਲੜੀ ਹੈ।
ਇਸ ਮੌਕੇ ਸੀਨੀਅਰ ਆਗੂ ਹਲਕਾ ਤਰਨ ਤਾਰਨ ਦੇ ਜ਼ਿਲ੍ਹਾ ਪ੍ਰਧਾਨ ਅਲਵਿੰਦਰਪਾਲ ਸਿੰਘ ਪੱਖੋਕੇ, ਗੌਰਵਦੀਪ ਸਿੰਘ ਵਲਟੋਹਾ, ਇਕਬਾਲ ਸਿੰਘ ਸੰਧੂ, ਸ਼ਰਨਜੀਤ ਸਿੰਘ ਢਿਲੋਂ, ਜੋਗਿੰਦਰ ਸਿੰਘ ਜਿੰਦੂ, ਸੰਜੀਤ ਸਿੰਘ ਸਨੀ ਗਿੱਲ, ਗੁਰਤੇਜ ਘੁੜਿਆਣਾ, ਤੀਰਥ ਸਿੰਘ ਮਾਹਲਾ, ਸਰਬਜੀਤ ਸਿੰਘ ਝਿੰਜਰ, ਰਵਿੰਦਰ ਖੇੜਾ ਅਤੇ ਅਕਾਸ਼ਦੀਪ ਸਿੰਘ ਮਿਡੂਖੇੜਾ ਵੀ ਹਾਜ਼ਰ ਸਨ।