ਚੰਡੀਗੜ੍ਹ-  ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਰਾਜ ਦੇ ਲੋਕਾਂ ਨੂੰ ਸਹੂਲਤ ਦੇਣ ਦੇ ਮਕਸਦ ਨਾਲ ਕਮਿਸ਼ਨ ਦੀ ਕਾਰਵਾਈ ਜਨਵਰੀ 2026 ਤੋਂ ਵਰਚੂਅਲ ਕੋਰਟ ਰਾਹੀਂ ਚਲਾਈ ਜਾਵੇਗੀ। ਇਹ ਜਾਣਕਾਰੀ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਵੱਲੋਂ ਅੱਜ ਇਥੇ ਦਿੱਤੀ ਗਈ। ਉਹ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ 27ਵੀਂ ਫੁੱਲ ਕਮਿਸ਼ਨ ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।
ਉਨ੍ਹਾਂ ਕਿਹਾ ਕਿ ਪੰਜਾਬ ਰਾਜ ਦੇ ਦੂਰ-ਦਰਾਡੇ ਇਲਾਕਿਆਂ ਤੋਂ ਵੱਖ-ਵੱਖ ਮਾਮਲਿਆਂ ਦੀ ਸੁਣਵਾਈ ਲਈ ਲੋਕ ਲੰਮਾ ਪੈਂਡਾ ਤੈਅ ਕਰਕੇ ਚੰਡੀਗੜ੍ਹ ਆਉਂਦੇ ਹਨ,  ਜਿਸ ਵਿੱਚ ਉਨ੍ਹਾਂ ਦਾ ਪੈਸਾ ਅਤੇ ਸਮਾਂ ਵੱਡੇ ਪੱਧਰ ‘ਤੇ ਖ਼ਰਚ ਹੁੰਦਾ ਹੈ। ਉਨ੍ਹਾਂ ਕਿਹਾ ਇਸ ਸਮੱਸਿਆ ਨੂੰ ਦੂਰ ਕਰਨ ਲਈ ਉਹ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਵਰਚੂਅਲ ਕੋਰਟ ਰੂਮ ਸਥਾਪਤ ਕਰਨ ਲਈ ਯਤਨ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਐਸ.ਸੀ. ਕਮਿਸ਼ਨ ਦਾ ਨਵਾਂ ਕੋਰਟ ਰੂਮ ਪੰਜਾਬ ਸਿਵਲ ਸਕੱਤਰੇਤ ਦੀ ਚੌਥੀ ਮੰਜ਼ਿਲ ‘ਤੇ ਤਿਆਰ ਕੀਤਾ ਜਾ ਰਿਹਾ ਹੈ,  ਜੋ ਕਿ ਨਵੰਬਰ ਵਿੱਚ ਮੁਕੰਮਲ ਹੋ ਕੇ ਕਾਰਜਸ਼ੀਲ ਹੋ ਜਾਵੇਗਾ।
ਉਨ੍ਹਾਂ ਦੱਸਿਆ ਕਿ ਕਮਿਸ਼ਨ ਦੇ ਯਤਨਾਂ ਸਦਕਾ ਪੰਜਾਬ ਰਾਜ ਦੇ ਹਰੇਕ ਜ਼ਿਲ੍ਹੇ ਵਿੱਚ ਐਸ.ਸੀ.ਐਸ.ਟੀ.ਐਕਟ ਤਹਿਤ ਦਰਜ ਮਾਮਲਿਆਂ ਦੇ ਨਿਪਟਾਰੇ ਲਈ ਐਸ.ਪੀ.ਪੱਧਰ ਦੇ ਨੋਡਲ ਅਧਿਕਾਰੀ ਨਿਯੁਕਤ ਕੀਤਾ ਗਏ ਹਨ ਅਤੇ ਰਾਜ ਪੱਧਰ ਤੇ ਡੀ.ਆਈ.ਜੀ. ਪੱਧਰ ਦਾ ਅਧਿਕਾਰੀ ਸ੍ਰੀ ਨਵੀਨ ਸੈਣੀ ਡੀਜੀਪੀ ਕ੍ਰਾਈਮ ਅਤੇ ਕਮਿਸ਼ਨ ਦੇ ਨੋਡਲ ਅਧਿਕਾਰੀ ਏਆਈਜੀ ਸੁਰਿੰਦਰਜੀਤ ਕੌਰ ਜੀ ਨੂੰ ਨਿਯੁਕਤ ਕੀਤਾ ਗਿਆ ਹੈ। ਜਦੋਂ ਕਿ ਸਪੈਸ਼ਲ ਡੀਜੀਪੀ ਸ਼੍ਰੀ ਨਰੇਸ਼ ਅਰੋੜਾ ਜੀ ਵਿਸ਼ੇਸ਼ ਤੌਰ ਤੇ ਚੇਅਰਮੈਨ ਜਸਵੀਰ ਸਿੰਘ ਗੜੀ ਜੀ ਨਾਲ ਕਮਿਸ਼ਨ ਅਤੇ ਪੁਲਿਸ ਵਿਭਾਗ ਦੇ ਤਾਲਮੇਲ ਨੂੰ ਮਜਬੂਤ ਕਰਨਗੇ।
ਉਨ੍ਹਾਂ ਦੱਸਿਆ ਕਿ ਅੱਜ ਦੀ ਮੀਟਿੰਗ ਵਿੱਚ ਪੁਲਿਸ,  ਸਥਾਨਕ ਸਰਕਾਰਾਂ,  ਸਮਾਜਿਕ ਨਿਆਂ ਤੇ ਹੋਰ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਐਸ.ਸੀ./ਐਸ.ਟੀ. ਅੱਤਿਆਚਾਰ ਰੋਕਥਾਮ ਐਕਟ 1989 ਤਹਿਤ ਦਰਜ ਕੇਸਾਂ ਦੀ ਸਥਿਤੀ ਸਬੰਧੀ ਰਿਪੋਰਟ ਲਈ ਗਈ। ਇਸ ਤੋਂ ਇਲਾਵਾ ਕਮਿਸ਼ਨ ਦੀ 26ਵੀ ਮੀਟਿੰਗ ਦੌਰਾਨ ਪੁਲਿਸ ਵਿਭਾਗ ਨੂੰ ਕੀਤੀ ਗਈ ਹਦਾਇਤ ਅਨੁਸਾਰ ਵਿਸ਼ੇਸ਼ ਹੈਲਪ ਲਾਈਨ ਨੰਬਰ ਸਥਾਪਿਤ ਕਰਨ ਬਾਰੇ,  ਭੂਰੀਵਾਲੇ ਗੁਰਗੱਦੀ (ਗਰੀਬ ਦਾਸੀ ਪਰੰਪਰਾ) ਸੰਪਰਦਾਇ ਦੇ ਧਾਮ ਸ੍ਰੀ ਰਕਬਾ ਸਾਹਿਬ (ਲੁਧਿਆਣਾ) ਅਤੇ ਸ੍ਰੀ ਝਾਂਡੀਆਂ ਧਾਮ (ਰੋਪੜ) ਵਿਖੇ ਸ਼ਰਧਾਲੂਆਂ ਦੀ ਸੁਰੱਖਿਆ ਲਈ ਅਤੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਚਰਨਛੋਹ ਪ੍ਰਾਪਤ ਧਰਤੀ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਤਪ-ਅਸਥਾਨ ਅਤੇ ਚਰਨ ਛੋਹ ਗੰਗਾ ਵਿਖੇ ਸੁਰੱਖਿਆ ਲਈ ਗਾਰਦ ਨਿਯੁਕਤ ਕਰਨ ਬਾਰੇ ਅਤੇ ਕਮਿਸ਼ਨ ਦੇ ਮੈਂਬਰ ਨੂੰ ਸੁਰੱਖਿਆ ਮੁੱਹਈਆ ਕਰਵਾਉਣ ਲਈ ਕਮਿਸ਼ਨ ਦੇ ਹੁਕਮ ਸਬੰਧੀ ਕੀਤੀ ਕਾਰਵਾਈ ਦੀ ਰਿਪੋਰਟ ਵੀ ਲਈ ਗਈ।
ਸਰਦਾਰ ਗੜ੍ਹੀ ਨੇ ਦੱਸਿਆ ਕਿ ਇਸ ਤੋਂ ਇਲਾਵਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਵਿਭਾਗ ਦੇ ਅਧਿਕਾਰੀਆਂ ਤੋਂ ਬਰਨਾਲਾ,  ਫਾਜ਼ਿਲਕਾ,  ਮਲੇਰਕੋਟਲਾ,  ਪਠਾਨਕੋਟ,  ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਅੰਬੇਡਕਰ ਭਵਨ ਦੇ ਨਿਰਮਾਣ ਸਬੰਧੀ ਕਾਰਜਾਂ ਵਿੱਚ ਤੇਜ਼ੀ ਲਿਆਉਣ,  ਸਾਲ 2017 ਤੋਂ 2019 ਪੋਸਟਮੈਟਿਕ ਸਕਾਲਰਸ਼ਿਪ ਸਕੀਮ ਦੇ ਸੂਬੇ ਦੇ 40% ਹਿੱਸੇ ਦੇ ਹਿਸਾਬ ਨਾਲ ਬਕਾਇਆ ਫੰਡ ਸਬੰਧਤ ਕਾਲਜਾਂ ਤੇ ਸਿੱਖਿਆ ਸੰਸਥਾਵਾਂ ਨੂੰ ਦਿਵਾਉਣ ਲਈ ਅਤੇ ਪੋਸਟ ਮੈਟਰਿਕਸ ਸਕਾਲਰਸ਼ਿਪ ਸਕੀਮ ਦਾ 60% ਕੇਂਦਰੀ ਸਰਕਾਰ ਦਾ ਹਿੱਸਾ 2017-2020 ਦ 1550ਕਰੋੜ ਦ ਹਿੱਸਾ ਕੇਂਦਰ ਸਰਕਾਰ ਨਾਲ ਚਾਰਾਜੋਈ ਕਰਕੇ ਹੱਲ ਕਰਾਉਣ ਅਤੇ ਡਿਊਟੀ ਦੌਰਾਨ ਮਰਨ ਵਾਲੇ ਸਫਾਈ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਤਰਸ ਦੇ ਅਧਾਰ ਤੇ ਨੌਕਰੀ ਦੇਣ ਸਬੰਧੀ ਪੈਂਡਿੰਗ ਕੇਸਾਂ ਨੂੰ ਜਲਦ ਨਿਪਟਾਰੇ ਸਬੰਧੀ ਵੀ ਜਾਣਕਾਰੀ ਲਈ ਗਈ।
ਅੱਜ ਦੀ ਮੀਟਿੰਗ ਵਿੱਚ ਕਮਿਸ਼ਨ ਦੇ ਮੈਂਬਰ ਰੁਪਿੰਦਰ ਸਿੰਘ ਸੀਤਲ,  ਗੁਰਪ੍ਰੀਤ ਸਿੰਘ ਇੱਟਾਂਵਾਲੀ,  ਗੁਲਜ਼ਾਰ ਸਿੰਘ ਬੋਬੀ ,  ਪੰਜਾਬ ਪੁਲਿਸ ਦੇ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ ਸ੍ਰੀ ਨਰੇਸ਼ ਅਰੋੜਾ,  ਡਾਇਰੈਕਟਰ ਸਮਾਜਿਕ ਨਿਆਂ,  ਅਧਿਕਾਰਤਾ ਤੇ ਘੱਟ ਗਿਣਤੀ ਸ੍ਰੀਮਤੀ ਵਿਮੀ ਭੁੱਲਰ ਤੋ ਇਲਾਵਾ ਸਥਾਨਕ ਸਰਕਾਰਾਂ ਵਿਭਾਗ,  ਕਮਿਸ਼ਨ ਦੇ ਮੈਂਬਰ ਸੈਕਟਰੀ ਡਾਕਟਰ ਲਾਈਨ ਜੱਸਲ,  ਡੀਆਈਜੀ ਨਵੀਨ ਸੈਣੀ ਏਆਈਜੀ ਸੁਰਿੰਦਰਜੀਤ ਕੌਰ ਪੁਲਿਸ ਵਿਭਾਗ ਸਮੇਤ ਕਈ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।