ਅੰਮ੍ਰਿਤਸਰ- ਕੌਮੀ ਯੋਧੇ ਸ਼ਹੀਦ ਭਾਈ ਬੇਅੰਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਦਰਬਾਰ ਸਾਹਿਬ ਸਮੂਹ ’ਚ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਦੇਵ ਸਿੰਘ ਖਾਲਸਾ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਉਪਰੰਤ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਸਰਵਣ ਕਰਵਾਇਆ।
ਸਮਾਗਮ ਮੌਕੇ ਸੰਗਤ ਨਾਲ ਵਿਚਾਰ ਕਰਦਿਆਂ ਗਿਆਨੀ ਬਲਜੀਤ ਸਿੰਘ ਨੇ ਕਿਹਾ ਕਿ ਸਮੇਂ ਦੀ ਭਾਰਤੀ ਹਕੂਮਤ ਵੱਲੋਂ 1984 ਵਿਚ ਸਿੱਖ ਕੌਮ ਦੇ ਪਾਵਨ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਸਮੇਤ ਹੋਰ ਗੁਰਦੁਆਰਾ ਸਾਹਿਬਾਨ ’ਤੇ ਕੀਤੇ ਹਮਲੇ ਨੂੰ ਸਿੱਖ ਕੌਮ ਕਦੀ ਭੁਲਾ ਨਹੀਂ ਸਕਦੀ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਹੋਏ ਹਮਲੇ ਮਗਰੋਂ ਸਿੱਖ ਕੌਮ ਦੀਆਂ ਭਾਵਨਾਵਾਂ ਦੀ ਤਰਜ਼ਮਾਨੀ ਕਰਨ ਵਾਲੇ ਸ਼ਹੀਦ ਭਾਈ ਬੇਅੰਤ ਸਿੰਘ,  ਸ਼ਹੀਦ ਭਾਈ ਸਤਵੰਤ ਸਿੰਘ ਤੇ ਸ਼ਹੀਦ ਭਾਈ ਕੇਹਰ ਸਿੰਘ ਦਾ ਸਿੱਖ ਕੌਮ ਅੰਦਰ ਬੇਹੱਦ ਸਤਿਕਾਰ ਹੈ ਅਤੇ ਹਮੇਸ਼ਾ ਰਹੇਗਾ। ਇਸੇ ਦੌਰਾਨ ਸ਼ਹੀਦ ਸਿੰਘਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਿਰੋਪਾਓ ਦੇ ਕੇ ਸਨਮਾਨ ਦਿੱਤਾ ਗਿਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ,  ਸ. ਗੁਰਪ੍ਰੀਤ ਸਿੰਘ ਝੱਬਰ,  ਭਾਈ ਮਨਜੀਤ ਸਿੰਘ,  ਸਕੱਤਰ ਸ. ਪ੍ਰਤਾਪ ਸਿੰਘ,  ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ,  ਮੈਨੇਜਰ ਸ. ਰਜਿੰਦਰ ਸਿੰਘ ਰੂਬੀ,  ਸ. ਜਸਪਾਲ ਸਿੰਘ ਢੱਡੇ,  ਵਧੀਕ ਮੈਨੇਜਰ ਸ. ਇਕਬਾਲ ਸਿੰਘ ਮੁਖੀ,  ਬਿਕਰਮਜੀਤ ਸਿੰਘ ਝੰਗੀ,  ਸ. ਜਸਬੀਰ ਸਿੰਘ ਤੋਂ ਇਲਾਵਾ ਭਾਈ ਵਰਿਆਮ ਸਿੰਘ ਅਗਵਾਨ,  ਭਾਈ ਸਤਵੰਤ ਸਿੰਘ,  ਸ. ਸਰਬਜੀਤ ਸਿੰਘ ਐਮਪੀ,  ਸ. ਤਰਸੇਮ ਸਿੰਘ,  ਸ. ਜਸਕਰਨ ਸਿੰਘ ਕਾਹਨਸਿੰਘਵਾਲਾ ਸਮੇਤ ਹੋਰ ਪਰਿਵਾਰਕ ਮੈਂਬਰ ਮੌਜੂਦ ਸਨ।