ਤਰਨਤਾਰਨ- ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਸਾਬਕਾ ਚੇਅਰਮੈਨ ਅਤੇ ਸੀਨੀਅਰ ਕਾਂਗਰਸ ਆਗੂ ਪਵਨ ਦੀਵਾਨ, ਸਾਬਕਾ ਵਿਧਾਇਕ ਤਰਲੋਚਨ ਸਿੰਘ ਸੂੰਢ ਅਤੇ ਸਾਬਕਾ ਚੇਅਰਮੈਨ ਪਲਾਨਿੰਗ ਬੋਰਡ ਐਸ.ਬੀ.ਐਸ. ਨਗਰ ਸਤਵੀਰ ਸਿੰਘ ਪੱਲੀਝਿੱਕੀ ਨੇ ਕਿਹਾ ਹੈ ਕਿ ਪੰਜਾਬ ਦੇ ਲੋਕ ਤਾਨਾਸ਼ਾਹ ਤੇ ਅਹੰਕਾਰੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ “ਮਾੜੇ ਸ਼ਾਸਨ” ਤੋਂ ਤੰਗ ਆ ਚੁੱਕੇ ਹਨ।
ਉਨ੍ਹਾਂ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਉਹ ਤਰਨਤਾਰਨ ਜਿਮਨੀ ਚੋਣ ਵਿੱਚ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕਰ ਰਹੇ ਹਨ ਅਤੇ ਹਰ ਵਰਗ ਦੇ ਲੋਕਾਂ ਵਿੱਚ ਮੌਜੂਦਾ ਸਰਕਾਰ ਪ੍ਰਤੀ ਗਹਿਰੀ ਨਾਰਾਜ਼ਗੀ ਸਪਸ਼ਟ ਨਜ਼ਰ ਆ ਰਹੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਔਰਤਾਂ ਹੋਣ, ਬਜ਼ੁਰਗ, ਬੇਰੁਜ਼ਗਾਰ ਜਾਂ ਵਿਦਿਆਰਥੀ—ਹਰ ਕੋਈ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਨਾਕਾਮ ਨੀਤੀਆਂ ਅਤੇ ਵਾਅਦਾ ਖਿਲਾਫ਼ੀ ਲਈ ਕੜੀ ਆਲੋਚਨਾ ਕਰ ਰਿਹਾ ਹੈ।
ਇਸ ਦੌਰਾਨ ਵਾਰਡ ਨੰਬਰ 3 ਦੇ ਇੰਚਾਰਜ ਸੁਖਦੇਵ ਸਿੰਘ ਬੂੰਦੀ ਦੇ ਨਾਲ ਚੋਣ ਪ੍ਰਚਾਰ ਦੌਰਾਨ, ਦੀਵਾਨ ਨੇ ਕਾਂਗਰਸ ਉਮੀਦਵਾਰ ਸ. ਕਰਣਬੀਰ ਸਿੰਘ ਬੁਰਜ ਦੇ ਹੱਕ ਵਿੱਚ ਵੋਟਾਂ ਮੰਗੀਆਂ। ਇਸ ਮੌਕੇ ਸਾਬਕਾ ਵਿਧਾਇਕ ਤਰਲੋਚਨ ਸਿੰਘ ਸੂੰਢ, ਸਾਬਕਾ ਚੇਅਰਮੈਨ ਪਲਾਨਿੰਗ ਬੋਰਡ ਐਸ.ਬੀ.ਐਸ. ਨਗਰ ਸਤਵੀਰ ਸਿੰਘ ਪੱਲੀਝਿੱਕੀ, ਅਤੇ ਸੀਨੀਅਰ ਕਾਂਗਰਸ ਲੀਡਰ ਸ੍ਰੀਮਤੀ ਸਰੀਤਾ ਸ਼ਰਮਾ ਵੀ ਮੋਜੂਦ ਰਹੇ।
ਦੀਵਾਨ ਨੇ ਕਿਹਾ ਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਹੇਠਾਂ ਕਾਨੂੰਨ-ਵਿਵਸਥਾ ਦੀ ਸਥਿਤੀ ਬੇਹੱਦ ਖਰਾਬ ਹੋ ਗਈ ਹੈ ਤੇ ਪੰਜਾਬ ਦੀ ਅਰਥ ਵਿਵਸਥਾ ਡਗਮਗਾਈ ਹੋਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨਸ਼ਾ ਮੁਕਤ ਪੰਜਾਬ ਦੇ ਝੂਠੇ ਦਾਅਵੇ ਕਰ ਰਹੀ ਹੈ, ਜਦਕਿ ਹਕੀਕਤ ਵਿੱਚ ਨਸ਼ੇ ਦੀ ਸਮੱਸਿਆ ਹੋਰ ਗੰਭੀਰ ਬਣ ਚੁੱਕੀ ਹੈ। ਇਸ ਤਰ੍ਹਾਂ, ਉਹਨਾਂ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਵੀ ਸਰਕਾਰ ਨੂੰ ਘੇਰਿਆ ਅਤੇ ਕਿਹਾ ਕਿ ਸਰਕਾਰ ਸਿਰਫ ਖੋਖਲੇ ਦਾਅਵੇ ਕਰਨ ਤੇ ਲੱਗੀ ਹੋਈ ਹੈ।
ਉਹਨਾਂ ਨੇ ਕਿਹਾ ਕਿ ਤਰਨਤਾਰਨ ਦੀਆਂ ਜਿਮਨੀ ਚੋਣਾਂ ਸੂਬੇ ਤੋਂ ਆਪ ਸਰਕਾਰ ਦੇ ਅੰਤ ਦੀ ਸ਼ੁਰੂਆਤ ਹਨ।