ਅੰਮ੍ਰਿਤਸਰ- ਸ਼ੋ੍ਰਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਅੱਜ 3 ਨਵੰਬਰ ਨੂੰ ਹੋਣ ਜਾ ਰਹੇ ਜਰਨਲ ਇਜਲਾਸ ਵਿਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸ਼ੋ੍ਰਮਣੀ ਅਕਾਲੀ ਦਲ ਵਲੋ ਪਾਰਟੀ ਦੇ ਉਮੀਦਵਾਰ ਹੋਣਗੇ। ਅੱਜ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ ਸੁਖਬੀਰ ਸਿੰਘ ਬਾਦਲ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਨਾਲ ਸਬੰਧਤ ਸ਼ੋ੍ਰਮਣੀ ਕਮੇਟੀ ਮੈਂਬਰਾਂ ਨਾਲ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਮੀਟਿੰਗ ਕੀਤੀ। ਕਰੀਬ ਇਥ ਘੰਟਾ ਚਲੀ ਇਸ ਮੀਟਿੰਗ ਵਿਚ ਸ੍ਰ ਬਾਦਲ ਨੇ ਇਕਲੇ ਇਕਲੇ ਮੈਂਬਰ ਦੀ ਰਾਏ ਜਾਣੀ।

ਇਸ ਤੋ ਬਾਅਦ ਉਨਾਂ ਪਾਰਟੀ ਵਲੋ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਨਾਮ ਬਤੌਰ ਉਮੀਦਵਾਰ ਐਲਾਨ ਕੀਤਾ। ਪੱਤਰਕਾਰਾਂ ਨਾਲ ਗਲ ਕਰਦਿਆਂ ਸ੍ਰ ਬਾਦਲ ਨੇ ਕਿਹਾ ਕਿ ਸ਼ੋ੍ਰਮਣੀ ਕਮੇਟੀ ਪ੍ਰਧਾਨ, ਬਾਕੀ ਆਹੁਦੇਦਾਰਾਂ ਤੇ ਅੰਤ੍ਰਿੰਗ ਕਮੇਟੀ ਮੈਂਬਰਾਂ ਦੀ ਹੋਣ ਵਾਲੀ ਚੋਣ ਤੋ ਪਹਿਲਾਂ ਅਸੀ ਇਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਮੀਟਿੰਗ ਕਰਦੇ ਹਾਂ। ਸਾਰੇ ਮੈਂਬਰਾਂ ਨਾਲ ਵਿਚਾਰ ਕੀਤੀ ਤੇ ਅੱਜ ਐਲਾਨ ਕੀਤਾ ਹੈ ਕਿ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਲਈ ਪਾਰਟੀ ਵਲੋ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਉਮੀਦਵਾਰ ਹੋਣਗੇ।ਇਸ ਮੌਕੇ ਤੇ ਪੱਤਰਕਾਰਾਂ ਨਾਲ ਗਲ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਦੇ ਨਾਲ- ਨਾਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਮੇਤ ਪਾਰਟੀ ਲੀਡਰਸ਼ਿਪ ਅਤੇ ਸ਼੍ਰੋਮਣੀ ਕਮੇਟੀ ਦੇ ਸਮੂਹ ਮੈਂਬਰਾਂ ਦਾ ਧੰਨਵਾਦ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰੂ ਸਾਹਿਬ ਦੀ ਬਖ਼ਸ਼ਿਸ਼ ਅਤੇ ਮੈਂਬਰ ਸਾਹਿਬਾਨ ਦੇ ਸਹਿਯੋਗ ਨਾਲ ਉਹ ਬੀਤੇ 4 ਸਾਲਾਂ ਤੋਂ ਸੇਵਾ ਨਿਭਾਅ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਲੀਡਰਸ਼ਿਪ ਵੱਲੋਂ ਮੁੜ ਉਨ੍ਹਾਂ ਵਿਚ ਭਰੋਸਾ ਪ੍ਰਗਟ ਕਰਨਾ ਜਿਥੇ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ, ਉਥੇ ਹੀ ਉਨ੍ਹਾਂ ਦੀਆਂ ਜ਼ੁੰਮੇਵਾਰੀਆਂ ਵਿਚ ਹੋਰ ਵਾਧਾ ਵੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਆਸ਼ੀਰਵਾਦ ਸਦਕਾ ਉਹ ਹਮੇਸ਼ਾ ਹੀ ਪੰਥਕ ਭਾਵਨਾਵਾਂ ਦੀ ਤਰਜ਼ਮਾਨੀ ਕਰਨ ਲਈ ਯਤਨਸ਼ੀਲ ਰਹਿਣਗੇ।